ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗਵਰਨਰ ਨੇ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ

Bikram Singh Majithia's growing difficulties

ਚੰਡੀਗੜ੍ਹ: ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਗਵਰਨਰ ਵੱਲੋਂ ਕੇਸ ਚਲਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕਿਸੇ ਵੀ ਸਾਬਕਾ ਮੰਤਰੀ ਖਿਲਾਫ਼ ਕੇਸ ਚਲਾਉਣ ਲਈ ਗਵਰਨਰ ਦੀ ਮਨਜ਼ੂਰੀ ਜ਼ਰੂਰੀ ਹੁੰਦੀ ਹੈ। ਮੋਹਾਲੀ ਦੀ ਅਦਾਲਤ ਵਿੱਚ ਪਹਿਲਾਂ ਹੀ ਵਿਜੀਲੈਂਸ ਚਲਾਨ ਪੇਸ਼ ਕਰ ਚੁੱਕੀ ਹੈ। ਚਲਾਨ ਪੇਸ਼ ਹੋਣ ਤੋਂ ਬਾਅਦ ਗਵਰਨਰ ਪੰਜਾਬ ਵੱਲੋਂ ਕੇਸ ਚਲਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ।

ਇਹ ਪ੍ਰਵਾਨਗੀ, ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 19 ਅਧੀਨ ਜਾਰੀ ਕੀਤੀ ਗਈ ਹੈ। 8 ਸਤੰਬਰ ਨੂੰ ਪੰਜਾਬ ਕੈਬਨਿਟ ਵੱਲੋਂ ਕੀਤੀ ਗਈ ਸਿਫ਼ਾਰਸ਼ ਤੋਂ ਬਾਅਦ ਇਹ ਪ੍ਰਵਾਨਗੀ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਮਜੀਠੀਆ 'ਤੇ 700 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਰੱਖਣ ਦਾ ਦੋਸ਼ ਹੈ, ਜੋ ਕਿ ਉਸ ਦੀ ਐਲਾਨੀ ਆਮਦਨ ਤੋਂ ਲਗਭਗ 1200% ਵੱਧ ਹੈ।

ਮਜੀਠਾ ਤੋਂ ਤਿੰਨ ਵਾਰ ਵਿਧਾਇਕ ਰਹੇ ਮਜੀਠੀਆ ਨੂੰ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਰਿਹਾਇਸ਼ ਅਤੇ 25 ਹੋਰ ਥਾਵਾਂ 'ਤੇ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਨੇ ਕਾਰਵਾਈ ਦੌਰਾਨ ਡਿਜੀਟਲ ਡਿਵਾਈਸਾਂ, ਜਾਇਦਾਦ ਦੇ ਦਸਤਾਵੇਜ਼ ਅਤੇ ਵਿੱਤੀ ਰਿਕਾਰਡ ਜ਼ਬਤ ਕੀਤੇ ਸਨ।