ਮਹਿੰਗਾਈ ਵਿਰੁਧ ਕੇਂਦਰ ਸਰਕਾਰ 'ਤੇ ਵਰ੍ਹੇ ਕਾਂਗਰਸੀ

ਏਜੰਸੀ

ਖ਼ਬਰਾਂ, ਪੰਜਾਬ

ਚੰਡੀਗੜ੍ਹ 'ਚ ਕੀਤਾ ਰੋਸ ਪ੍ਰਦਰਸ਼ਨ

file photo

ਚੰਡੀਗੜ੍ਹ : ਵਧਦੀ ਮਹਿੰਗਾਈ ਦੇ ਮੁੱਦੇ 'ਤੇ ਮੋਦੀ ਸਰਕਾਰ ਨੂੰ ਘੇਰਨ ਲਈ ਕਾਂਗਰਸੀ ਆਗੂਆਂ ਨੇ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਵੀਰਵਾਰ ਨੂੰ ਕਾਂਗਰਸ ਪ੍ਰਧਾਨ ਪ੍ਰਦੀਪ ਛਾਬੜਾ ਦੀ ਅਗਵਾਈ ਹੇਠ ਸੈਕਟਰ-15 ਵਿਖੇ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕਾਂਗਰਸ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਪ੍ਰਦੀਪ ਛਾਬੜਾ ਨੇ ਕਿਹਾ ਕਿ ਜਦੋਂ ਤੋਂ ਕੇਂਦਰ 'ਚ ਭਾਜਪਾ ਦੀ ਸਰਕਾਰ ਬਣੀ ਹੈ, ਉਦੋਂ ਤੋਂ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ। ਮਹਿੰਗਾਈ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  

ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਦੀ ਥਾਂ ਕੇਂਦਰ ਸਰਕਾਰ ਜ਼ਰੂਰੀ ਵਸਤਾਂ ਦੇ ਰੇਟ ਵਧਾ ਕੇ ਲੋਕਾਂ ਨੂੰ ਹੋਰ ਪ੍ਰੇਸ਼ਾਨ ਕਰ ਰਹੀ ਹੈ। ਘਰੇਲੂ ਸਿਲੰਡਰ ਦੀਆਂ ਵੱਧ ਰਹੀਆਂ ਕੀਮਤਾਂ ਕਾਰਨ  ਘਰਾਂ ਦੀਆਂ ਰਸੋਈਆਂ ਦਾ ਬਜਟ ਖ਼ਰਾਬ ਹੋ ਰਿਹਾ ਹੈ।

ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਪਾਣੀ ਦੇ ਰੇਟ ਵਧਾਉਣ ਦੇ ਫ਼ੈਸਲੇ ਦਾ ਵਿਰੋਧ ਕੀਤਾ ਹੈ। ਪ੍ਰਦੀਪ ਛਾਬੜਾ ਨੇ ਕਿਹਾ ਕਿ ਰੇਟ ਵੱਧਣ ਨਾਲ ਹਰ ਘਰ ਦਾ ਬਿੱਲ ਤਿੰਨ ਤੋਂ ਚਾਰ ਗੁਣਾਂ ਤਕ ਵਾਧਾ ਹੋ ਗਿਆ ਹੈ। ਹੁਣ ਹਰ ਸਾਲ ਬਿੱਲ ਵਧਾਉਣ ਦੀਆਂ ਵਿਉਂਤਾਂ ਬਣਾਈਆਂ ਰਹੀਆਂ ਹਨ ਜੋ ਲੋਕਾਂ ਨਾਲ ਸਰਾਸਰ ਧੱਕਾ ਹੈ।

ਇਸ ਮੌਕੇ ਚੰਡੀਗੜ੍ਹ ਕਾਂਗਰਸ ਪ੍ਰਧਾਨ ਪ੍ਰਦੀਪ ਛਾਬੜਾ ਨਾਲ ਚੰਡੀਗੜ੍ਹ ਮਹਿਲਾ ਪ੍ਰਧਾਨ ਦੀਪਾ ਦੂਬੇ, ਕਾਂਗਰਸ ਕੌਂਸਲਰ ਰਾਵਤ ਤੇ ਵਿਨੋਦ ਕੁਮਾਰ ਸਮੇਤ ਵੱਡੀ ਗਿਣਤੀ ਕਾਂਗਰਸੀ ਵਰਕਰ ਹਾਜ਼ਰ ਸਨ।