ਸ਼ਰਧਾਲੂਆਂ ਦੇ ਏਕਾਂਤਵਾਸ ਅਤੇ ਟੈਸਟਾਂ ਸਮੇਂ ਵੀ ਹੋਈ ਨਿਯਮਾਂ ਦੀ ਉਲੰਘਣਾ : ਸੁਖਬੀਰ ਸਿੰਘ ਬਾਦਲ
ਸ਼ਰਧਾਲੂਆਂ ਦੇ ਏਕਾਂਤਵਾਸ ਅਤੇ ਟੈਸਟਾਂ ਸਮੇਂ ਵੀ ਹੋਈ ਨਿਯਮਾਂ ਦੀ ਉਲੰਘਣਾ : ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ, 1 ਮਈ (ਗੁਰਉਪਦੇਸ਼ ਭੁੱਲਰ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰ੍ਰੀ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਦੀ ਵਾਪਸੀ ਦੇ ਪ੍ਰਬੰਧਾਂ 'ਚ ਕੋਤਾਹੀ ਲਈ ਜ਼ਿੰਮੇਵਾਰ ਦਸਦਿਆਂ ਦੋਸ਼ ਲਾਇਆ ਹੈ ਕਿ ਸ਼ਰਧਾਲੂਆਂ ਦੇ ਏਕਾਂਤਵਾਸ ਅਤੇ ਟੈਸਟਾਂ ਸਮੇਂ ਵੀ ਸਾਵਧਾਨੀ ਦੇ ਨਿਯਮਾਂ ਦੀ ਉਲੰਘਣਾ ਹੋਈ ਹੈ। ਇਸ ਦੇ ਨਾਲ ਹੀ ਉਹਨਾਂ ਸਿਹਤ ਸੰਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਅਹੁਦੇ ਤੋਂ ਹਟਾਉਣ ਲਈ ਕਿਹਾ ਹੈ, ਜਿਸ ਕਰਕੇ ਸ਼ਰਧਾਲੂਆਂ ਦੀ ਵੱਡੀ ਗਿਣਤੀ ਕੋਵਿਡ ਪਾਜ਼ੇਟਿਵ ਪਾਈ ਗਈ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਭਾਵੇਂਕਿ ਮੁੱਖ ਮੰਤਰੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦਾ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਸ਼ਰਧਾਲੂਆਂ ਨੂੰ ਲਿਆਉਣ ਸਮੇਂ ਯਾਤਰਾ ਦੌਰਾਨ ਸਿਹਤ ਸੁਰੱਖਿਆ ਸੰਬੰਧੀ ਸਾਵਧਾਨੀਆਂ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ। ਉਹਨਾਂ ਕਿਹਾ ਕਿ ਉਹਨਾਂ ਨੂੰ ਕੁਆਰੰਟੀਨ ਅਤੇ ਟੈਸਟ ਕਰ ਕੇ ਅੱਗੇ ਭੇਜਣ ਤੋਂ ਪਹਿਲਾਂ ਇੱਕ ਥਾਂ ਉੱਤੇ ਇਕੱਠੇ ਨਹੀਂ ਕੀਤਾ ਗਿਆ, ਇਸ ਦੀ ਬਜਾਇ ਸਾਰੇ ਨਿਯਮਾਂ ਦੀ ਉਲੰਘਣਾ ਕਰਦਿਆਂ ਵੱਖ ਵੱਖ ਥਾਵਾਂ ਉੱਤੇ ਉਤਾਰ ਦਿਤਾ ਗਿਆ।
ਇਸ ਵੱਡੀ ਲਾਪਰਵਾਹੀ ਲਈ ਇਕੱਲੀ ਸਰਕਾਰ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਇੰਜ ਜਾਪਦਾ ਹੈ ਕਿ ਸਰਕਾਰ ਵੱਲੋਂਂ ਆਪਣੀ ਗਲਤੀ ਸਵੀਕਾਰ ਕਰਨ ਦੀ ਬਜਾਇ ਸ਼ਰਧਾਲੂਆਂ ਨੂੰ ਬਲੀ ਦੇ ਬੱਕਰੇ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।