ਕਾਂਗਰਸ ਦੇ ਸੀਨੀਅਰ ਆਗੂ ਦਵਿੰਦਰ ਬਬਲਾ ਪਤਨੀ ਹਰਪ੍ਰੀਤ ਬਬਲਾ ਸਮੇਤ ਭਾਜਪਾ 'ਚ ਸ਼ਾਮਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਹਵਾਲਾ ਦਿੰਦੇ ਹੋਏ ਕਾਂਗਰਸੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਬਬਲਾ ਨੂੰ ਪਾਰਟੀ 'ਚੋਂ ਕੱਢ ਦਿੱਤਾ ਸੀ

Senior Congress leader Davinder Babla joins BJP along with his wife Harpreet Babla

 

ਚੰਡੀਗੜ੍ਹ- ਕਾਂਗਰਸ ਨੂੰ ਅੱਜ ਇਕ ਹੋਰ ਝਟਕਾ ਲੱਗਾ ਹੈ ਕਿਉਂਕਿ ਕਾਂਗਰਸ ਦੇ ਸੀਨੀਅਰ ਆਗੂ ਦਵਿੰਦਰ ਬਬਲਾ ਪਤਨੀ ਹਰਪ੍ਰੀਤ ਬਬਲਾ ਸਮੇਤ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ ਹਨ। ਜਿਨ੍ਹਾਂ ਦਾ ਬੀਜੇਪੀ ਸੰਸਦ ਮੈਂਬਰ ਕਿਰਨ ਖੇਰ ਨੇ ਭਰਵਾਂ ਸਵਾਗਤ ਕੀਤਾ ਹੈ ਤੇ ਇਸ ਸਬੰਧ ਵਿਚ ਇੱਕ ਟਵੀਟ ਵੀ ਕੀਤਾ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਨ੍ਹਾਂ ਨੂੰ ਭਾਜਪਾ 'ਚ ਸ਼ਾਮਲ ਕਰਵਾਇਆ ਹੈ।

ਦਰਅਸਲ ਬੀਤੇ ਦਿਨੀਂ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਹਵਾਲਾ ਦਿੰਦੇ ਹੋਏ ਕਾਂਗਰਸੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਬਬਲਾ ਨੂੰ ਪਾਰਟੀ 'ਚੋਂ ਕੱਢ ਦਿੱਤਾ ਸੀ। ਕਾਂਗਰਸ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਬਬਲਾ ਦੇ ਖ਼ਿਲਾਫ਼ ਨਗਰ ਨਿਗਮ ਦਫ਼ਤਰ 'ਚ ਮਾੜਾ ਵਰਤਾਓ ਕਰਨ ਦੀਆਂ ਸ਼ਿਕਾਇਤਾਂ ਆਈਆਂ ਹਨ, ਜਿਸ ਦੇ ਕਾਰਨ ਇਹ ਕਾਰਵਾਈ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਕੌਂਸਲਰਾਂ ਦੇ ਸਹੁੰ ਚੁੱਕ ਸਮਾਰੋਹ ਦੌਰਾਨ ਦਵਿੰਦਰ ਬਬਲਾ ਅਤੇ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਸੁਭਾਸ਼ ਚਾਵਲਾ ਵਿਚਕਾਰ ਤਕਰਾਰ ਹੋ ਗਈ ਸੀ। ਬਬਲਾ ਨੇ ਦੋਸ਼ ਲਾਇਆ ਸੀ ਕਿ ਸੁਭਾਸ਼ ਚਾਵਲਾ ਦੇ ਕਾਰਨ ਚੰਡੀਗੜ੍ਹ 'ਚ ਕਾਂਗਰਸ ਦਾ ਇਹ ਹਾਲ ਹੋਇਆ ਹੈ। ਚੰਡੀਗੜ੍ਹ 'ਚ ਕਾਂਗਰਸ ਨੂੰ ਖ਼ਤਮ ਕਰਨ ਪਿੱਛੇ ਉਹਨਾਂ ਦਾ ਹੀ ਹੱਥ ਹੈ। ਮਾਮਲਾ ਇੰਨਾ ਵੱਧ ਗਿਆ ਸੀ ਕਿ ਬਬਲਾ ਨੇ ਸੁਭਾਸ਼ ਚਾਵਾਲ ਨੂੰ ਗਾਲ੍ਹ ਤੱਕ ਕੱਢ ਦਿੱਤੀ ਸੀ। ਇਸ ਤੋਂ ਬਾਅਦ ਹੀ ਬਬਲਾ ਅਤੇ ਚਾਵਲਾ ਦੇ ਹਮਾਇਤੀਆਂ ਨੇ ਮਾਮਲਾ ਸ਼ਾਂਤ ਕਰਵਾਇਆ ਅਤੇ ਦੋਹਾਂ ਨੂੰ ਹਮਾਇਤੀ ਦੂਜੇ ਪਾਸੇ ਲੈ ਕੇ ਗਏ ਸਨ।