ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਇੰਤਜ਼ਾਮ ਪੁਖ਼ਤਾ: ਚੀਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਲਕਾ ਵਿਧਾਇਕ ਸੁਲਤਾਨਪੁਰ ਲੋਧੀ ਨਵਤੇਜ ਸਿੰਘ ਚੀਮਾ ਨੇ ਅੱਜ ਧੁੱਸੀ ਬੰਨ੍ਹ ਦਾ ਦੌਰਾ ਕਰ ਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ.......

Navtej Singh Cheema

ਕਪੂਰਥਲਾ: ਹਲਕਾ ਵਿਧਾਇਕ ਸੁਲਤਾਨਪੁਰ ਲੋਧੀ ਨਵਤੇਜ ਸਿੰਘ ਚੀਮਾ ਨੇ ਅੱਜ ਧੁੱਸੀ ਬੰਨ੍ਹ ਦਾ ਦੌਰਾ ਕਰ ਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਦਰਿਆ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਕਿਹਾ ਕਿ ਬਰਸਾਤ ਦੌਰਾਨ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਬੰਨ੍ਹ ਦੀ ਮਜ਼ਬੂਤੀ ਲਈ ਨਾਜ਼ੁਕ ਥਾਵਾਂ ਦੀ ਮੁਰੰਮਤ ਤੋਂ ਇਲਾਵਾ ਸਟੱਡ ਅਤੇ ਨੋਚਾਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਹੰਗਾਮੀ ਹਾਲਤ ਦੌਰਾਨ ਲੋਕਾਂ ਲਈ ਰਾਸ਼ਨ, ਪਸ਼ੂਆਂ ਦੇ ਚਾਰੇ, ਬੇੜੀਆਂ ਆਦਿ ਤੋਂ ਇਲਾਵਾ ਡਾਕਟਰੀ ਸਹੂਲਤਾਂ ਦੇ ਵੀ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਚੀਮਾ ਨੇ ਕਿਹਾ ਕਿ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਇਕ ਵਿਸਥਾਰਤ ਯੋਜਨਾ ਤਿਆਰ ਕੀਤੀ ਗਈ ਹੈ ਅਤੇ ਸੰਭਾਵੀ ਹੜ੍ਹਾਂ ਦੌਰਾਨ ਆਮ ਲੋਕਾਂ ਦੀ ਜਾਨ-ਮਾਲ ਦੀ ਰਖਿਆ ਲਈ ਦਰਿਆ ਲਾਗਲੇ ਇਲਾਕਿਆਂ ਤੇ ਪ੍ਰਭਾਵਿਤ ਪਿੰਡਾਂ ਦੀ ਸੂਚੀ ਤਿਆਰ ਕਰ ਕੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਲਈ ਥਾਵਾਂ ਦੀ ਪਛਾਣ ਵੀ ਕਰ ਲਈ ਗਈ ਹੈ।

ਇਸੇ ਤਰ੍ਹਾਂ ਪ੍ਰਸ਼ਾਸਨ ਵਲੋਂ ਬਰਸਾਤਾਂ ਦੌਰਾਨ ਸੰਚਾਰ ਵਿਵਸਥਾ ਨੂੰ ਚੁਸਤ-ਦਰੁਸਤ ਰੱਖਣ ਲਈ ਕੰਟਰੋਲ ਰੂਮ ਸਥਾਪਤ ਕਰਨ ਤੋਂ ਇਲਾਵਾ ਨੋਡਲ ਅਫ਼ਸਰਾਂ ਦੀ ਨਿਯੁਕਤੀ ਵੀ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਲਾਕੇ ਦੇ ਟਾਪੂਨੁਮਾ ਪਿੰਡਾਂ ਦੀ ਸਮੱਸਿਆ ਦਾ ਜਲਦ ਹੱਲ ਹੋਣ ਜਾ ਰਿਹਾ ਹੈ ਅਤੇ ਇਥੇ ਪਲਟੂਨ ਪੁਲ ਦੀ ਥਾਂ ਇਕ ਸਥਾਈ ਪੁਲ ਦਾ ਨਿਰਮਾਣ ਸਾਲ-ਡੇਢ ਸਾਲ ਵਿਚ ਹੋ ਜਾਵੇਗਾ।

ਇਸ ਮੌਕੇ ਬਲਾਕ ਪ੍ਰਧਾਨ ਆਸਾ ਸਿੰਘ ਵਿਰਕ, ਜੋਗਿੰਦਰ ਸਿੰਘ, ਮੁਖਤਿਆਰ ਸਿੰਘ, ਕੁੰਦਨ ਸਿੰਘ, ਸਤਨਾਮ ਸਿੰਘ, ਪਰਮਜੀਤ ਸਿੰਘ, ਸਿਕੰਦਰ ਸਿੰਘ, ਸੰਤਾ ਸਿੰਘ, ਗੁਰਮੀਤ ਸਿੰਘ ਹੈਪੀ, ਡਾ. ਬਲਵਿੰਦਰ ਸਿੰਘ, ਬਲਜੀਤ ਸਿੰਘ ਸੁਚੇਤਗੜ੍ਹ, ਬਲਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ।