ਹਾਈ ਕੋਰਟ ਨੇ ਅੰਮ੍ਰਿਤਪਾਲ ਖ਼ਿਲਾਫ਼ ਦਰਜ ਸਾਰੀਆਂ FIRs ਮੰਗੀਆਂ, 17 ਫ਼ਰਵਰੀ ਤੱਕ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡਿਬਰੂਗੜ੍ਹ ਜੇਲ ਵਿੱਚ ਬੰਦ ਹੈ ਅੰਮ੍ਰਿਤਪਾਲ

The High Court sought all the FIRs filed against Amritpal News in punjabi

ਪੰਜਾਬ-ਹਰਿਆਣਾ ਹਾਈ ਕੋਰਟ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਦਰਜ ਸਾਰੀਆਂ ਐਫ਼ਆਈਆਰਜ਼ ਬਾਰੇ ਪੂਰੀ ਜਾਣਕਾਰੀ ਮੰਗੀ ਹੈ। ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਡਿਬਰੂਗੜ੍ਹ ਜੇਲ ਵਿੱਚ ਬੰਦ ਹਨ। ਹਾਈ ਕੋਰਟ ਨੇ ਅੰਮ੍ਰਿਤਸਰ ਅਤੇ ਮੋਗਾ ਦੇ ਜ਼ਿਲ੍ਹਾ ਮੈਜਿਸਟਰੇਟਾਂ (ਡੀਐਮ) ਨੂੰ ਇਸ ਸਬੰਧ ਵਿੱਚ 17 ਫ਼ਰਵਰੀ ਤੱਕ ਅਦਾਲਤ ਵਿੱਚ ਪੂਰੀ ਜਾਣਕਾਰੀ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਮਾਮਲਾ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਖ਼ਿਲਾਫ਼ ਦਰਜ ਕੇਸਾਂ ਦੀ ਪਾਰਦਰਸ਼ਤਾ ਨਾਲ ਸਬੰਧਤ ਹੈ।

ਹਾਈ ਕੋਰਟ ਦੇ ਇਸ ਹੁਕਮ ਤੋਂ ਬਾਅਦ ਪ੍ਰਸ਼ਾਸਨ ਨੂੰ ਸਾਰੀਆਂ ਐਫ਼ਆਈਆਰਜ਼ ਅਤੇ ਹੋਰ ਸਬੰਧਤ ਦਸਤਾਵੇਜ਼ ਅਦਾਲਤ ਵਿੱਚ ਪੇਸ਼ ਕਰਨੇ ਪੈਣਗੇ। ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਅਪ੍ਰੈਲ 2023 ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਸ ਨੂੰ ਅਤੇ ਉਸ ਦੇ ਕੁਝ ਸਾਥੀਆਂ ਨੂੰ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ ਵਿੱਚ ਰੱਖਿਆ ਗਿਆ ਹੈ। 

ਅੰਮ੍ਰਿਤਪਾਲ ਸਿੰਘ ਅਤੇ ਵਿਦੇਸ਼ੀ ਮੂਲ ਦੇ ਅਤਿਵਾਦੀ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ 'ਤੇ ਵੀ ਯੂਏਪੀਏ (ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਫ਼ਰੀਦਕੋਟ ਜ਼ਿਲ੍ਹਾ ਪੁਲਿਸ ਵੱਲੋਂ ਪੰਥਕ ਜਥੇਬੰਦੀਆਂ ਨਾਲ ਸਬੰਧਤ ਨੌਜਵਾਨ ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਦੇ ਮਾਮਲੇ ਵਿੱਚ ਕੀਤੀ ਗਈ ਹੈ।

ਐਸਆਈਟੀ ਨੇ ਫ਼ਰੀਦਕੋਟ ਅਦਾਲਤ ਨੂੰ ਇਸ ਮਾਮਲੇ ਵਿੱਚ ਯੂਏਪੀਏ ਜੋੜਨ ਬਾਰੇ ਲਿਖਤੀ ਜਾਣਕਾਰੀ ਦਿੱਤੀ ਸੀ। ਗੁਰਪ੍ਰੀਤ ਸਿੰਘ ਹਰੀਨੌ ਦਾ ਪਿਛਲੇ ਸਾਲ 9 ਅਕਤੂਬਰ ਨੂੰ ਉਨ੍ਹਾਂ ਦੇ ਪਿੰਡ ਵਿੱਚ ਬਾਈਕ ਸਵਾਰ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।