ਬਦ ਤੋਂ ਬਦਤਰ ਹੋਈ ਕਾਨੂੰਨ ਵਿਵਸਥਾ, ਜੰਗਲ ਰਾਜ ਵਰਗੇ ਹਾਲਾਤ : 'ਆਪ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਤੌਰ ਗ੍ਰਹਿ ਮੰਤਰੀ ਅਪਣੀ ਜ਼ਿੰਮੇਵਾਰੀਆਂ ਸਮਝਣ ਮੁੱਖ ਮੰਤਰੀ : ਅਮਨ ਅਰੋੜਾ

image

ਚੰਡੀਗੜ੍ਹ 2 ਸਤੰਬਰ (ਨੀਲ ਭਲਿੰਦਰ ਸਿੰਘ) : ਸੂਬੇ ਦੀ ਕਾਨੂੰਨ ਵਿਵਸਥਾ 'ਤੇ ਡੂੰਘੀ ਚਿੰਤਾ ਜ਼ਾਹਰ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਹੈ ਕਿ ਸੂਬੇ ਵਿਚ ਜੰਗਲ ਰਾਜ ਵਰਗੇ ਹਾਲਾਤ ਬਣ ਚੱਕੇ ਹਨ। ਪਾਰਟੀ ਹੈੱਡਕੁਆਟਰ ਤੋਂ ਜਾਰੀ ਸੰਯੁਕਤ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਅਤੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਇਕ ਤੋਂ ਬਾਅਦ ਇਕ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਨੇ ਆਮ ਲੋਕਾਂ ਦੇ ਦਿਲਾਂ ਵਿਚ ਦਹਿਸ਼ਤ ਵਾਲਾ ਮਾਹੌਲ ਪੈਦਾ ਕਰ ਦਿਤਾ ਹੈ, ਉਥੇ ਹੀ ਅਜਿਹੀ ਘਟਨਾਵਾਂ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੀ ਪੋਲ ਖੋਲ੍ਹ ਰਹੀਆਂ ਹਨ।

image


ਅਮਨ ਅਰੋੜਾ ਕਿਹਾ ਕਿ ਸੁਰੇਸ਼ ਰੈਨਾ ਦੇ ਕਰੀਬੀ ਰਿਸ਼ਤੇਦਾਰਾਂ 'ਤੇ ਪਠਾਨਕੋਟ ਵਿਚ ਹੋਏ ਜਾਨਲੇਵਾ ਹਮਲੇ ਤੋਂ ਇਲਾਵਾ ਬਟਾਲਾ ਦੇ ਕੋਲ ਪ੍ਰਸਿੱਧ ਕਬੱਡੀ ਖਿਡਾਰੀ ਦੀ ਹਤਿਆ ਅਤੇ ਜਲੰਧਰ ਵਿਚ ਇਕ 15 ਸਾਲ ਦੀ ਬਹਾਦਰ ਲੜਕੀ ਉੱਤੇ ਹੋਏ ਹਮਲੇ ਵਰਗੀ ਘਟਨਾਵਾਂ ਦੇ ਹਵਾਲੇ ਨਾਲ ਕਿਹਾ ਕਿ ਅਪਰਾਧੀ ਅਤੇ ਬਦਮਾਸ਼ਾਂ ਦੇ ਮਨ ਵਿਚ ਕਾਨੂੰਨ ਅਤੇ ਪੁਲਿਸ ਦਾ ਕੋਈ ਡਰ ਨਹੀਂ ਹੈ।


ਅਮਨ ਅਰੋੜਾ ਅਤੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਜਦੋਂ ਵਧਦੇ ਅਪਰਾਧਕ ਘਟਨਾਵਾਂ ਦੇ ਕਾਰਨ ਸ਼ਰੀਫ਼ ਅਤੇ ਕਾਨੂੰਨ ਨੂੰ ਮੰਨਣ ਵਾਲੇ ਨਾਗਰਿਕਾਂ ਦੇ ਮਨ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਜਾਵੇ ਅਤੇ ਅਪਰਾਧੀਆਂ ਦੇ ਹੌਸਲੇ ਬੁਲੰਦ ਹੋਣ ਤਾਂ ਇਸ ਲਈ ਸਿੱਧਾ ਸਰਕਾਰ ਜ਼ਿੰਮੇਵਾਰ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ (ਜਿਨ੍ਹਾਂ ਦੇ ਕੋਲ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ ਵੀ ਹੈ) ਸੂਬੇ ਵਿਚ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਵਿਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਏ ਹਨ। ਇਸ ਲਈ ਅਸੀਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਕਹਿੰਦੇ ਹਾਂ ਕਿ ਉਹ ਜਾਂ ਤਾਂ ਅਪਣੀ ਜ਼ਿੰਮੇਵਾਰੀਆਂ ਦੇ ਪ੍ਰਤੀ ਗੰਭੀਰ ਹੋਣ ਜਾਂ ਫਿਰ ਗ੍ਰਹਿ ਮੰਤਰੀ ਦੀ ਜ਼ਿੰਮੇਵਾਰੀ ਛੱਡ ਦੇਣ।