ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਅਤੇ ਉਸ ਦੇ ਕਰਿੰਦੇ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਰਜਿਸਟਰਡ ਪਲਾਟ ਦਾ ਰਿਕਾਰਡ ਦੇਣ ਬਦਲੇ ਮੰਗੇ ਸਨ 5,000 ਰੁਪਏ
ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਵਲੋਂ ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਢੰਡਾਰੀ ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਮਨਦੀਪ ਸਿੰਘ ਅਤੇ ਇੱਕ ਪ੍ਰਾਈਵੇਟ ਵਿਅਕਤੀ ਸੋਨੀ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਮਨਦੀਪ ਸਿੰਘ ਨੂੰ ਦਲਜੀਤ ਸਿੰਘ ਵਾਸੀ ਕਬੀਰ ਨਗਰ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਗਾਇਆ ਹੈ ਕਿ ਉਸ ਦੀ ਮਾਤਾ ਦੇ ਨਾਂ 'ਤੇ ਰਜਿਸਟਰਡ ਪਲਾਟ ਦਾ ਰਿਕਾਰਡ ਦੇਣ ਬਦਲੇ ਉਕਤ ਪਟਵਾਰੀ ਅਤੇ ਉਸ ਦਾ ਕਾਰਿੰਦਾ 5,000 ਰੁਪਏ ਰਿਸ਼ਵਤ ਦੀ ਮੰਗ ਕਰ ਰਹੇ ਹਨ। ਉਸ ਨੇ ਅੱਗੇ ਦੱਸਿਆ ਕਿ ਉਹ ਦੋਸ਼ੀ ਵਿਚੋਲੇ ਨੂੰ ਪਹਿਲੀ ਕਿਸ਼ਤ ਵਜੋਂ 1000 ਰੁਪਏ ਪਹਿਲਾਂ ਹੀ ਰਿਸ਼ਵਤ ਦੇ ਚੁੱਕਾ ਹੈ।
ਸ਼ਿਕਾਇਤਕਰਤਾ ਦੀ ਇਸ ਸੂਚਨਾ ਦੀ ਤਸਦੀਕ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਅਤੇ ਉਸ ਦੇ ਵਿਚੋਲੇ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ, ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।