ਅੰਬਿਕਾ ਸੋਨੀ ਅਤੇ ਮਨਪ੍ਰੀਤ ਬਾਦਲ ਵਲੋਂ ਚੋਣ ਲੜਨ ਤੋਂ ਨਾਂਹ
ਪੰਜਾਬ ਸਕਰੀਨਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਹੀ ਦੋਹਾਂ ਨੇ ਪਾਰਟੀ ਨੂੰ ਕੀਤਾ ਸਪਸ਼ਟ
ਚੰਡੀਗੜ੍ਹ : ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਅੰਬਿਕਾ ਸੋਨੀ ਨੇ ਪਾਰਟੀ ਹਾਈਕਮਾਨ ਨੂੰ ਸਪਸ਼ਟ ਕਰ ਦਿਤਾ ਹੈ ਕਿ ਉਹ ਲੋਕ ਸਭਾ ਚੋਣਾਂ ਨਹੀਂ ਲੜਨਾ ਚਾਹੁੰਦੇ। ਪੰਜਾਬ ਕਾਂਗਰਸ ਦੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਹੀ ਮਨਪ੍ਰੀਤ ਸਿੰਘ ਬਾਦਲ ਨੇ ਮੀਡੀਆ ਨੂੰ ਦਸਿਆ ਕਿ ਉਨ੍ਹਾਂ ਨੇ ਪਾਰਟੀ ਨੂੰ ਸਪਸ਼ਟ ਕਰ ਦਿਤਾ ਹੈ ਕਿ ਉਹ ਬਠਿੰਡਾ ਹਲਕੇ ਤੋਂ ਲੋਕ ਸਭਾ ਚੋਣ ਲੜਨ ਦੇ ਇੱਛੁਕ ਨਹੀਂ ਹਨ। ਉਹ ਇਸ ਸਮੇਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪਾਰਟੀ ਹਦਾਇਤ ਕਰਦੀ ਹੈ ਤਾਂ ਇਹ ਵਖਰਾ ਮਾਮਲਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਪਾਰਟੀ ਨੇ ਹੁਕਮ ਦਿਤਾ ਕਿ ਬਠਿੰਡਾ ਹਲਕੇ ਤੋਂ ਚੋਣ ਲੜਨੀ ਹੈ ਤਾਂ ਉਹ ਲੜਨਗੇ। ਪ੍ਰੰਤੂ ਉਹ ਖ਼ੁਦ ਚੋਣ ਲਈ ਤਿਆਰ ਨਹੀਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਹਲਕਾ ਛੱਡ ਕੇ ਦੌੜਨਾ ਨਹੀਂ ਚਾਹੀਦਾ। ਇਹ ਉਨ੍ਹਾਂ ਦੀ ਨੈਤਿਕ ਜ਼ਿੰਮੇਵਾਰੀ ਹੈ ਕਿ ਉਹ ਬਠਿੰਡਾ ਹਲਕੇ ਤੋਂ ਹੀ ਚੋਣ ਲੜ ਕੇ ਮੁਕਾਬਲਾ ਕਰਨ।
ਕਾਂਗਰਸ ਦੇ ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਕਾਂਗਰਸ ਦੀ ਸੀਨੀਅਰ ਨੇਤਾ ਅੰਬਿਕਾ ਸੋਨੀ ਨੇ ਵੀ ਮੀਟਿੰਗ ਤੋਂ ਪਹਿਲਾਂ ਹੀ ਪਾਰਟੀ ਹਾਈਕਮਾਨ ਨੂੰ ਜਾਣਕਾਰੀ ਦੇ ਦਿਤੀ ਹੈ ਕਿ ਉਹ ਅਨੰਦਪੁਰ ਸਾਹਿਬ ਹਲਕੇ ਤੋਂ ਚੋਣ ਨਹੀਂ ਲੜਨਾ ਚਾਹੁੰਦੇ। ਯਾਦ ਰਹੇ ਉਨ੍ਹਾਂ ਨੂੰ 2014 ਦੀਆਂ ਲੋਕ ਸਭਾ ਚੋਣਾਂ ਸਮੇਂ ਅਨੰਦਪੁਰ ਸਾਹਿਬ ਹਲਕੇ ਤੋਂ ਕਾਂਗਰਸ ਦਾ ਉਮੀਦਵਾਰ ਬਣਾਇਆ ਗਿਆ ਸੀ ਅਤੇ ਉਹ ਚੋਣ ਹਾਰ ਗਏ ਸਨ। ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਜਿੱਤ ਪ੍ਰਾਪਤ ਕੀਤੀ ਸੀ। ਇਸ ਵਾਰ ਉਹ ਅਪਣੀ ਵੱਡੀ ਉਮਰ ਅਤੇ ਸਿਹਤ ਠੀਕ ਨਾ ਹੋਣ ਕਾਰਨ ਚੋਣ ਨਹੀਂ ਲੜਨਾ ਚਾਹੁੰਦੇ। ਅੰਬਿਕਾ ਸੋਨੀ ਵਲੋਂ ਚੋਣ ਲੜਨ ਤੋਂ ਇਨਕਾਰ ਕਰਨ ਨਾਲ ਹੁਣ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਲਈ ਰਸਤਾ ਸਾਫ਼ ਹੋ ਗਿਆ ਹੈ।