1512 ਕਿੱਲੋ ਹੈਰੋਇਨ ਸਮੇਤ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

‘ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 8 ਮਹੀਨੇ

More than 34,000 drug smugglers arrested with 1512 kg heroin

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਜਾਰੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ ਅੱਠ ਮਹੀਨੇ ਪੂਰੇ ਹੋ ਗਏ ਹਨ, ਜਿਸ ਤਹਿਤ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 23,164 ਐਫਆਈਆਰ ਦਰਜ ਕਰਕੇ 34,727 ਨਸ਼ਾ ਤਸਕਰਾਂ ਨੂੰ 1512 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਇਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ। 

1512 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੰਜਾਬ ਪੁਲਿਸ ਨੇ ਹੁਣ ਤੱਕ 533 ਕਿਲੋ ਅਫੀਮ, 260 ਕੁਇੰਟਲ ਭੁੱਕੀ, 35 ਕਿਲੋ ਚਰਸ, 523 ਕਿਲੋ ਗਾਂਜਾ, 15 ਕਿਲੋ ਆਈਸੀਈ, 39 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 13.45 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

ਪੰਜਾਬ ਪੁਲਿਸ ਨੇ ਇਸ ਜੰਗ ਦੇ 245ਵੇਂ ਦਿਨ 43 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 4.6 ਕਿਲੋ ਹੈਰੋਇਨ, 298 ਨਸ਼ੀਲੀਆਂ ਗੋਲੀਆਂ ਅਤੇ 12,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ

ਇਸ ਆਪ੍ਰੇਸ਼ਨ ਦੌਰਾਨ 45 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 215 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ 39 ਐਫ.ਆਈ.ਆਰ. ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 228 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 22 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।