ਪਿਛਲੇ 60 ਦਿਨਾਂ ਦੌਰਾਨ ਸੂਬੇ 'ਚ 100 ਕਿਸਾਨ-ਮਜ਼ਦੂਰਾਂ ਨੇ ਮੌਤ ਨੂੰ ਲਾਇਆ ਗਲੇ
ਭਾਵੇਂ ਕਿ ਕੈਪਟਨ ਸਰਕਾਰ ਨੂੰ ਸੱਤਾ ਵਿੱਚ ਆਇਆ ਕਰੀਬ 3 ਸਾਲ ਹੋ ਗਏ ਹਨ ਅਤੇ ਉਹਨਾਂ ਵੱਲੋਂ ਕਿਸਾਨਾਂ ਦਾ ਕਰਜ਼ਾ ਮਾਫ਼ ਕਰਨ ਦੇ ਦਾਅਵੇ ਵੀ ਕੀਤੇ ਗਏ ਸਨ...
ਚੰਡੀਗੜ੍ਹ : ਭਾਵੇਂ ਕਿ ਕੈਪਟਨ ਸਰਕਾਰ ਨੂੰ ਸੱਤਾ ਵਿੱਚ ਆਇਆ ਕਰੀਬ 3 ਸਾਲ ਹੋ ਗਏ ਹਨ ਅਤੇ ਉਹਨਾਂ ਵੱਲੋਂ ਕਿਸਾਨਾਂ ਦਾ ਕਰਜ਼ਾ ਮਾਫ਼ ਕਰਨ ਦੇ ਦਾਅਵੇ ਵੀ ਕੀਤੇ ਗਏ ਸਨ ਪਰ ਇਸ ਦੇ ਬਾਵਜੂਦ ਵੀ ਪੰਜਾਬ 'ਚ ਕਿਸਾਨ ਤੇ ਮਜ਼ਦੂਰਾਂ ਵੱਲੋਂ ਖੁਦਕੁਸ਼ੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦਰਅਸਲ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਅੰਕੜਿਆਂ ਮੁਤਾਬਿਕ ਪਿਛਲੇ 60 ਦਿਨਾਂ ਦੌਰਾਨ ਸੂਬੇ ਵਿੱਚ 100 ਕਿਸਾਨ-ਮਜ਼ਦੂਰ ਮੌਤ ਨੂੰ ਗਲੇ ਲਾਉਣ ਲਈ ਮਜਬੂਰ ਹੋਏ ਜਿਨ੍ਹਾਂ 'ਚ 74 ਕਿਸਾਨ, 17 ਮਜ਼ਦੂਰ ਤੇ 9 ਔਰਤਾਂ ਸ਼ਾਮਲ ਹਨ।
ਭਾਰਤੀ ਕਿਸਾਨ ਯੂਨੀਅਨ ਦਾ ਦਾਅਵਾ ਹੈ ਕਿ ਕਾਂਗਰਸ ਸਰਕਾਰ ਦੇ ਹੁਣ ਤੱਕ ਦੇ ਕਾਰਜਕਾਲ ਦੌਰਾਨ 1172 ਕਿਸਾਨ-ਮਜ਼ਦੂਰ ਖ਼ੁਦਕੁਸ਼ੀਆਂ ਕਰ ਚੁੱਕੇ ਹਨ। ਜਿਨ੍ਹਾਂ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਨੂੰ ਠਹਿਰਾਇਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਚਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੇ ਰਾਜ ਵਿੱਚ ਕੋਈ ਕਿਸਾਨ ਖ਼ੁਦਕੁਸ਼ੀ ਨਹੀਂ ਕਰੇਗਾ ਤੇ ਸੂਬੇ ਦੇ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ ਪਰ ਇਹ ਸਾਰੇ ਦਾਅਵੇ ਖੋਖ਼ਲੇ ਸਾਬਿਤ ਹੋਏ ਹਨ।
ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦਾ ਝਾਂਸਾ ਦੇ ਕੇ ਸੱਤਾ ਤਾਂ ਹਾਸਲ ਕਰ ਲਈ ਪਰ ਬਾਅਦ ਵਿਚ ਆਪਣੇ ਕੀਤੇ ਹੋਏ ਵਾਅਦਿਆ ਤੋਂ ਪੱਲਾ ਝਾੜ ਦਿੱਤਾ। ਉਨ੍ਹਾਂ ਕਿਹਾ ਕਿ ਜਿੱਥੇ ਕਾਂਗਰਸ ਦੇ ਰਾਜ 'ਚ ਸੰਗਰੂਰ ਜ਼ਿਲ੍ਹੇ ਦੇ ਸਭ ਤੋਂ ਵੱਧ 216 ਕਿਸਾਨਾਂ ਨੇ ਖ਼ੁਦਕੁਸ਼ੀਆਂ ਕੀਤੀਆਂ ਹਨ। ਉੱਥੇ ਹੀ ਦੂਜੇ ਨੰਬਰ 'ਤੇ ਜ਼ਿਲ੍ਹਾ ਬਠਿੰਡਾ ਵਿੱਚ 170 ਕਿਸਾਨਾਂ ਨੇ ਮੌਤ ਨੂੰ ਗਲੇ ਲਗਾਇਆ ਹੈ ਅਤੇ ਮਾਨਸਾ 'ਚ 109 ਕਿਸਾਨ ਆਪਣੀ ਜੀਵਨ ਲੀਲ੍ਹਾ ਨੂੰ ਸਮਾਪਤ ਕਰ ਚੁੱਕੇ ਹਨ। ਭਾਰਤੀ ਕਿਸਾਨ ਯੂਨੀਅਨ ਨੇ ਕਿਹਾ ਕਿ ਜੇਕਰ ਸਰਕਾਰਾਂ ਨੇ ਕਿਸਾਨਾਂ-ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਵੱਲ ਧਿਆਨ ਨਾ ਦਿੱਤਾ ਤਾਂ ਕੇਂਦਰ ਤੇ ਰਾਜ ਸਰਕਾਰ ਨੂੰ ਇਸਦਾ ਭਾਰੀ ਹਰਜ਼ਾਨਾਂ ਭਰਨਾ ਪਵੇਗਾ।