ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਘਪਲੇ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਵੱਡੀ ਕਾਰਵਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੈਨੇਜਰ ਸਣੇ ਪੰਜ ਅਧਿਕਾਰੀ ਮੁਅੱਤਲ, ਨਵਾਂ ਮੈਨੇਜਰ ਨਿਯੁਕਤ

Gurudwara Keshgarh Sahib

ਸ੍ਰੀ ਆਨੰਦਪੁਰ ਸਾਹਿਬ, 1 ਜੁਲਾਈ (ਭਗਵੰਤ ਸਿੰਘ ਮਟੌਰ): ਬੀਤੇ ਦਿਨਾਂ ਤੋਂ ਅਖ਼ਬਾਰਾਂ ਦੀਆਂ ਸੁਰਖੀਆਂ ਬਣੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲੰਗਰ ਘਪਲੇ ਦੇ ਮਾਮਲੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ  ਭਾਈ ਗੋਬਿੰਦ ਸਿੰਘ  ਲੌਂਗੋਵਾਲ ਵਲੋਂ ਦੇਰ ਰਾਤ ਇਸ ਮਾਮਲੇ ਵਿਚ ਕਥਿਤ ਤੌਰ ’ਤੇ ਦੋਸ਼ੀ ਪਾਏ ਗਏ ਮੈਨੇਜਰ ਸਣੇ ਪੰਜ ਅਧਿਕਾਰੀਆਂ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ ।

ਇਸ ਦੀ ਪੁਸ਼ਟੀ ਕਰਦੇ ਹੋਏ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਆਲਾਮਿਆਰੀ ਸੂਤਰਾਂ ਨੇ ਦਸਿਆ ਕਿ ਰਾਤ ਪ੍ਰਧਾਨ ਵਲੋਂ ਪੜਤਾਲੀਆ ਕਮੇਟੀ ਵਲੋਂ ਪੇਸ਼ ਕੀਤੀ ਗਈ ਰੀਪੋਰਟ ਦੀ ਸਮੀਖਿਆ ਕਰਨ ਉਪਰੰਤ ਇਹ ਫ਼ੈਸਲਾ ਲਿਆ ਗਿਆ ਹੈ ਕਿ ਇਸ ਮਾਮਲੇ ਵਿਚ ਕਥਿਤ ਤੌਰ ’ਤੇ ਦੋਸ਼ੀ ਪਾਏ ਗਏ ਮੈਨੇਜਰ, ਮੀਤ ਮੈਨੇਜਰ, ਅਕਾਊਂਟੈਂਟ, ਸਟੋਰ ਕੀਪਰ ਅਤੇ ਇੰਸਪੈਕਟਰ ਨੂੰ ਤੁਰਤ ਪ੍ਰਭਾਵ ਤੋਂ ਮੁਅੱਤਲ ਕਰਦੇ ਹੋਏ ਗੁਰਦੀਪ ਸਿੰਘ ਕੰਗ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਨਵਾਂ ਮੈਨੇਜਰ ਨਿਯੁਕਤ ਕਰ ਦਿਤਾ ਹੈ।

ਇਸ ਮਾਮਲੇ ਵਿਚ ਹੋਈ ਕਾਰਵਾਈ ਦੀ ਪੁਸ਼ਟੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਪੀਏ ਤੇ ਸਕੱਤਰ ਮਹਿੰਦਰ ਸਿੰਘ ਆਹਲੀ ਵਲੋਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਗਹਿਰਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਪਰ ਦੇਰ ਨਾਲ ਹੀ ਸਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਸ਼੍ਰੋਮਣੀ ਕਮੇਟੀ ਦੇ ਨਿਜਾਮ ਵਿਚ ਸੁਧਾਰ ਲਿਆਉਣ ਅਤੇ ਬੇਨਿਯਮੀਆਂ ਕਰਨ ਵਾਲੇ ਮੁਲਾਜ਼ਮਾਂ ਵਿਰੁਧ ਮਿਸਾਲੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ।