ਜਲੰਧਰ ’ਚ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਨੇ ਭਾਜਪਾ ਦਫ਼ਤਰ ਦਾ ਕੀਤਾ ਘਿਰਾਉ

ਏਜੰਸੀ

ਖ਼ਬਰਾਂ, ਪੰਜਾਬ

ਜਲੰਧਰ ’ਚ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਨੇ ਭਾਜਪਾ ਦਫ਼ਤਰ ਦਾ ਕੀਤਾ ਘਿਰਾਉ

image

ਜਲੰਧਰ, 2 ਜਨਵਰੀ (ਨਿਰਮਲ ਸਿੰਘ, ਵਰਿੰਦਰ ਸ਼ਰਮਾ) : ਭਾਵੇਂ ਭਾਜਪਾ ਨੇ ਕਿਸਾਨਾਂ ਲਈ ਲਿਆਂਦੇ ਕਾਲੇ ਕਾਨੂੰਨ ਵਾਪਸ ਲੈ ਲਏ ਹਨ ਪਰ ਹੁਣ ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕ ਵੀ ਕੇਂਦਰ ਸਰਕਾਰ ਵਲੋਂ ਬਣਾਏ ਇਕ ਨਿਯਮ ਤੋਂ ਕਾਫ਼ੀ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਇਸ ਕਾਰਨ ਨਵੇਂ ਸਾਲ ਦੇ ਪਹਿਲੇ ਦਿਨ ਜਲੰਧਰ ਪੁੱਜੇ ਵੱਡੀ ਗਿਣਤੀ ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਨੇ ਭਾਜਪਾ ਦੇ ਨਵੇਂ ਬਣੇ ਦਫ਼ਤਰ ਦਾ ਘਿਰਾਉ ਕੀਤਾ। ਇਸ ਦੌਰਾਨ ਅਧਿਆਪਕਾਂ ਨੂੰ ਪੁਲਿਸ ਨੇ ਬੈਰੀਕੇਡ ਲਾ ਕੇ ਰੋਕ ਲਿਆ ਅਤੇ ਇਨ੍ਹਾਂ ਅਧਿਆਪਕਾਂ ਦੀ ਪੁਲਿਸ ਨਾਲ ਹੱਥੋਪਾਈ ਵੀ ਹੋਈ। ਅਖੀਰ ਇਨ੍ਹਾਂ ਅਧਿਆਪਕਾਂ ਦੀ ਗੱਲ ਭਾਜਪਾ ਦੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਸੁਣੀ। 
ਅਧਿਆਪਕਾਂ ਨੇ ਦੋਸ਼ ਲਾਇਆ ਸੀ ਕਿ ਕੇਂਦਰ ਸਰਕਾਰ ਦੇ ਕਹਿਣ ’ਤੇ ਐਨ.ਸੀ.ਟੀ.ਈ. ਵਲੋਂ 2018 ’ਚ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਸਬੰਧੀ ਨਵਾਂ ਨਿਯਮ ਬਣਾਇਆ ਗਿਆ ਸੀ। ਜਿਸ ਤਹਿਤ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ’ਚ ਬੀ.ਐਡ ਉਮੀਦਵਾਰਾਂ ਨੂੰ ਵੀ ਬਰਾਬਰ ਦੇ ਯੋਗ ਕਰਾਰ ਦਿਤਾ ਗਿਆ ਸੀ। ਜਿਸ ਕਾਰਨ ਕਰੀਬ 10 ਹਜ਼ਾਰ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਅਦਾਲਤੀ ਕੇਸਾਂ ’ਚੋਂ ਲੰਘ ਰਹੀ ਹੈ। ਅਧਿਆਪਕਾਂ ਨੇ ਕਿਹਾ ਕਿ ਰਾਜਸਥਾਨ ਹਾਈ ਕੋਰਟ ਵਲੋਂ ਇਸ ਸਬੰਧੀ ਫ਼ੈਸਲਾ ਈ.ਟੀ.ਟੀ. ਅਧਿਆਪਕਾਂ ਦੇ ਹੱਕ ’ਚ ਆਇਆ ਹੈ ਪਰ ਕੇਂਦਰ ਸਰਕਾਰ ਵਲੋਂ ਇਸ ਬਾਰੇ ਵੀ ਕੋਈ ਗੌਰ ਨਹੀਂ ਕੀਤਾ ਜਾ ਰਿਹਾ ਅਤੇ ਇਸ ਨਿਯਮ ਨੂੰ ਖ਼ਤਮ ਨਹੀਂ ਕੀਤਾ ਜਾ ਰਿਹਾ।
ਕੇਂਦਰੀ ਕੈਬਨਿਟ ਮੰਤਰੀ ਗਜੇਂਦਰ ਸ਼ੇਖਾਵਤ ਵਲੋਂ ਅਧਿਆਪਕਾਂ ਨੂੰ ਜਲਦੀ ਹੀ ਕੇਂਦਰੀ ਸਿਖਿਆ ਮੰਤਰੀ ਧਰਮਿੰਦਰ ਪ੍ਰਧਾਨ ਨਾਲ ਮੀਟਿੰਗ ਤੈਅ ਕਰਵਾਉਣ ਦਾ ਭਰੋਸਾ ਦਿਤਾ ਗਿਆ। ਬੇਰੁਜ਼ਗਾਰ ਅਧਿਆਪਕਾਂ ਨੇ ਚਿਤਾਵਨੀ ਦਿਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵਲ ਗੌਰ ਨਾ ਕੀਤਾ ਗਿਆ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।