ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਸੂਬਾਈ ਰੈਲੀ 3 ਮਾਰਚ ਨੂੰ..

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ, ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਪ੍ਰੈੱਸ ਬਿਆਨ ਰਾਹੀਂ ਕਿਹਾ ਹੈ...

TET Pass Cadid

ਚੰਡੀਗੜ੍ਹ : ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ, ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਪ੍ਰੈੱਸ ਬਿਆਨ ਰਾਹੀਂ ਕਿਹਾ ਹੈ ਕਿ ਬੇਰੁਜ਼ਗਾਰ ਅਧਿਆਪਕਾਂਂ ਵੱਲੋਂ  3 ਮਾਰਚ ਨੂੰ ਬਠਿੰਡਾ ਸੂਬਾਈ ਰੋਸ ਮਾਰਚ ਕੀਤਾ ਜਾਵੇਗਾ। ਢਿੱਲਵਾਂ ਨੇ ਕਿਹਾ ਕਿ ਸਿੱਖਿਆ ਮੰਤਰੀ , ਪੰਜਾਬ ਓ ਪੀ ਸੋਨੀ ਵੱਲੋਂ ਯੂਨੀਅਨ ਨਾਲ ਹੋਈ ਮੀਟਿੰਗ ਦੌਰਾਨ ਕਿਸੇ ਵੀ ਮੰਗ ਸਬੰਧੀ ਸੰਜੀਦਗੀ ਨਹੀਂ ਦਿਖਾਈ, ਜਿਸ ਤੋਂ ਸਪੱਸ਼ਟ ਹੈ

ਕਿ ਉਹ "ਅਧਿਆਪਕ ਯੋਗਤਾ ਪ੍ਰੀਖਿਆ" ਪਾਸ ਉਮੀਦਵਾਰਾਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਨਹੀਂ ਕਰਨਾ ਚਾਹੁੰਦੇ। ਜਿਸ ਕਰਕੇ ਬੇਰੁਜ਼ਗਾਰ ਅਧਿਆਪਕ ਆਪਣਾ ਰੋਸ ਜਤਾਉਣ ਲਈ ਐਲਾਨੇ ਪੰਜ ਸੂਬਾਈ ਰੋਸ ਮਾਰਚਾਂ ਦੀ ਲੜੀ ਤਹਿਤ 3 ਮਾਰਚ ਨੂੰ ਬਠਿੰਡਾ ਅਤੇ 17 ਮਾਰਚ ਨੂੰ ਪਟਿਆਲਾ ਵਿਖੇ ਰੋਸ ਮਾਰਚ ਕਰਨਗੇ। ਉਹਨਾਂ ਕਿਹਾ ਕਿ ਪੰਜਾਬ ਵਿਚ ਸੱਤਾ 'ਤੇ ਬਿਰਾਜਮਾਨ ਕਾਂਗਰਸ ਹਕੂਮਤ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾ ਹਾਸਲ ਕਰਨ ਲਈ ਲੋਕਾਂ ਨਾਲ ਅਨੇਕਾਂ ਲਿਖਤੀ ਵਾਅਦੇ (ਚੋਣ ਮੈਨੀਫੈਸਟੋ ਰਾਹੀਂ) ਕੀਤੇ ਸਨ।

ਨੌਜਵਾਨਾਂ ਵਿੱਚ ਵੱਡੇ ਪੱਧਰ 'ਤੇ ਫੈਲੀ ਬੇਰੁਜ਼ਗਾਰੀ ਦੂਰ ਕਰਨ ਹਿੱਤ 'ਹਰ ਘਰ ਇਕ ਨੌਕਰੀ' ਦੇਣ ਦਾ ਵਾਅਦਾ ਵੀ ਕੀਤਾ ਗਿਆ ਸੀ। ਨੌਕਰੀ ਮਿਲਣ ਤੱਕ ਲੱਗਣ ਵਾਲੇ ਸਮੇਂ ਦੌਰਾਨ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦੇ ਐਲਾਨ ਕੀਤੇ ਗਏ ਸਨ। ਪਰ ਕਾਂਗਰਸ ਹਕੂਮਤ ਦੇ ਪਿਛਲੇ ਲਗਭਗ ਦੋ ਸਾਲਾਂ ਦੇ ਅਮਲ ਨਾਲ ਹੋਰ ਵਾਅਦਿਆਂ ਦੀ ਤਰ੍ਹਾਂ ਇਸ ਵਾਅਦੇ ਦੀ ਵੀ ਬਿੱਲੀ ਥੈਲਿਉਂ ਬਾਹਰ ਆ ਗਈ ਹੈ।