ਯੁੱਧ ਨਸ਼ਿਆਂ ਵਿਰੁੱਧ’: 33ਵੇਂ ਦਿਨ, ਪੰਜਾਬ ਪੁਲਿਸ ਨੇ 59 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

91 ਗਜ਼ਟਿਡ ਰੈਂਕ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 546 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

‘War on Drugs’: On the 33rd day, Punjab Police arrested 59 drug smugglers

ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 33ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ ਅਤੇ 5.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਮਹਿਜ਼ 33 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 4765 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ , ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 91 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 497 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਸੂਬੇ ਭਰ ’ਚ 36 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 546 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ, ਜਿਸਦੇ ਤਹਿਤ ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਚਾਰ ਵਿਅਕਤੀਆਂ ਨੂੰ ਨਸ਼ਾ ਛੁਡਾਉਣ ਅਤੇ ਮੁੜ ਵਸੇਬੇ, ਦੇ ਇਲਾਜ ਲਈ ਰਾਜ਼ੀ ਕੀਤਾ ਹੈ।