ਹਾਈ ਕੋਰਟ ਵੱਲੋਂ ਦਿੱਲੀ ਪੁਲਿਸ ਨੂੰ 4 ਹਫ਼ਤਿਆਂ 'ਚ ਜਾਂਚ ਪੂਰੀ ਕਰਨ ਦੇ ਹੁਕਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਿੱਲੀ ਸਿੱਖ ਕੁੱਟਮਾਰ ਮਾਮਲਾ

High court orders Delhi police to complete investigations in 4 weeks

ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਮੁਖਰਜੀ ਇਲਾਕੇ ਵਿੱਚ ਸਿੱਖ ਟੈਂਪੂ ਚਾਲਕ ਸਰਬਜੀਤ ਸਿੰਘ ਦੀ ਕੁੱਟਮਾਰ ਦੇ ਮਾਮਲੇ 'ਚ ਦਿੱਲੀ ਹਾਈ ਕੋਰਟ ਨੇ ਵੱਡਾ ਫ਼ੈਸਲਾ ਸੁਣਾਇਆ ਹੈ। ਅੱਜ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਦਿੱਲੀ ਪੁਲਿਸ ਨੂੰ ਆਦੇਸ਼ ਦਿੱਤਾ ਹੈ ਕਿ ਇਸ ਮਾਮਲੇ ਦੀ 4 ਹਫ਼ਤੇ ਅੰਦਰ ਜਾਂਚ ਪੂਰੀ ਕੀਤੀ ਜਾਵੇ। ਮਾਮਲੇ ਦੀ ਅਗਲੀ ਸੁਣਵਾਈ 2 ਸਤੰਬਰ ਨੂੰ ਹੋਏਗੀ।

ਜਾਣਕਾਰੀ ਮੁਤਾਬਕ ਅੱਜ ਦਿੱਲੀ ਪੁਲਿਸ ਨੇ ਅਦਾਲਤ 'ਚ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ 10 ਪੁਲਿਸ ਕਰਮਚਾਰੀਆਂ ਨੂੰ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਕਰ ਕੇ ਦੂਜੇ ਪੁਲਿਸ ਥਾਣੇ 'ਚ ਟਰਾਂਸਫ਼ਰ ਕਰ ਦਿੱਤਾ ਗਿਆ ਹੈ। ਦਿੱਲੀ ਪੁਲਿਸ ਨੇ ਇਹ ਵੀ ਕਿਹਾ ਹੈ ਕਿ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਅਦਾਲਤ ਸਾਹਮਣੇ ਇਸ ਦੀ ਅੰਤਰਮ ਰਿਪੋਰਟ ਪੇਸ਼ ਕੀਤੀ। ਰਿਪੋਰਟ 'ਚ ਪ੍ਰਗਟਾਵਾ ਕੀਤਾ ਗਿਆ ਹੈ ਕਿ ਸਰਬਜੀਤ ਸਿੰਘ ਨੇ ਪੁਲਿਸ ਦੀ ਗੱਡੀ ਨੂੰ ਟੱਕਰ ਮਾਰੀ ਅਤੇ ਇਸੇ ਤੋਂ ਵਿਵਾਦ ਸ਼ੁਰੂ ਹੋਇਆ। ਇਹ ਵੀ ਲਿਖਿਆ ਗਿਆ ਹੈ ਕਿ ਸਰਬਜੀਤ ਸਿੰਘ ਦਾ ਰਵੱਈਆ ਹਮਲਾਵਰ ਤੇ ਹਿੰਸਕ ਸੀ। ਉਸ ਨੇ ਤਲਵਾਰ ਨਾਲ ਪੁਲਿਸ ਮੁਲਾਜ਼ਮਾਂ 'ਤੇ ਹਮਲਾ ਕੀਤਾ।

ਜ਼ਿਕਰਯੋਗ ਹੈ ਕਿ ਪੁਲਿਸ ਦੀ ਗੱਡੀ ਨਾਲ ਟੈਂਪੂ ਟਕਰਾ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਅਧਿਕਾਰੀ ਭੜਕ ਗਏ ਸਨ ਅਤੇ ਕੁੱਟਮਾਰ ਕੀਤੀ ਗਈ। ਡਰਾਈਵਰ ਨੇ ਵੀ ਪੁਲਿਸ ਵਾਲੇ ਨੂੰ ਕਿਰਪਾਨ ਕੱਢ ਕੇ ਧਮਕਾਇਆ ਸੀ, ਜਿਸ ਤੋਂ ਬਾਅਦ ਪੁਲਿਸ ਵਾਲੇ ਨੇ ਆਪਣੇ ਬਾਕੀ ਸਾਥੀਆਂ ਨੂੰ ਬੁਲਾਇਆ ਸੀ ਤਾਂ ਜੋ ਡਰਾਈਵਰ ਨੂੰ ਕਾਬੂ ਕੀਤਾ ਜਾ ਸਕੇ। ਪੁਲਿਸ ਨੇ ਪਸਤੌਲ ਨਾਲ ਦੋਹਾਂ ਨੂੰ ਡਰਾਇਆ, ਧਮਕਾਇਆ ਅਤੇ ਕੁੱਟਮਾਰ ਵੀ ਕੀਤੀ। ਇਸ ਕੁੱਟਮਾਰ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈ ਸੀ।