ਜਥੇਦਾਰ ਗੜਗਜ ਨੇ ਭਾਰਤ ਸਰਕਾਰ ਵੱਲੋਂ ਸਿੱਖ ਜਥੇ ਨੂੰ ਨਨਕਾਣਾ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਦੀ ਮਨਜ਼ੂਰੀ ਦਾ ਕੀਤਾ ਸਵਾਗਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਵੀ ਖੋਲ੍ਹਣ ਲਈ ਕੀਤੀ ਅਪੀਲ

Jathedar Gargaj welcomes the Indian government's permission for Sikh groups to visit Nankana Sahib and other shrines

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਹਰ ਸਾਲ ਜਾਂਦੇ ਸਿੱਖ ਜਥੇ ਨੂੰ ਜਾਣ ਦੀ ਪ੍ਰਵਾਨਗੀ ਦਾ ਸੁਆਗਤ ਕਰਦਿਆਂ ਇਸ ਨੂੰ ਸਿੱਖ ਸੰਗਤਾਂ ਦੀਆਂ ਅਰਦਾਸਾਂ ਦੀ ਸਫ਼ਲਤਾ ਆਖਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚਕਾਰ ਹੋਏ ਸਮਝੌਤੇ ਅਨੁਸਾਰ ਹਰ ਸਾਲ ਸਿੱਖ ਜਥੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਹਨ ਅਤੇ ਭਾਰਤ ਸਰਕਾਰ ਵੱਲੋਂ ਪਹਿਲਾਂ ਜਥਾ ਨਾ ਭੇਜਣ ਦੇ ਫੈਸਲੇ ਨਾਲ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ ਸੀ।

ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਭਾਰਤ ਸਰਕਾਰ ਨੇ ਸਮਾਂ ਰਹਿੰਦਿਆਂ ਸਿੱਖ ਸੰਸਥਾਵਾਂ ਤੇ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਪਹਿਲਾਂ 12 ਸਤੰਬਰ ਨੂੰ ਜਥਾ ਨਾ ਭੇਜਣ ਦੇ ਕੀਤੇ ਫੈਸਲੇ ਦੀ ਮੁੜ ਸਮੀਖਿਆ ਕੀਤੀ ਤੇ ਹੁਣ ਜਥਾ ਭੇਜਣ ਦਾ ਫੈਸਲਾ ਕੀਤਾ ਹੈ। ਜਥੇਦਾਰ ਗੜਗੱਜ ਨੇ ਕਿਹਾ ਸਮੁੱਚੇ ਸੰਸਾਰ ਅੰਦਰ ਵੱਸਦੇ ਸਿੱਖਾਂ ਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਵੱਲੋਂ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਮੌਕੇ ਹਰ ਸਿੱਖ ਗੁਰੂ ਸਾਹਿਬ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਨੂੰ ਲੋਚਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਜਥੇ ਲਗਾਤਾਰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਰਹਿਣੇ ਚਾਹੀਦੇ ਹਨ ਤਾਂ ਜੋ ਦੋਵੇਂ ਦੇਸ਼ਾਂ ਵਿਚਕਾਰ ਆਪਸੀ ਭਾਈਚਾਰਕ ਸਾਂਝ ਵਧੇ ਤੇ ਮਾਹੌਲ ਚੰਗਾ ਹੋਵੇ। ਉਨ੍ਹਾਂ ਕਿਹਾ ਕਿ ਇਸ ਖ਼ਿੱਤੇ ਵਿੱਚ ਅਮਨ ਤੇ ਸ਼ਾਂਤੀ ਲਈ ਜ਼ਰੂਰੀ ਹੈ ਕਿ ਭਾਰਤ ਤੇ ਪਾਕਿਸਤਾਨ ਦੇ ਰਿਸ਼ਤੇ ਆਪਸ ਵਿੱਚ ਚੰਗੇ ਹੋਣ ਤੇ ਦੋਵੇਂ ਦੇਸ਼ ਇੱਕ ਦੂਜੇ ਨਾਲ ਵਪਾਰ ਦੇ ਰਸਤੇ ਵੀ ਖੋਲ੍ਹਣ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਰਤ ਸਰਕਾਰ ਨੂੰ ਪਿਛਲੇ ਤਣਾਅ ਵਾਲੇ ਸਮੇਂ ਤੋਂ ਬੰਦ ਪਏ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਵੀ ਖੋਲ੍ਹਣ ਲਈ ਆਖਿਆ ਤਾਂ ਜੋ ਜਿਹੜੀ ਸੰਗਤ ਜਥਿਆਂ ਵਿੱਚ ਨਾ ਜਾ ਸਕੇ ਉਹ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਆਪਣਾ ਜੀਵਨ ਸਫ਼ਲ ਕਰ ਸਕੇ। ਉਨ੍ਹਾਂ ਸਿੱਖ ਜਥਿਆਂ ਦੀ ਬਹਾਲੀ ਲਈ ਸਿੱਖ ਸੰਸਥਾਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼ਖ਼ਸੀਅਤਾਂ ਵੱਲੋਂ ਸਰਕਾਰ ਨਾਲ ਲਿਖਾ-ਪੜ੍ਹੀ ਕਰਕੇ ਕੀਤੇ ਗਏ ਯਤਨਾਂ ਦੀ ਵੀ ਸ਼ਲਾਘਾ ਕੀਤੀ