ਚੰਡੀਗੜ੍ਹ ਦੇ ਮੁੱਦੇ ’ਤੇ ਅਮਿਤ ਸ਼ਾਹ ਨੂੰ ਮਿਲਣਗੇ ਸੁਖਦੇਵ ਢੀਂਡਸਾ, ਕਿਹਾ- ਚੰਡੀਗੜ੍ਹ ’ਤੇ ਪੰਜਾਬ ਦਾ ਹੱਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਢੀਂਡਸਾ ਨੇ ਕਿਹਾ ਕਿ ਉਹਨਾਂ ਨੂੰ ਉਮੀਦ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਉਹਨਾਂ ਦੀ ਮੁਲਾਕਾਤ ਕਾਫੀ ਸਕਾਰਾਤਮਕ ਰਹੇਗੀ

Sukhdev Dhindsa to meet Amit Shah on Chandigarh issue



ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ  ਸੰਯੁਕਤ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਚੰਡੀਗੜ੍ਹ ਸਮੇਤ ਸੂਬੇ ਦੇ ਬੁਨਿਆਦੀ ਮੁੱਦਿਆਂ ਦੇ ਹੱਲ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ। ਇਸ ਦੌਰਾਨ ਢੀਂਡਸਾ ਨੇ ਕਿਹਾ ਕਿ ਉਹਨਾਂ ਨੂੰ ਉਮੀਦ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਉਹਨਾਂ ਦੀ ਮੁਲਾਕਾਤ ਕਾਫੀ ਸਕਾਰਾਤਮਕ ਰਹੇਗੀ ਅਤੇ ਉਹ ਪੰਜਾਬ ਨਾਲ ਸਬੰਧਤ ਹੋਰ ਮੁੱਦਿਆਂ 'ਤੇ ਵੀ ਚਰਚਾ ਕਰਨਗੇ।

Sukhdev Singh Dhindsa

ਉਹਨਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ ਅਤੇ ਇਹ ਪੰਜਾਬ ਨੂੰ ਹੀ ਦਿੱਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਚੰਡੀਗੜ੍ਹ ਦੇ ਮੁੱਦੇ ’ਤੇ ਸਾਰੇ ਪੰਜਾਬੀ ਇਕਜੁੱਟ ਹਨ। ਸੁਖਦੇਵ ਢੀਂਡਸਾ ਨੇ ਅੱਗੇ ਕਿਹਾ ਕਿ ਚੰਡੀਗੜ੍ਹ ਪੰਜਾਬ ਦੇ ਖੇਤਰ ਉੱਤੇ ਬਣਿਆ ਹੈ। ਆਜ਼ਾਦੀ ਤੋਂ ਬਾਅਦ ਦੇਸ਼ ਦੇ ਹਰ ਸੂਬੇ ਨੂੰ ਰਾਜਧਾਨੀ ਮਿਲੀ ਪਰ ਪੰਜਾਬ ਨੂੰ ਉਸ ਦੀ ਰਾਜਧਾਨੀ ਨਹੀਂ ਦਿੱਤੀ ਗਈ। ਇਸ ਲਈ ਕੇਂਦਰ ਸਰਕਾਰ ਚੰਡੀਗੜ੍ਹ ਪੰਜਾਬ ਨੂੰ ਦੇਵੇ, ਇਸ ’ਤੇ ਸਾਡਾ ਹੱਕ ਬਣਦਾ ਹੈ।

Amit Shah

ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਢੀਂਡਸਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਦਿੱਲੀ ਵਿਚ ਮੌਜੂਦ ਹਨ। ਉਹਨਾਂ ਕਿਹਾ ਕਿ ਉਹ ਹਮੇਸ਼ਾ ਸੂਬੇ ਦੇ ਹੱਕਾਂ ਦੇ ਹਿੱਤ ਵਿਚ ਰਹੇ ਹਨ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਵਾਲੇ ਹਰ ਫੈਸਲੇ ਦਾ ਵਿਰੋਧ ਕਰਦੇ ਰਹੇ ਹਨ। ਦੱਸ ਦੇਈਏ ਕਿ ਹਾਲ ਹੀ ਵਿਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਭਾਜਪਾ ਨਾਲ ਗਠਜੋੜ ਕੀਤਾ ਸੀ।