ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਆਪਣੀ ਪਾਰਟੀ ਪ੍ਰਤੀ ਸਖ਼ਤ ਰਵੱਈਆ 

ਏਜੰਸੀ

ਖ਼ਬਰਾਂ, ਪੰਜਾਬ

''ਜੇਕਰ ਹਾਈਕਮਾਨ ਪੰਜਾਬ ਮਾਡਲ ਨੂੰ ਲਾਗੂ ਨਹੀਂ ਕਰਦੀ ਤਾਂ ਨਹੀਂ ਲੜਾਂਗਾ ਚੋਣਾਂ''

Navjot Singh sidhu

ਲੁਧਿਆਣਾ ਵਿਖੇ ਵਪਾਰੀਆਂ ਨਾਲ ਮਿਲਣੀ ਦੌਰਾਨ ਕਿਹਾ -ਪਿਛਲੇ ਸਾਢੇ ਚਾਰ ਸਾਲਾਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਵੀ  ਸਹੀ ਢੰਗ ਨਾਲ ਨਹੀਂ ਹੋਇਆ ਕੰਮ

ਲੁਧਿਆਣਾ : ਪੰਜਾਬ ਵਿਚ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ 2022 ਵਿਚ ਜਿਵੇਂ ਜਿਵੇਂ ਸਮਾਂ ਘੱਟਦਾ ਜਾ ਰਿਹਾ ਹੈ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਆਪਣੀ ਪਾਰਟੀ ਪ੍ਰਤੀ ਰੁਖ਼ ਵੀ ਸਖ਼ਤ ਹੁੰਦਾ ਜਾ ਰਿਹਾ ਹੈ।

ਬੀਤੇ ਦਿਨ ਲੁਧਿਆਣਾ ਵਿਖੇ ਵਪਾਰੀਆਂ ਨਾਲ ਮਿਲਣੀ ਦੌਰਾਨ ਸਿੱਧੂ ਨੇ ਆਪਣੀ ਹੀ ਸਰਕਾਰ ਨੂੰ ਸਪਸ਼ਟ ਕਹਿ ਦਿਤਾ ਹੈ ਕਿ ਜੇਕਰ ਹਾਈਕਮਾਨ ਉਸਦੇ ਪੰਜਾਬ ਮਾਡਲ ਨੂੰ ਲਾਗੂ ਨਹੀਂ ਕਰਦੀ ਤਾਂ ਉਹ ਚੋਣਾਂ ਨਹੀਂ ਲੜੇਗਾ।  ਇੰਨਾ ਹੀ ਨਹੀਂ ਉਨ੍ਹਾਂ ਨੇ ਸਪਸ਼ਟ ਕਹਿ ਦਿੱਤਾ ਹੈ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਉਹ ਕਿਸੇ ਗੱਲ ਲਈ ਜਿੰਮੇਵਾਰ ਨਹੀਂ ਹੋਵੇਗਾ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਨਵਜੋਤ ਸਿੱਧੂ ਆਪਣੀ ਸਰਕਾਰ ਨੂੰ ਨਸ਼ਿਆਂ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ ਰਿਪੋਰਟ ਜਨਤਕ ਨਾ ਕਰਨ ਤੇ ਮਰਨ ਵਰਤ ਦੀ ਧਮਕੀ ਦੇ ਚੁੱਕੇ ਹਨ। ਇੰਨਾ ਹੀ ਨਹੀਂ ਸਗੋਂ ਸਿੱਧੂ ਨੇ ਕਾਰੋਬਾਰੀਆਂ ਨੂੰ ਦੱਸਿਆ ਕਿ ਉਸਦੇ ਪੰਜਾਬ ਮਾਡਲ ਰਾਹੀਂ ਹੀ ਸੂਬਾ ਦੇ ਵਿਕਾਸ ਦਾ ਰਾਹ ਖੁੱਲ ਸਕਦਾ ਤੇ ਆਤਮ ਨਿਰਭਰ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਆਪਣੇ ਦਸ ਸਾਲਾਂ ਵਿੱਚ ਪੰਜਾਬ ਵਿੱਚ ਨਿਵੇਸ਼ ਦੇ ਵੱਡੇ-ਵੱਡੇ ਦਾਅਵਾ ਕੀਤੇ ਪਰ ਇੱਕ ਵੀ ਨਿਵੇਸ਼ ਨਹੀਂ ਹੋਇਆ।

2015 ਦੇ ਨਿਵੇਸ਼ ਸੰਮੇਲਨ ਵਿੱਚ 1 ਲੱਖ 20 ਹਜ਼ਾਰ ਕਰੋੜ ਰੁਪਏ ਦਾ ਵਾਅਦਾ ਕੀਤਾ ਗਿਆ ਸੀ ਪਰ ਸਿਰਫ਼ 6 ਹਜ਼ਾਰ ਕਰੋੜ ਰੁਪਏ ਹੀ ਆ ਸਕੇ। ਪਿਛਲੇ ਸਾਢੇ ਚਾਰ ਸਾਲਾਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਵੀ ਇਹ ਕੰਮ ਸਹੀ ਢੰਗ ਨਾਲ ਨਹੀਂ ਹੋਇਆ।

ਸਿੰਗਲ ਵਿੰਡੋ ਰਾਹੀਂ ਮੁੱਖ ਮੰਤਰੀਆਂ ਨੇ ਸਾਰੇ ਵਿਭਾਗ ਆਪਣੇ ਹੱਥਾਂ ਵਿੱਚ ਰੱਖੇ ਸਨ, ਜਿਨ੍ਹਾਂ ਨੂੰ ਹੁਣ ਬਦਲਿਆ ਜਾਵੇਗਾ। ਸਿੱਧੂ ਨੇ ਵਪਾਰੀਆਂ ਨੂੰ ਵਾਰ-ਵਾਰ ਕਿਹਾ ਕਿ ਉਹ ਪੰਜਾਬ ਮਾਡਲ ਨੂੰ ਸੂਬੇ ਵਿੱਚ ਲਾਗੂ ਕਰਨਗੇ ਅਤੇ ਹਾਈਕਮਾਨ ਤੋਂ ਇਸ ਦੀ ਪ੍ਰਵਾਨਗੀ ਲੈਣਗੇ।