ਸ਼੍ਰੀ ਫ਼ਤਿਹਗੜ੍ਹ ਸਾਹਿਬ: ਲੋਕ ਇੰਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਨੂੰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵੇ ਦੇ ਖਿਲਾਫ਼ ਕਾਰਵਾਈ ਕਰਨ ਲਈ ਕਿਹਾ ਹੈ। ਬੈਂਸ ਨੇ ਕਿਹਾ ਕਿ ਇਸ ਮਾਮਲੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖਾਮੋਸ਼ੀ ਕਈ ਸਵਾਲ ਪੈਦਾ ਕਰਦੀ ਹੈ।
ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੈਂਸ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਕਾਰਵਾਈ ਕਰਦੇ ਰੰਧਾਵਾ ਦਾ ਅਸਤੀਫਾ ਲੈਣਾ ਚਾਹੀਦਾ ਹੈ ਸੀ ਅਤੇ ਜਾਂਚ ਲਈ ਇੱਕ ਟੀਮ ਬਣਾਉਂਦੇ ਜੇਕਰ ਇਹ ਵੀਡੀਓ ਫਰਜੀ ਨਿਕਲਦੀ ਤਾਂ ਫਿਰ ਰੰਧਾਵਾ ਨੂੰ ਬਹਾਲ ਕਰ ਦਿੱਤਾ ਜਾਂਦਾ।
ਇਸਦੇ ਨਾਲ ਹੀ ਬੈਂਸ ਨੇ ਕੈਪਟਨ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਚਾਇਤੀ ਜ਼ਮੀਨ ‘ਤੇ ਕਬਜਾ ਕਰਨ ਲਈ ਹੀ ਸਰਕਾਰ ਲੈਡ ਬੈਂਕ ਐਕਟ ਲੈ ਕੇ ਆਈ ਹੈ। ਬੈਂਸ ਨੇ ਕਿਹਾ ਕਿ ਇਹ ਪੰਚਾਇਤੀ ਜ਼ਮੀਨ ਕਿਸੇ ਦੇ ਬਾਪ ਦੀ ਨਹੀਂ ਹੈ।
ਉਨ੍ਹਾਂ ਨੇ ਕਿਹਾ ਕਿ ਸੁਖ ਵਿਲਾਸ ਹੋਟਲ ਵੀ ਇਸ ਪੈਟਰਨ ਦੇ ਅਨੁਸਾਰ ਪੰਚਾਇਤੀ ਜ਼ਮੀਨ ‘ਤੇ ਬਣਿਆ ਹੋਇਆ ਹੈ, ਹੁਣ ਕੈਪਟਨ ਸਰਕਾਰ ਵੀ ਉਸੇ ਰਸਤੇ ‘ਤੇ ਚੱਲ ਕੇ ਪੰਚਾਇਤੀ ਜਮੀਨਾਂ ਉੱਤੇ ਕਬਜਾ ਕਰਨਾ ਚਾਹੁੰਦੀ ਹੈ। ਬੈਂਸ ਨੇ ਕਿਹਾ ਕਿ ਉਹ ਇਸ ਐਕਟ ਖਿਲਾਫ ਲੋਕਾਂ ਨੂੰ ਜਾਗਰੂਕ ਕਰਨਗੇ ਜਿਸਦੇ ਨਾਲ ਪੰਜਾਬ ਸਰਕਾਰ ਆਪਣੇ ਮਨਸੂਬਿਆਂ ਉੱਤੇ ਕਾਮਯਾਬ ਨਾ ਹੋ ਸਕੇ।