ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨੂੰ 25000 ਮਸ਼ੀਨਾਂ ਸਬਸਿਡੀ ਤੇਮੁਹਈਆ ਕਰਵਾਉਣ ਦੀ ਪ੍ਰਕਿਰਿਆਸ਼ੁਰੂ
ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨੂੰ 25000 ਮਸ਼ੀਨਾਂ ਸਬਸਿਡੀ 'ਤੇ ਮੁਹਈਆ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ
ਚੰਡੀਗੜ੍ਹ, 1 ਅਗੱਸਤ (ਭੁੱਲਰ): ਪੰਜਾਬ ਨੂੰ ਪਰਾਲੀ ਸਾੜਨ ਤੋਂ ਮੁਕਤ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਦਾ ਖੇਤਾਂ ਵਿਚ ਨਿਪਟਾਰਾ ਕਰਨ ਲਈ ਮੌਜੂਦਾ ਸਾਲ ਦੌਰਾਨ 250 ਕਰੋੜ ਰੁਪਏ ਦੀ ਸਬਸਿਡੀ ਉਤੇ ਕਿਸਾਨਾਂ ਨੂੰ 25000 ਖੇਤੀ ਮਸ਼ੀਨਾਂ ਅਤੇ ਖੇਤੀ ਸੰਦ ਮੁਹਈਆ ਕਰਵਾਉਣ ਲਈ ਵਿਆਪਕ ਮੁਹਿੰਮ ਵਿੱਢ ਦਿਤੀ ਹੈ |
ਅੱਜ ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸੁਖਦੇਵ ਸਿੰਘ ਸਿੱਧੂ ਨੇ ਦਸਿਆ ਕਿ ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਨੂੰ ਬੇਲਰ ਅਤੇ ਹੋਰ ਖੇਤੀ ਮਸ਼ੀਨਾਂ ਪਹਿਲ ਦੇ ਆਧਾਰ ਉਤੇ ਦੇਣ ਲਈ ਇਨ੍ਹਾਂ ਦੀਆਂ 430 ਅਰਜ਼ੀਆਂ ਪ੍ਰਵਾਨ ਕੀਤੀਆਂ ਜਾ ਚੁੱਕੀਆਂ ਹਨ | ਪਹਿਲੇ ਪੜਾਅ ਵਿਚ 246 ਪੰਚਾਇਤਾਂ ਅਤੇ 185 ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ ਖੇਤੀ ਮਸ਼ੀਨਾਂ ਲਈ ਪ੍ਰਵਾਨਗੀ ਦੇ ਦਿਤੀ ਗਈ ਹੈ ਤਾਕਿ ਖੇਤੀ ਮਸ਼ਨੀਰੀ ਬੈਂਕਾਂ ਸਥਾਪਤ ਕੀਤੀਆਂ ਜਾਣ ਜਿਨ੍ਹਾਂ ਨੂੰ ਕਸਟਮ ਹਾਇਰ ਸੈਂਟਰਾਂ ਵਜੋਂ ਵਰਤਿਆ ਜਾ ਸਕੇਗਾ | ਉਨ੍ਹਾਂ ਇਹ ਵੀ ਦਸਿਆ ਕਿ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਾਂ ਉਤੇ 50 ਫ਼ੀ ਸਦੀ ਤੋਂ 80 ਫ਼ੀ ਸਦੀ ਸਬਸਿਡੀ ਮੁਹਈਆ ਕਰਵਾਈ ਜਾ ਰਹੀ ਹੈ ਜਿਸ ਵਿਚੋਂ ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਕਿਸਾਨ ਗਰੁਪਾਂ ਨੂੰ 80 ਫ਼ੀ ਸਦੀ ਜਦਕਿ ਕਿਸਾਨਾਂ ਨੂੰ ਵਿਅਕਤੀਗਤ ਤੌਰ ਉਤੇ 50 ਫ਼ੀ ਸਦੀ ਸਬਸਿਡੀ ਮਿਲ ਰਹੀ ਹੈ | ਉਨ੍ਹਾਂ ਦਸਿਆ ਕਿ ਪੰਚਾਇਤਾਂ, ਸਹਿਕਾਰੀ ਸਭਾਵਾਂ ਅਤੇ ਫ਼ਾਰਮਰ ਪ੍ਰੋਡਿਊਸਰ ਆਰਗੇਨਾਈਜ਼ੇਸ਼ਨ (ਐਫ.ਪੀ.ਓਜ਼) ਨੂੰ ਸਬਸਿਡੀ ਉਤੇ ਮਸ਼ੀਨਰੀ ਲੈਣ ਦਾ ਇਕ ਹੋਰ ਮੌਕਾ ਦੇਣ ਲਈ ਸਿਰਫ਼ ਉਨ੍ਹਾਂ ਵਾਸਤੇ 2-4 ਅਗੱਸਤ, 2021 ਤੋਂ ਮਸ਼ੀਨਰੀ ਪੋਰਟਲ ਮੁੜ ਖੋਲਿ੍ਹਆ ਜਾ ਰਿਹਾ ਹੈ |
ਸੂਬਾ ਸਰਕਾਰ ਕਿਸਾਨਾਂ ਨੂੰ ਆਲ੍ਹਾ ਦਰਜੇ ਦੀਆਂ ਮਸ਼ੀਨਰੀ ਪ੍ਰਦਾਨ ਕਰ ਰਹੀ ਹੈ ਜਿਨ੍ਹਾਂ ਵਿਚ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ, ਸ਼ਰੈਡਰ, ਮਲਚਰ, ਹਾਈਡਰੌਲਿਕ ਰਿਵਰਸੀਬਰ ਮੋਲਰ ਬੋਰਡ ਪਲੌਅ ਅਤੇ ਜ਼ੀਰੋ ਟਿੱਲ ਡਰਿੱਲ ਸ਼ਾਮਲ ਹਨ | ਡਾਇਰੈਕਟਰ ਨੇ ਦਸਿਆ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਸਪਲਾਈ ਕਰਨ ਲਈ ਖੇਤੀਬਾੜੀ ਵਿਭਾਗ ਝੋਨੇ ਦੇ ਵਢਾਈ ਸੀਜ਼ਨ ਤੋਂ ਪਹਿਲਾਂ ਇਨ੍ਹਾਂ ਖੇਤੀ ਸੰਦਾਂ ਦੀ ਵੰਡ ਦਾ ਕਾਰਜ ਮੁਕੰਮਲ ਕਰ ਲਵੇਗਾ |