Dr. Baljit Kaur News: ਪੱਛੜੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 7 ਕਰੋੜ ਰੁਪਏ ਦੇ ਕਰਜੇ ਜਾਰੀ: ਡਾ. ਬਲਜੀਤ ਕੌਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

2024-25 ਦੌਰਾਨ 7 ਕਰੋੜ ਰੁਪਏ ਦੇ ਕਰਜ਼ੇ ਜਾਰੀ ਕੀਤੇ

Punjab Government releases loans worth Rs 7 crore for backward and economically weaker sections: Dr. Baljit Kaur

Dr. Baljit Kaur News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵੱਡੇ ਪੱਧਰ 'ਤੇ ਕੰਮ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ 2024-25 ਦੌਰਾਨ 7 ਕਰੋੜ ਰੁਪਏ ਦੇ ਕਰਜ਼ੇ ਜਾਰੀ ਕੀਤੇ ਗਏ ਹਨ।

ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਬੈਕਫਿੰਕੋ ਵੱਲੋਂ ਵੱਖ-ਵੱਖ ਸਕੀਮਾਂ ਰਾਹੀਂ ਹੁਣ ਤੱਕ 248 ਲਾਭਪਾਤਰੀਆਂ ਨੂੰ ਕਰਜ਼ਾ ਦਿੱਤਾ ਗਿਆ ਹੈ, ਜਿਸ ਨਾਲ ਉਹ ਆਪਣਾ ਰੋਜ਼ਗਾਰ ਜਾਂ ਕਾਰੋਬਾਰ ਸ਼ੁਰੂ ਕਰਕੇ ਆਪਣੇ ਪਰਿਵਾਰ ਦੀ ਆਮਦਨ ਵਧਾ ਰਹੇ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਪੱਛੜੇ ਅਤੇ ਘੱਟ ਗਿਣਤੀ ਵਰਗਾਂ ਨੂੰ ਆਰਥਿਕ, ਸਮਾਜਿਕ ਤੇ ਸਿੱਖਿਆ ਖੇਤਰ ਵਿੱਚ ਅੱਗੇ ਲਿਆਂਦਾ ਜਾਵੇ, ਤਾਂ ਜੋ ਉਹ ਵੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਸਕਣ।

ਉਨ੍ਹਾਂ ਦੱਸਿਆ ਕਿ 18 ਤੋਂ 55 ਸਾਲ ਦੀ ਉਮਰ ਵਾਲਾ ਕੋਈ ਵੀ ਵਿਅਕਤੀ, ਜਿਸ ਦੀ ਸਾਲਾਨਾ ਆਮਦਨ 3 ਲੱਖ ਰੁਪਏ ਤੱਕ ਹੋਵੇ, ਉਹ ਸਵੈ-ਰੋਜ਼ਗਾਰ, ਉੱਚੇਰੀ ਸਿੱਖਿਆ ਜਾਂ ਹੋਰ ਲੋੜਾਂ ਲਈ ਕਰਜ਼ਾ ਲੈ ਸਕਦਾ ਹੈ। ਸੂਬਾ ਸਰਕਾਰ ਵੱਲੋਂ ਪਿੱਛੜੇ ਤੇ ਘੱਟ ਗਿਣਤੀ ਵਰਗਾਂ ਦੀ ਤਰੱਕੀ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ, ਜੋ ਪੰਜਾਬ ਨੂੰ ਖੁਸ਼ਹਾਲ ਅਤੇ ਰੰਗਲਾ ਬਣਾਉਣ ਵੱਲ ਇੱਕ ਵਧੀਆ ਕਦਮ ਹੈ।

ਅੰਤ ਵਿੱਚ, ਮੰਤਰੀ ਜੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵੀ ਲੋੜਵੰਦ ਪੱਛੜੀਆਂ ਜਾਂ ਘੱਟ ਗਿਣਤੀ ਵਰਗਾਂ ਨਾਲ ਸੰਬੰਧਤ ਵਿਅਕਤੀਆਂ ਨੂੰ ਇਸ ਸਕੀਮ ਦਾ ਲਾਭ ਲੈਣਾ ਹੋਵੇ, ਉਹ ਆਪਣਾ ਨਜ਼ਦੀਕੀ ਸਮਾਜਿਕ ਨਿਆਂ ਵਿਭਾਗ ਜਾਂ ਬੈਕਫਿੰਕੋ ਦਫ਼ਤਰ ਸੰਪਰਕ ਕਰਨ। ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ www.backfinco.punjab.gov.in ਤੇ ਵੀ ਜਾ ਸਕਦੇ ਹਨ।