ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਚੰਨੀ ਨੂੰ ਦਿਤੀ ਚੁਣੌਤੀ

ਏਜੰਸੀ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਚੰਨੀ ਨੂੰ ਦਿਤੀ ਚੁਣੌਤੀ

image


5-5 ਮਰਲੇ ਦੇ ਪਲਾਟ ਅਤੇ ਡਿਊਟੀ ਸਮੇਂ ਮਰਨ ਵਾਲਿਆਂ ਨੂੰ  1-1 ਕਰੋੜ ਰੁਪਏ ਦੇਵੇ ਸਰਕਾਰ : ਰਾਘਵ ਚੱਢਾ
ਚੰਡੀਗੜ੍ਹ, 30 ਨਵੰਬਰ (ਅੰਕੁਰ ਤਾਂਗੜੀ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਜਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ  ਚੁਣੌਤੀ ਦਿਤੀ ਹੈ ਕਿ ਅਨੁਸੂਚਿਤ ਜਾਤੀਆਂ (ਐਸ.ਸੀ ਵਰਗ) ਦੇ ਪਰਵਾਰਾਂ ਨੂੰ  5-5 ਮਰਲਿਆਂ ਦੇ ਪਲਾਟ ਅਤੇ ਕਰੋਨਾ ਮਹਾਂਮਾਰੀ ਸਮੇਤ ਹੋਰ ਡਿਊਟੀਆਂ ਨਿਭਾਉਂਦਿਆਂ ਜਾਨਾਂ ਵਾਰਨ ਵਾਲੇ ਮੁਲਾਜ਼ਮਾਂ ਖ਼ਾਸ ਕਰ ਕੇ ਦਲਿਤ ਵਰਗ ਦੇ ਮੁਲਾਜ਼ਮਾਂ 1-1 ਕਰੋੜ ਰੁਪਏ ਦੀ ਆਰਥਕ ਮਦਦ ਤੁਰਤ ਦੇਣ | ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਚੰਨੀ ਅਜਿਹਾ ਨਹੀਂ ਕਰਦੇ ਤਾਂ 2022 ਦੀਆਂ ਚੋਣਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਪੰਜਾਬ 'ਚ ਸਰਕਾਰ ਬਣਾ ਕੇ ਅਰਵਿੰਦ ਕੇਜਰੀਵਾਲ ਐਸ.ਸੀ ਵਰਗ ਦੇ ਪਰਵਾਰਾਂ ਨੂੰ  5-5 ਮਰਲਿਆਂ ਦੇ ਪਲਾਟ ਅਤੇ ਨੌਕਰੀਆਂ ਦੌਰਾਨ ਹੋਣ ਸ਼ਹੀਦ ਹੋਣ ਵਾਲੇ ਸਾਰੇ ਮੁਲਾਜ਼ਮਾਂ ਨੂੰ  1-1 ਕਰੋੜ ਰੁਪਏ ਦੀ ਆਰਥਕ ਮਦਦ ਦੇਣਗੇ | ਮੰਗਲਵਾਰ ਨੂੰ  ਪਾਰਟੀ ਮੁੱਖ ਦਫ਼ਤਰ ਵਿਖੇ 'ਆਪ' ਆਗੂ ਰਾਘਵ ਚੱਢਾ ਇਕ ਪ੍ਰੈਸ ਕਾਨਫ਼ਰੰਸ ਨੂੰ  ਸੰਬੋਧਨ ਕਰ ਰਹੇ ਸਨ ਅਤੇ ਇਸ ਮੌਕੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ
ਪਾਰਟੀ ਦੇ ਬੁਲਾਰੇ ਨੀਲ ਗਰਗ ਵੀ ਮੌਜੂਦ ਸਨ | ਪ੍ਰੈੱਸ ਕਾਨਫ਼ਰੰਸ ਨੂੰ  ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਕਿਹਾ, ''ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਸ.ਸੀ ਵਰਗ ਦੇ ਹਮਦਰਦ ਹੋਣ ਦਾ ਡਰਾਮਾ ਕਰਦੇ ਹਨ, ਕਿਉਂਕਿ ਮੁੱਖ ਮੰਤਰੀ ਨੇ ਨਾ ਤਾਂ ਐਸ.ਸੀ ਵਰਗ ਦੇ ਮੁਲਾਜ਼ਮਾਂ ਨੂੰ  1-1 ਕਰੋੜ ਰੁਪਏ ਦੀ ਆਰਥਕ ਮਦਦ ਦਿਤੀ ਅਤੇ ਨਾ ਹੀ ਐਸ.ਸੀ ਵਰਗ ਦੇ ਪਰਵਾਰਾਂ ਨੂੰ  5-5 ਮਰਲਿਆਂ ਦੇ ਪਲਾਟ ਦਿਤੇ ਹਨ, ਜਦਕਿ ਕਾਂਗਰਸ ਪਾਰਟੀ ਨੇ 2017 ਦੀਆਂ ਚੋਣਾਂ ਸਮੇਂ ਅਪਣੇ ਚੋਣ ਮਨੋਰਥ ਪੱਤਰ 'ਚ ਪਲਾਟ ਦੇਣ ਦਾ ਵਾਅਦਾ ਕੀਤਾ ਸੀ |'' ਰਾਘਵ ਚੱਢਾ ਨੇ ਦੋਸ਼ ਲਾਇਆ, ''ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਸ.ਸੀ. ਵਰਗ ਨੂੰ  ਇਕ ਵੋਟ ਵਜੋਂ ਹੀ ਵਰਤ ਰਹੇ ਹਨ, ਪਰ ਇਸ ਵਰਗ ਦੀ ਤਰੱਕੀ ਲਈ ਕੋਈ ਕੰਮ ਨਹੀਂ ਕਰ ਰਹੇ | ਜਦਕਿ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਸਮਰਪਤ ਭਾਵਨਾ ਨਾਲ ਐਸ.ਸੀ. ਵਰਗ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕੰਮ ਕਰ ਰਹੇ ਹਨ | ਇਸੇ ਕਾਰਨ ਕਿਹਾ ਜਾਂਦਾ ਹੈ ਕਿ 'ਬਾਬਾ ਸਾਹਿਬ ਤੇਰਾ ਸੁਪਨਾ ਅਧੂਰਾ, ਕੇਜਰੀਵਾਲ ਕਰੇਗਾ ਪੂਰਾ |''
ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੇ ਐਸ.ਸੀ. ਵਰਗ ਨੂੰ  ਕੇਵਲ ਵੋਟ ਬੈਂਕ ਵਜੋਂ ਹੀ ਵਰਤਿਆ ਹੈ | ਪੰਜਾਬ 'ਚ ਐਸ.ਸੀ ਵਰਗ ਦੇ ਬੱਚਿਆਂ ਦਾ ਕਰੋੜਾਂ ਰੁਪਇਆ ਦਾ ਵਜ਼ੀਫ਼ਾ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਾ ਗਏ, ਚੰਨੀ ਸਰਕਾਰ ਕਥਿਤ ਦੋਸ਼ੀ ਮੰਤਰੀ ਵਿਰੁਧ ਕਾਰਵਾਈ ਕਰਨ ਦੀ ਥਾਂ ਉਸ ਦਾ ਬਚਾਅ ਕਰ ਰਹੀ ਹੈ | ਚੀਮਾ ਨੇ ਕਿਹਾ ਕਿ ਪੰਜਾਬ 'ਚ ਐਸ.ਸੀ ਵਰਗ ਦੇ ਬੱਚਿਆਂ ਨੂੰ  ਯੂਪੀਐਸਸੀ, ਪੀਪੀਐਸਸੀ ਅਤੇ ਹੋਰ ਮੁਕਾਬਲਿਆਂ ਦੀ ਤਿਆਰੀ ਲਈ ਚਲਾਏ ਜਾਂਦੇ ਸਿਖਲਾਈ ਕੇਂਦਰ ਬੰਦ ਹੋ ਗਏ ਹਨ | ਨਾ ਹੀ 2500 ਰੁਪਏ ਪੈਨਸ਼ਨ ਮਿਲ ਰਹੀ ਹੈ ਅਤੇ ਨਾ ਹੀ 51 ਹਜ਼ਾਰ ਰੁਪਏ ਦਾ ਸ਼ਗਨ ਮਿਲ ਰਿਹਾ ਹੈ | ਇਸ ਲਈ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਐਸ.ਸੀ ਵਰਗ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਚੰਗੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ |