ਕੇਂਦਰ ਨੇ 12ਵੀਂ ਦੇ ਸੀ.ਬੀ.ਐਸ.ਈ. ਇਮਤਿਹਾਨ ਕੀਤੇ ਰੱਦ, ਪ੍ਰਧਾਨ ਮੰਤਰੀ ਨੇ ਮੀਟਿੰਗ 'ਚ ਕੀਤਾ ਐਲਾਨ
ਕੇਂਦਰ ਨੇ 12ਵੀਂ ਦੇ ਸੀ.ਬੀ.ਐਸ.ਈ. ਇਮਤਿਹਾਨ ਕੀਤੇ ਰੱਦ, ਪ੍ਰਧਾਨ ਮੰਤਰੀ ਨੇ ਮੀਟਿੰਗ 'ਚ ਕੀਤਾ ਐਲਾਨ
ਫ਼ੈਸਲਾ ਵਿਦਿਆਰਥੀਆਂ ਦੇ ਹਿਤਾਂ ਨੂੰ ਧਿਆਨ 'ਚ ਰੱਖ ਕੇ ਲਿਆ ਗਿਆ : ਮੋਦੀ
ਨਵੀਂ ਦਿੱਲੀ, 1 ਜੂਨ : ਕੋਰੋਨਾ ਲਾਗ ਦੀ ਦੂਜੀ ਲਹਿਰ ਕਾਰਨ ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਕੇਂਦਰੀ ਸੈਕੈਂਡਰੀ ਸਿਖਿਆ ਬੋਰਡ (ਸੀਬੀਐਸਈ) ਦੀ 12ਵੀਂ ਦੀ ਬੋਰਡ ਪ੍ਰੀਖਿਆ ਰੱਦ ਕਰਨ ਦਾ ਫ਼ੈਸਲਾ ਕੀਤਾ | ਇਹ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ ਹੋਈ ਮਹੱਤਵਪੂਰਨ ਬੈਠਕ ਤੋਂ ਬਾਅਦ ਲਿਆ ਗਿਆ |
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਫ਼ੈਸਲਾ ਵਿਦਿਆਰਥੀਆਂ ਦੇ ਹਿਤਾਂ ਨੂੰ ਧਿਆਨ ਵਿਚ ਰੱਖ ਕੇ ਲਿਆ ਗਿਆ ਹੈ | ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਇਕ ਬਿਆਨ ਮੁਤਾਬਕ ਮੋਦੀ ਨੇ ਕਿਹਾ,''ਵਿਦਿਆਰਥੀਆਂ ਦੀ ਸਿਹਤ ਅਤੇ ਉਨ੍ਹਾਂ ਦੀ ਸੁਰੱਖਿਆ ਸੱਭ ਤੋਂ ਜ਼ਰੂਰੀ ਹਨ ਅਤੇ ਇਸ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ |''
ਉਨ੍ਹਾਂ ਕਿਹਾ ਕਿ ਪ੍ਰੀਖਿਆ ਨੂੰ ਲੈ ਕੇ ਵਿਦਿਅਰਥੀਆਂ, ਮਾਪਿਆਂ ਅਤੇ ਅਧਿਆਪਕਾਂ ਦੀ ਉਡੀਕ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹੇ ਤਣਾਅ ਭਰੇ ਮਾਹੌਲ ਵਿਚ ਵਿਦਿਆਰਥੀਆਂ 'ਤੇ ਪ੍ਰੀਖਿਆ ਵਿਚ ਸ਼ਾਮਲ ਹੋਣ ਲਈ ਦਬਾਅ ਨਹੀਂ ਪਾਇਆ ਜਾਣਾ ਚਾਹੀਦਾ | ਇਸ ਬੈਠਕ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਨਿਰਮਲਾ ਸੀਤਾਰਮਣ, ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ, ਪਟਰੌਲੀਅਮ ਮੰਤਰੀ ਧਰਮਿੰਦਰ ਪ੍ਰਧਾਨ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮਿ੍ਤੀ ਇਰਾਨੀ, ਪ੍ਰਧਾਨ ਮੰਤਰੀ ਦੇ ਪ੍ਰਮੁਖ ਸਕੱਤਰ, ਕੈਬਨਿਟ ਸਕੱਤਰ ਅਤੇ ਸਿਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ |
ਇਹ ਬੈਠਕ ਅਜਿਹੇ ਸਮੇਂ ਵਿਚ ਹੋਈ ਹੈ ਜਦੋਂ ਕੋਰੋਨਾ ਪ੍ਰੇਸ਼ਾਨੀਆਂ ਕਾਰਨ ਕੇਂਦਰੀ ਸਿਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੂੰ ਮੰਗਲਵਾਰ ਸਵੇਰੇ ਏਮਜ਼ ਵਿਚ ਦਾਖ਼ਲ ਕਰਵਾਇਆ ਗਿਆ | ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਵਿਚ ਹੋਈ ਇਕ ਬੈਠਕ ਵਿਚ ਕੇਂਦਰੀ ਸੈਕੈਂਡਰੀ ਸਿਖਿਆ ਬੋਰਡ ਨੇ ਕੋਰੋਨਾ ਕਾਰਨ 14 ਅਪ੍ਰੈਲ ਨੂੰ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ਰੱਦ ਕਰਨ ਅਤੇ 12ਵੀਂ ਦੀ ਬੋਰਡ ਪ੍ਰੀਖਿਆ ਮੁਅੱਤਲ ਕਰਨ ਦਾ ਐਲਾਨ ਕੀਤਾ ਸੀ | (ਪੀਟੀਆਈ)