'ਅਗਾਊਂ ਜ਼ਮਾਨਤ ਰੱਦ ਹੋਣ ਦੇ ਬਾਵਜੂਦ ਚੰਨੀ ਸਰਕਾਰ ਦੇ ਆਸ਼ੀਰਵਾਦ ਨਾਲ ਘੁੰਮ ਰਿਹਾ ਮਜੀਠੀਆ'
'ਨਸ਼ੇ ਦੇ ਕਾਲੇ ਕਾਰੋਬਾਰ ਨੂੰ ਲੈ ਕੇ ਚੰਨੀ ਤੇ ਬਾਦਲਾਂ ਵਿਚਾਲੇ 75-25 ਦੀ ਖੇਡ'
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਸੂਬੇ ਵਿੱਚੋਂ ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਖਤਮ ਕਰਨ ਲਈ ਚੰਨੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਸਿਆਸੀ ਖੇਡ ਖੇਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦੇ ਹੀ, ਸੂਬੇ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਇੱਕ ਕਮਜ਼ੋਰ ਐਫ਼ਆਈਆਰ ਦਰਜ ਕਰਕੇ ਸਿਰਫ਼ 'ਸਿਆਸੀ ਡਰਾਮਾ' ਰਚਿਆ ਹੈ।
ਐਤਵਾਰ ਨੂੰ ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ, ਜਿਸ ਨੇ ਤਿੰਨ ਹਫ਼ਤਿਆਂ ਵਿੱਚ ਪੰਜਾਬ ਵਿੱਚੋਂ ਨਸ਼ਿਆਂ ਦੇ ਕਾਲੇ ਕਾਰੋਬਾਰ ਖਤਮ ਕਰਨ ਦਾ ਵਾਅਦਾ ਕੀਤਾ ਸੀ, ਨੇ ਪਿਛਲੇ ਪੰਜ ਸਾਲਾਂ ਵਿੱਚ ਕੁਝ ਨਹੀਂ ਕੀਤਾ। ਹੁਣ ਜਿਵੇਂ ਹੀ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਚੰਨੀ ਸਰਕਾਰ ਵਲੋਂ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਇੱਕ 'ਸਟੰਟ' ਤਹਿਤ ਨਸ਼ਿਆਂ ਸਬੰਧੀ ਐਫ਼ਆਈਆਰ ਦਰਜ ਕਰਵਾ ਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਅਸਫਲ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਹੀ ਇਸ ਬਾਰੇ ਖਦਸ਼ਾ ਪ੍ਰਗਟ ਕਰ ਚੁੱਕੀ ਹੈ ਕਿ ਪੰਜਾਬ ਦੀ ਚੰਨੀ ਸਰਕਾਰ ਅਤੇ ਅਕਾਲੀ ਦਲ ਬਾਦਲ ਦੇ ਸੁਖਬੀਰ ਸਿੰਘ ਬਾਦਲ ਦਰਮਿਆਨ ਇੱਕ ‘ਗੁਪਤ ਸੌਦੇ’ ਤਹਿਤ ਪੰਜਾਬ ਦੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਐਫ਼ਆਈਆਰ ਦਰਜ ਕੀਤੀ ਜਾਵੇਗੀ, ਪਰ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ। ਰਾਘਵ ਚੱਢਾ ਨੇ ਦੱਸਿਆ ਕਿ ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਲੁਧਿਆਣਾ ਸਿਟੀ ਸੈਂਟਰ ਘੁਟਾਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਭਰਾ ਵੀ ਸ਼ਾਮਲ ਸੀ ਅਤੇ ਚੰਨੀ ਨੇ ਬਾਦਲ ਪਰਿਵਾਰ ਅੱਗੇ 'ਹੱਥ-ਜੋੜਕੇ' ਅਰਜੋਈ ਕਰਕੇ ਆਪਣੇ ਭਰਾ ਨੂੰ ਇਸ ਮਾਮਲੇ ਵਿਚੋਂ ਬਾਹਰ ਕਢਵਾਇਆ ਸੀ।
ਰਾਘਵ ਚੱਢਾ ਨੇ ਇਸ ਗੱਲ 'ਤੇ ਹੈਰਾਨੀ ਜ਼ਾਹਿਰ ਕੀਤੀ ਕਿ ਬਿਕਰਮ ਮਜੀਠੀਆ ਖਿਲਾਫ ਦਰਜ ਐਫ਼ਆਈਆਰ ਅਤੇ ਉਸਤੋਂ ਬਾਅਦ ਅਗਾਊਂ ਜ਼ਮਾਨਤ ਰੱਦ ਹੋਣ ਦੇ ਬਾਵਜੂਦ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਐਫ਼ਆਈਆਰ ਜੋ ਪਿਛਲੇ ਮਹੀਨੇ 20 ਦਸੰਬਰ ਨੂੰ ਦਰਜ ਹੋਈ ਸੀ। ਅੱਜ ਲਗਪਗ ਦੋ ਹਫ਼ਤੇ ਹੋ ਗਏ ਹਨ, ਪਰ ਮਜੀਠੀਆ ਅਗਾਊਂ ਜ਼ਮਾਨਤ ਰੱਦ ਹੋਣ ਦੇ ਬਾਵਜੂਦ ਖੁੱਲ੍ਹੇਆਮ ਘੁੰਮ ਰਿਹਾ ਹੈ। ਉਹਨਾਂ ਦੱਸਿਆ ਕਿ ਨਵੇਂ ਸਾਲ ਦੇ ਮੌਕੇ 'ਤੇ ਸ੍ਰੀ ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਣ ਗਏ ਮਜੀਠੀਆ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।
ਅਗਾਊਂ ਜ਼ਮਾਨਤ ਰੱਦ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਰਾਘਵ ਚੱਢਾ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਇੱਕ ਸਟੈਂਡਰਡ ਆਪ੍ਰੇਸ਼ਨ ਪ੍ਰੋਸੀਜ਼ਰ (ਐਸਓਪੀ) ਲਾਗੂ ਹੈ ਕਿ ਅਗਾਊਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਮੁਲਜ਼ਮ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ, ਪਰ ਪੰਜਾਬ ਵਿੱਚ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿੱਚ ਅਜਿਹਾ ਨਹੀਂ ਕੀਤਾ ਜਾ ਰਿਹਾ। ਅਗਾਊਂ ਜ਼ਮਾਨਤ ਰੱਦ ਕਰਨ ਦਾ ਮਤਲਬ ਹੈ ਕਿ ਮੁਲਜ਼ਮ ਦੀ ਤੁਰੰਤ ਗ੍ਰਿਫ਼ਤਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮਜੀਠੀਆ ਦੀ ਗ੍ਰਿਫ਼ਤਾਰੀ ਨਾ ਹੋਣ ਨਾਲ ਚੰਨੀ ਅਤੇ ਬਾਦਲਾਂ ਵਿਚਕਾਰ ਸਿੱਧੇ ਤੌਰ ਤੇ 'ਅੰਦਰੂਨੀ ਗਠਜੋੜ' ਦਾ ਸੰਕੇਤ ਮਿਲਦਾ ਹੈ।
ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਨੇ ਮਜੀਠੀਆ ਵਿਰੁੱਧ ਕਮਜ਼ੋਰ ਐਫ਼ਆਈਆਰ ਦਰਜ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਰਾਘਵ ਚੱਢਾ ਨੇ ਦੱਸਿਆ ਕਿ ਉਨ੍ਹਾਂ ਨੂੰ ਪੰਜਾਬ ਦੇ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਚੰਨੀ ਸਰਕਾਰ ਨੇ ਸਿਰਫ਼ ਮਜੀਠੀਆ ਖ਼ਿਲਾਫ਼ ਐਫ਼ਆਈਆਰ ਦਰਜ ਕਰਨ ਲਈ ਕਿਹਾ ਗਿਆ ਸੀ, ਗ੍ਰਿਫ਼ਤਾਰ ਕਰਨ ਲਈ ਨਹੀਂ। ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਦੀ ਨਸ਼ਿਆਂ ਦੇ ਕਾਲੇ ਕਾਰੋਬਾਰ ਵਿੱਚ ਪੂਰੀ ਮਿਲੀਭੁਗਤ ਹੈ।
ਦੋਵਾਂ ਵਿੱਚ ਨਸ਼ੇ ਦੇ ਇਸ ਕਾਲੇ ਕਾਰੋਬਾਰ ਵਿੱਚ 75-25 ਦੀ ਖੇਡ ਚੱਲ ਰਹੀ ਹੈ, ਚੰਨੀ ਖ਼ੁਦ ਪੰਜਾਬ ਦੇ ਰੇਤ-ਬਜ਼ਰੀ ਅਤੇ ਮਾਈਨਿੰਗ ਮਾਫੀਆ ਨਾਲ ਮਿਲਿਆ ਹੋਇਆ ਹੈ ਅਤੇ ਪੂਰੀ ਸਾਂਝ ਹੈ। ਉਨ੍ਹਾਂ ਚੰਨੀ ਸਰਕਾਰ ਨੂੰ ਸਵਾਲ ਕੀਤਾ ਕਿ ਪੰਜਾਬ ਵਿੱਚੋਂ ਤਿੰਨ ਹਫ਼ਤਿਆਂ ਵਿੱਚ ਨਸ਼ਿਆਂ ਦਾ ਕਾਰੋਬਾਰ ਖਤਮ ਕਰਨ ਦਾ ਵਾਅਦਾ ਕਰਨ ਵਾਲੀ ਪੰਜਾਬ ਸਰਕਾਰ ਨੇ ਆਪਣੇ ਪਿਛਲੇ 100 ਦਿਨਾਂ ਵਿੱਚ ਇਸ ਬਾਰੇ ਕੀ ਕੀਤਾ ਹੈ। ਰਾਘਵ ਚੱਢਾ ਨੇ ਕਿਹਾ ਕਿ ਚੰਨੀ ਇੱਕ ਵੀ ਅਜਿਹੀ ਥਾਂ ਜਾਂ ਗਲੀ-ਮੁਹੱਲਾ ਦਸ ਦੇਣ, ਜਿੱਥੇ ਨਸ਼ੇ ਦਾ ਕਾਰੋਬਾਰ ਘਟਿਆ ਜਾਂ ਖਤਮ ਹੋਇਆ ਹੋਵੇ। ਉਨ੍ਹਾਂ ਕਿਹਾ ਕਿ ਅੱਜ ਵੀ ਪੰਜਾਬ ਦੇ ਨੌਜਵਾਨਾਂ ਦੀਆਂ ਰਗਾਂ ਵਿੱਚ ਨਸ਼ਾ ਤਾਰਿਆ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਅੱਜ ਤੱਕ ਇੱਕ ਵੀ ਨਸ਼ੇ ਦੇ ਸੌਦਾਗਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਹੁਣ ਚੋਣਾਂ ਨੇੜੇ ਆਉਂਦਿਆਂ ਹੀ ਕਾਂਗਰਸ ਦੀ ਚੰਨੀ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਇੱਕ ‘ਕਮਜ਼ੋਰ’ ਐਫ਼ਆਈਆਰ ਦਰਜ ਕਰਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ।
ਰਾਘਵ ਚੱਢਾ ਨੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਸਭ ਤੋਂ ਪਹਿਲਾਂ ਪੰਜਾਬ 'ਚ ਨਸ਼ੇ ਦੇ ਕਾਰੋਬਾਰ ਨੂੰ ਖਤਮ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਦੇ ਆਦੀ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਸੰਵਾਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਉਨ੍ਹਾਂ ਦਾ ਹੱਥ ਫੜ ਕੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ 'ਚੋਂ ਬਾਹਰ ਕੱਢਿਆ ਜਾਵੇਗਾ। ਇਸ ਮੌਕੇ ਰਾਘਵ ਚੱਢਾ ਦੇ ਨਾਲ ਪਾਰਟੀ ਦੇ ਪੰਜਾਬ ਸੂਬੇ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਅਤੇ ਜਗਤਾਰ ਸਿੰਘ ਸੰਧੇੜਾ ਵੀ ਹਾਜ਼ਰ ਸਨ।