ਨਸ਼ਾ ਸਪਲਾਈ ਦੇ ਮਾਮਲੇ ’ਚ ਪਟਿਆਲਾ ਜੇਲ੍ਹ ਦਾ ਮੁਲਾਜ਼ਮ ਗ੍ਰਿਫ਼ਤਾਰ, 8 ਸਾਲ ਤੋਂ ਕਰ ਰਿਹਾ ਸੀ ਕਾਰੋਬਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੇਂਦਰੀ ਜੇਲ੍ਹ ਪਟਿਆਲਾ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ।

Patiala jail employee arrested in drug supply case

ਪਟਿਆਲਾ: ਕੇਂਦਰੀ ਜੇਲ੍ਹ ਪਟਿਆਲਾ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਜੇਲ੍ਹ ਦੇ ਇਕ ਮੁਲਾਜ਼ਮ ਨੂੰ ਨਸ਼ਾ ਸਪਲਾਈ ਕਰਨ ਦੇ ਮਾਮਲੇ ਵਿਚ ਕਾਬੂ ਕੀਤਾ ਗਿਆ ਹੈ। ਇਹ ਮੁਲਾਜ਼ਮ ਜੇਲ੍ਹ ਵਿਚ 8 ਸਾਲ ਤੋਂ ਨਸ਼ੇ ਦਾ ਕਾਰੋਬਾਰ ਕਰ ਰਿਹਾ ਸੀ। ਜੇਲ੍ਹ ਪ੍ਰਸ਼ਾਸਨ ਨੇ ਮੁਲਾਜ਼ਮ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਤ੍ਰਿਪੜੀ ਪੁਲਿਸ ਨੂੰ ਸੌਂਪ ਦਿੱਤਾ ਹੈ।

ਗ੍ਰਿਫ਼ਤਾਰ ਮੁਲਾਜ਼ਮ ਦਾ ਨਾਂਅ ਜਤਿੰਦਰ ਕੁਮਾਰ ਹੈ ਅਤੇ ਉਹ ਜੇਲ੍ਹ ਵਿਚ ਵੀਡੀਓ ਕਾਨਫਰੰਸ ਆਪਰੇਟਰ ਵਜੋਂ ਕੰਮ ਕਰ ਰਿਹਾ ਸੀ। ਜਤਿੰਦਰ ਕੁਮਾਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਕੋਲੋਂ 50 ਗ੍ਰਾਮ ਅਫ਼ੀਮ, 35 ਗ੍ਰਾਮ ਸਲਫਾਸ ਅਤੇ 8 ਜ਼ਰਦੇ ਦੇ ਪੈਕਟ ਬਰਾਮਦ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਮੁਲਾਜ਼ਮ ਬਾਹਰੋਂ ਨਸ਼ੇ ਲਿਆ ਕੇ ਜੇਲ੍ਹ ਅੰਦਰ  ਮਹਿੰਗੇ ਰੇਟ ’ਤੇ ਵੇਚ ਰਿਹਾ ਸੀ ਅਤੇ ਇਸ ਜ਼ਰੀਏ ਉਸ ਨੇ ਕਾਫੀ ਕਮਾਈ ਕੀਤੀ।

ਜੇਲ੍ਹ ਸੁਪਰੀਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ। ਉਹਨਾਂ ਕਿਹਾ ਕਿ ਇਸ ਦੀ ਸੂਚਨਾ ਡੀਜੀਪੀ ਜੇਲ੍ਹ ਨੂੰ ਭੇਜ ਦਿੱਤੀ ਗਈ ਹੈ। ਇਸ ਦੇ ਨਾਲ ਹੀ ਵਿਭਾਗ ਨੇ ਜਤਿੰਦਰ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਉਧਰ ਥਾਣਾ ਤ੍ਰਿਪੜੀ ਦੇ ਐੱਸਐੱਚਓ ਇੰਸਪੈਕਟਰ ਹੈਰੀ ਬੋਪਾਰਾਏ ਨੇ ਦੱਸਿਆ ਕਿ ਜਤਿੰਦਰ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਜਤਿੰਦਰ ਨੂੰ ਬੁੱਧਵਾਰ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਉਸ ਕੋਲੋਂ ਇਸ ਸਬੰਧੀ ਪੁੱਛ-ਗਿੱਛ ਕੀਤੀ ਜਾਵੇਗੀ।