ਤੁਸੀ ਕਿਸਾਨਾਂ ਦੀ ਗੱਲ ਕਿਉਂ ਨਹੀਂ ਸੁਣ ਰਹੇ?

ਏਜੰਸੀ

ਖ਼ਬਰਾਂ, ਪੰਜਾਬ

ਤੁਸੀ ਕਿਸਾਨਾਂ ਦੀ ਗੱਲ ਕਿਉਂ ਨਹੀਂ ਸੁਣ ਰਹੇ?

image

ਡੇਰਾ ਬਾਬਾ ਨਾਨਕ, 30 ਨਵੰਬਰ (ਹੀਰਾ ਸਿੰਘ ਮਾਂਗਟ) :  ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਖੇਤੀ ਮਾਰੂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਅੜੀਅਲ ਰਵਈਆ ਕਿਉਂ ਅਪਣਾ ਰਹੀ ਹੈ ਅਤੇ ਉਨ੍ਹਾਂ ਦੀ ਗੱਲ ਕਿਉਂ ਨਹੀਂ ਸੁਣੀ ਜਾ ਰਹੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਗੱਲ ਸੁਣਨਾ ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਅਨੇਕਾਂ ਸੂਬਿਆਂ ਦੇ ਕਿਸਾਨ ਕੇਂਦਰ ਸਰਕਾਰ ਦੇ ਖੇਤੀ ਸਬੰਧੀ ਕਾਨੂੰਨਾਂ ਵਿਰੁਧ ਰੋਸ ਪ੍ਰਦਰਸ਼ਨਾਂ ਵਿਚ ਤਿੱਖਾ ਸੰਘਰਸ਼ ਕਰ ਰਹੇ ਹਨ ਤਾਂ ਲਾਜ਼ਮੀ ਹੈ ਕਿ ਉਹ ਇਨ੍ਹਾਂ ਕਾਨੂੰਨਾਂ ਕਾਰਨ ਚਿੰਤਾ ਵਿਚ ਹਨ। ਉਨ੍ਹਾਂ ਅਪਣੀ ਸਰਕਾਰ ਦੀ ਕਿਸਾਨਾਂ ਦੇ ਹੱਕ ਵਿਚ ਡਟ ਕੇ ਖੜੇ ਰਹਿਣ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ। ਘੱਟੋ ਘੱਟ ਖ਼ਰੀਦ ਮੁੱਲ ਤੇ ਆੜ੍ਹਤੀ ਵਿਵਸਥਾ ਨੂੰ ਪੰਜਾਬ ਦੇ ਸਫ਼ਲ ਖੇਤੀ ਮਾਡਲ ਦਾ ਅਧਾਰ ਦਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਤੇ ਆੜ੍ਹਤੀਆਂ ਵਿਚਕਾਰ ਗਹਿਰਾ ਰਿਸ਼ਤਾ ਹੈ, ਜਿਸ ਕਰ ਕੇ ਅਜਿਹੀ ਸੁਚੱਜੀ ਵਿਵਸਥਾ ਨੂੰ ਤਬਦੀਲ ਕਰਨ ਦੀ ਕੀ ਲੋੜ ਹੈ? ਉਨ੍ਹਾਂ ਕਿਹਾ ਕਿ ਕੀ ਆੜ੍ਹਤੀਆਂ ਦੀ ਥਾਂ ਲੈਣ ਵਾਲੇ ਕਾਰਪੋਰੇਟ ਘਰਾਣੇ ਔਖੀ ਘੜੀ ਵਿਚ ਕਿਸਾਨਾਂ ਦੀ ਬਾਂਹ ਫੜਨਗੇ?


ਕੈਪਟਨ ਨੇ ਕਿਹਾ ਕਿ ਗੁਰੂ ਸਾਹਿਬ ਵਲੋਂ ਛੋਟੇ ਕਿਸਾਨਾਂ ਨੂੰ ਖ਼ਾਸ ਮਹੱਤਤਾ ਦਿਤੀ ਗਈ ਸੀ ਅਤੇ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਨਾਲ ਛੋਟੇ ਤੇ ਸੀਮਾਂਤ ਕਿਸਾਨਾਂ ਰੁਲ ਜਾਣਗੇ। ,ਕਰਤਾਰਪੁਰ ਲਾਂਘੇ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਲਈ ਇਹ ਸਹੀ ਸਮਾਂ ਹੈ ਕਿ ਇਸ ਨੂੰ ਦੁਬਾਰਾ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ ਇਸ ਨੂੰ ਖੋਲ੍ਹ ਸਕਦਾ ਹੈ ਤਾਂ ਅਸੀਂ ਕਿਉਂ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਇਹ ਸਮਝ ਨਹੀਂ ਆ ਰਹੀ ਕਿ ਕੇਂਦਰ ਸਰਕਾਰ ਇਸ ਕਾਰੀਡੋਰ ਨੂੰ ਖੋਲ੍ਹ ਕਿਉਂ ਨਹੀਂ ਰਹੀ।


ਬਾਬੇ ਨਾਨਕ ਦੇ ਰੰਗ 'ਚ ਰੰਗਿਆ ਗਿਆ ਸੁਲਤਾਨਪੁਰ ਲੋਧੀ
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 551ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ 'ਚ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜੇ। ਅੱਜ ਪੂਰਾ ਸੁਲਤਾਨਪੁਰ ਲੋਧੀ ਗੁਰੂ ਨਾਨਕ ਸਾਹਿਬ ਦੇ ਰੰਗ 'ਚ ਰੰਗਿਆ ਹੋਇਆ ਸੀ।
ਇਸ ਮੌਕੇ ਪ੍ਰਸ਼ਾਸਨ ਵਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਥੇ ਹੀ ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਦਿਤੀਆਂ ਗਈਆਂ ਹਦਾਇਤਾਂ ਦੀ ਵੀ ਪਾਲਣਾ ਕੀਤੀ ਜਾ ਰਹੀ ਸੀ।

ਕੈਪਟਨ ਅਮਰਿੰਦਰ ਸਿੰਘ ਤੇ ਪ੍ਰਨੀਤ ਕੌਰ ਹੋਏ ਨਤਮਸਤਕ
ਅੱਜ ਇਸ ਖ਼ਾਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ਗੁਰਦਵਾਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਨਾਲ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਹੋਰ ਵਿਧਾਇਕ ਵੀ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦਾ ਸਨਮਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ, ਜਥੇਦਾਰ ਸਰਵਣ ਸਿੰਘ ਕੁਲਾਰ, ਮੈਨੇਜਰ ਬੇਰ ਸਾਹਿਬ ਜਰਨੈਲ ਸਿੰਘ ਬੂਲੇ ਅਤੇ ਹੈੱਡ ਗ੍ਰੰਥੀ ਗਿਆਨੀ ਗੁਰਪ੍ਰੀਤ ਸਿੰਘ ਨੇ ਸਿਰੋਪਾਉ ਦੇ ਕੇ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿਤੀ ਅਤੇ ਗੁਰੂ ਨਾਨਕ ਸਾਹਿਬ ਜੀ ਦੀਆਂ ਸਿਖਿਆਵਾਂ 'ਤੇ ਅਮਲ ਕਰਨ ਦੀ ਪ੍ਰੇਰਨਾ ਦਿਤੀ। ਅੱਜ ਇਸ ਮੌਕੇ ਧਾਰਮਕ ਦੀਵਾਨ ਸਜਾਏ ਗਏ। ਸਮਾਗਮ ਵਿਚ ਰਾਗੀ, ਢਾਡੀ, ਕਵੀਸ਼ਰੀ ਅਤੇ ਕਵੀਆਂ ਨੇ ਹਾਜ਼ਰੀ ਭਰੀ।

ਬੀਬੀ ਜਗੀਰ ਕੌਰ ਨੇ ਵੀ ਲਵਾਈ ਹਾਜ਼ਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤੀਜੀ ਵਾਰ ਪ੍ਰਧਾਨ ਚੁਣੀ ਗਈ ਬੀਬੀ ਜਗੀਰ ਕੌਰ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਨਤਮਸਤਕ ਹੋਈ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।