Maharaja Ranjit Singh ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟਾਂ ਨੇ NDA ਤੋਂ ਕੀਤੀ ਗ੍ਰੈਜੂਏਸ਼ਨ
ਚੀਫ਼ ਆਫ਼ ਨੇਵਲ ਸਟਾਫ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ ਨੇ ਪਾਸਿੰਗ ਆਊਟ ਪਰੇਡ ਦਾ ਕੀਤਾ ਨਿਰੀਖਣ
ਚੰਡੀਗੜ੍ਹ : ਮਹਾਰਾਜਾ ਰਣਜੀਤ ਸਿੰਘ ਆਰਮਡ ਫ਼ੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਐਸ.ਏ.ਐਸ. ਨਗਰ (ਮੋਹਾਲੀ) ਦੇ ਛੇ ਕੈਡਿਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਖੜਕਵਾਸਲਾ, ਪੁਣੇ ਤੋਂ ਗ੍ਰੈਜੂਏਸ਼ਨ ਮੁਕੰਮਲ ਕੀਤੀ ਹੈ । ਚੀਫ਼ ਆਫ਼ ਨੇਵਲ ਸਟਾਫ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ, ਪੀ.ਵੀ.ਐਸ.ਐਮ. ਏ.ਵੀ.ਐਸ.ਐਮ. ਐਨ.ਐਮ. ਨੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ, ਜੋ ਕਿ ਭਾਰਤੀ ਹਥਿਆਰਬੰਦ ਸੈਨਾਵਾਂ ਵਿਚ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਨੌਜਵਾਨ ਅਫ਼ਸਰਾਂ ਲਈ ਇਕ ਮਾਣਮੱਤਾ ਪਲ ਸੀ । ਤਿੰਨ ਸਾਲਾਂ ਦੀ ਸਖ਼ਤ ਸਿਖਲਾਈ ਤੋਂ ਬਾਅਦ ਛੇ ਕੈਡਿਟਾਂ- ਗੁਰਕਰਨ ਸਿੰਘ (ਮੁਹਾਲੀ), ਹਰਮਨਵੀਰ ਸਿੰਘ (ਸ੍ਰੀ ਮੁਕਤਸਰ ਸਾਹਿਬ), ਅਰਜੁਨ ਸਿੰਘ ਤੂਰ (ਲੁਧਿਆਣਾ), ਰਿਦਮ ਮਹਾਜਨ (ਪਠਾਨਕੋਟ), ਅਕਸ਼ਾਂਸ਼ ਅਗਰਵਾਲ (ਸ੍ਰੀ ਫਤਿਹਗੜ੍ਹ ਸਾਹਿਬ) ਅਤੇ ਗੁਰਜੋਤ ਸਿੰਘ (ਸੰਗਰੂਰ) ਹੁਣ ਸਰਵਿਸ ਟਰੇਨਿੰਗ ਅਕੈਡਮੀਆਂ ਵਿਚ ਜਾਣਗੇ, ਜਿੱਥੋਂ ਇੱਕ ਸਾਲ ਵਿਚ ਉਨ੍ਹਾਂ ਦੇ ਕਮਿਸ਼ਨ ਅਫਸਰ ਬਣਨ ਦਾ ਰਾਹ ਪਧਰਾ ਹੋਵੇਗਾ। ਜ਼ਿਕਰਯੋਗ ਹੈ ਕਿ ਇਨ੍ਹਾਂ ਕੈਡਿਟਾਂ ਨੇ ਕੋਵਿਡ-19 ਮਹਾਂਮਾਰੀ ਦੌਰਾਨ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਸਿਖਲਾਈ ਪ੍ਰਾਪਤ ਕੀਤੀ ਸੀ। ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਅਤੇ ਸੂਬੇ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ ।
ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਸ਼ਲਾਘਾਯੋਗ ਨਤੀਜਿਆਂ ’ਤੇ ਖ਼ੁਸ਼ੀ ਪ੍ਰਗਟ ਕੀਤੀ ਅਤੇ ਇਨ੍ਹਾਂ ਨੌਜਵਾਨ ਅਫ਼ਸਰਾਂ ਦੇ ਭਵਿੱਖ ਨੂੰ ਨਵਾਂ ਰੂਪ ਦੇਣ ਵਿਚ ਸੰਸਥਾ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ 15 ਕੈਡਿਟ ਦਸੰਬਰ 2025 ਵਿਚ ਸ਼ੁਰੂ ਹੋਣ ਵਾਲੇ ਕੋਰਸਾਂ ਲਈ ਐਨ.ਡੀ.ਏ. ਅਤੇ ਹੋਰ ਸਿਖਲਾਈ ਅਕੈਡਮੀਆਂ ਵਿਚ ਸ਼ਾਮਲ ਹੋਣ ਲਈ ਕਾਲ-ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ ਅਤੇ 47 ਕੈਡਿਟ ਜਲਦੀ ਅਪਣਾ ਸਰਵਿਸ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਦੇਣਗੇ। ਉਨ੍ਹਾਂ ਕਿਹਾ ਕਿ ਕੈਡਿਟਾਂ ਦੀਆਂ ਪ੍ਰਾਪਤੀਆਂ ਸੰਸਥਾ ਅਤੇ ਪੰਜਾਬ ਦਾ ਮਾਣ ਵਧਾਉਂਦੀਆਂ ਹਨ। ਉਨ੍ਹਾਂ ਦਸਿਆ ਕਿ ਇਸ ਸੰਸਥਾ ਵਿਖੇ ਨਵੇਂ ਕੋਰਸ ਵਿਚ ਦਾਖਲੇ ਲਈ 15 ਦਸੰਬਰ, 2025 ਤਕ ਅਪਲਾਈ ਕੀਤਾ ਜਾ ਸਕਦਾ ਹੈ।