ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਵੀ ਸੀਨੀਅਰ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਸੰਭਾਲੀ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਸੂਬਾ ਸਰਕਾਰ ਨੇ ਪਰਾਲੀ ਸਾੜਨ ਦੀ ਰੋਕਥਾਮ ਲਈ ਕਿਸਾਨਾਂ ਸਮੇਤ ਸਾਰੇ ਭਾਈਵਾਲਾਂ ਨੂੰ ਇਸ ਗੰਭੀਰ ...

Punjab CM Amarinder Singh

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਸੂਬਾ ਸਰਕਾਰ ਨੇ ਪਰਾਲੀ ਸਾੜਨ ਦੀ ਰੋਕਥਾਮ ਲਈ ਕਿਸਾਨਾਂ ਸਮੇਤ ਸਾਰੇ ਭਾਈਵਾਲਾਂ ਨੂੰ ਇਸ ਗੰਭੀਰ ਸਮੱਸਿਆ ਬਾਰੇ ਜਾਣੂੰ ਕਰਵਾਉਣ ਅਤੇ ਪ੍ਰੇਰਿਤ ਕਰਨ ਤੋਂ ਇਲਾਵਾ ਝੋਨੇ ਦੀ ਖਰੀਦ ਦਾ ਰੋਜ਼ਾਨਾ ਆਧਾਰ 'ਤੇ ਜਾਇਜ਼ਾ ਲੈਣ ਲਈ 10 ਸੀਨੀਅਰ ਪ੍ਰਸ਼ਾਸਕੀ ਸਕੱਤਰਾਂ ਨੂੰ ਤਾਇਨਾਤ ਕੀਤਾ ਹੈ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਪਰਾਲੀ ਸਾੜਣ ਵਿਰੋਧੀ ਮੁਹਿੰਮ ਸਬੰਧੀ ਸੂਬੇ ਦੇ ਨੋਡਲ ਅਫਸਰ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਵਿਆਪਕ ਕਾਰਜ ਵਿੱਚ ਜੁਟੀਆਂ ਸਾਰੀਆਂ ਏਜੰਸੀਆਂ ਅਤੇ

ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਕਿ ਝੋਨੇ ਦੀ ਨਿਰਵਿਘਨ ਖਰੀਦ ਕਾਰਜਾਂ ਨੂੰ ਵੀ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ 200 ਲੱਖ ਮੀਟਰਕ ਟਨ ਝੋਨੇ ਦੀ ਫਸਲ ਆਉਣ ਦੀ ਆਸ ਹੈ ਜਿਸ ਲਈ ਪੁਖਤਾ ਪ੍ਰਬੰਧ ਕਰਨ ਤੋਂ ਇਲਾਵਾ ਮੰਡੀਆਂ ਵਿੱਚ ਕਿਸਾਨਾਂ ਲਈ ਬੁਨਿਆਦੀ ਸਹੂਲਤਾਂ ਨੂੰ ਵੀ ਯਕੀਨੀ ਬਣਾਇਆ ਗਿਆ ਹੈ। ਸ੍ਰੀ ਪੰਨੂ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਨੇ ਸੀਨੀਅਰ ਪ੍ਰਸ਼ਾਸਕੀ ਸਕੱਤਰਾਂ ਨੂੰ ਆਖਿਆ ਕਿ ਉਨ੍ਹਾਂ ਨੂੰ ਅਲਾਟ ਕੀਤੇ ਗਏ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਣ 'ਤੇ ਕਾਬੂ ਪਾਉਣ ਲਈ ਪ੍ਰਭਾਵੀ ਢੰਗ ਨਾਲ ਤਾਲਮੇਲ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਵਧੀਕ ਮੁੱਖ ਸਕੱਤਰ (ਕਰ) ਐਮ.ਪੀ. ਸਿੰਘ ਤੇ ਸਕੱਤਰ ਤਕਨੀਕੀ ਸਿੱਖਿਆ ਡੀ.ਕੇ. ਤਿਵਾੜੀ ਇਸ ਮੁਹਿੰਮ ਤਹਿਤ ਕਪੂਰਥਲਾ, ਜਲੰਧਰ, ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਤਾਲਮੇਲ ਕਰਨਗੇ ਜਦਕਿ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਤੇ ਸਕੱਤਰ ਲੋਕ ਨਿਰਮਾਣ ਹੁਸਨ ਲਾਲ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਮੁਹਿੰਮ ਦੀ ਨਿਗਰਾਨੀ ਕਰਨਗੇ। ਇਸੇ ਤਰ੍ਹਾਂ ਵਧੀਕ ਮੁੱਖ ਸਕੱਤਰ (ਖੇਡਾਂ) ਸੰਜੇ ਕੁਮਾਰ ਅਤੇ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ

ਜ਼ਿਲ੍ਹਾ ਲੁਧਿਆਣਾ, ਮੋਗਾ, ਫਤਹਿਗੜ੍ਹ ਸਾਹਿਬ, ਰੋਪੜ ਅਤੇ ਮੁਹਾਲੀ ਵਿੱਚ ਪਰਾਲੀ ਸਾੜਣ ਦੀ ਰੋਕਥਾਮ ਸਬੰਧੀ ਸਮੁੱਚੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਨਗੇ ਜਦਕਿ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਅਨੁਰਾਮ ਵਰਮਾ ਤੇ ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ ਤਰਨ ਤਾਰਨ, ਅੰਮ੍ਰਿਤਸਰ, ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਨਿਗਰਾਨੀ ਕਰਨਗੇ।

ਇਸੇ ਤਰ੍ਹਾਂ ਪ੍ਰਮੁੱਖ ਸਕੱਤਰ ਵਿਗਿਆਨ ਤਕਨਾਲੋਜੀ ਆਰ.ਕੇ. ਵਰਮਾ ਤੇ ਸਕੱਤਰ ਖੇਤੀਬਾੜੀ ਅਤੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਕਾਹਨ ਸਿੰਘ ਪੰਨੂ ਇਸ ਸਬੰਧ ਵਿੱਚ ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਨਿਗਰਾਨੀ ਕਰਨਗੇ। ਉਨ੍ਹਾਂ ਅੱਗੇ ਦੱਸਿਆ ਕਿ ਇਹ ਅਧਿਕਾਰੀ 4 ਅਕਤੂਬਰ ਤੋਂ ਆਪੋ-ਆਪਣੇ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕਰਨਗੇ।