ਅੰਮ੍ਰਿਤਸਰ ਜ਼ਿਲ੍ਹੇ ਦੇ ਸਕੂਲਾਂ 'ਚ ਛੁੱਟੀ ਦੇ ਬਾਵਜੂਦ ਵੀ ਹੋਵੇਗੀ ਮੀਟਿੰਗ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤਾ ਸੀ ਛੁੱਟੀ ਦਾ ਐਲਾਨ
ਅੰਮ੍ਰਿਤਸਰ - ਬੇਸ਼ਕ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਪੰਜਾਬ ਸਰਕਾਰ ਨੇ ਵੱਖੋ-ਵੱਖ ਨੋਟੀਫਿਕੇਸ਼ਨ ਜਾਰੀ ਕਰਕੇ ਅੰਮ੍ਰਿਤਸਰ ਜ਼ਿਲ੍ਹੇ 'ਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਛੁੱਟੀ ਦਾ ਐਲਾਨ ਕੀਤਾ ਸੀ ਪਰ ਇਸ ਦੇ ਬਾਵਜੂਦ ਵੀ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਨਾਂ ਹੇਠ ਸੋਸ਼ਲ ਮੀਡੀਆ 'ਤੇ ਮੈਸੇਜ ਜਾਰੀ ਕਰ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਣ ਵਾਲੀ ਮਾਪੇ ਅਧਿਆਪਕ ਮਿਲਣੀ ਕਰਨ ਲਈ ਕਿਹਾ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਇਹ ਵੀ ਪਤਾ ਲੱਗਾ ਹੈ ਕਿ ਕੁਝ ਬਲਾਕਾਂ ਦੇ ਬੀ. ਈ. ਓਜ਼. ਨੇ ਇਸ ਮੀਟਿੰਗ ਤੋਂ ਬਾਅਦ ਵੀ ਅਧਿਆਪਕਾਂ ਦੀ ਮੀਟਿੰਗ ਰੱਖੀ ਹੈ। ਇਸ ਬਾਬਤ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਕੰਵਲਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਅੰਦਰ ਸਰਕਾਰੀ ਛੁੱਟੀ ਦਾ ਐਲਾਨ ਕੱਲ੍ਹ ਐਤਵਾਰ ਨੂੰ ਹੋਇਆ ਸੀ ਜਦੋਂ ਕਿ ਮਾਪੇ ਅਧਿਆਪਕ ਮੀਟਿੰਗ ਪਹਿਲਾਂ ਹੀ ਰੱਖੀ ਗਈ ਸੀ। ਉਨ੍ਹਾਂ ਦੱਸਿਆ ਕਿ ਅਧਿਆਪਕ ਅੱਜ ਛੁੱਟੀ ਹੋਣ ਕਰਕੇ ਅਗਲੇ ਦਿਨ ਵੀ ਮੀਟਿੰਗ ਕਰ ਸਕਦੇ ਹਨ।
ਇਸ ਦੇ ਨਾਲ ਹੀ ਦੱਸ ਦਈਏ ਕਿ ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਪਹਿਲੀ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਮੁਲਾਂਕਣ ਕਰਨ ਅਤੇ ਇਸ ਵਿਚ ਹੋਰ ਸੁਧਾਰ ਲਿਆਉਣ ਲਈ ਦੋ ਅਤੇ ਤਿੰਨ ਨਵੰਬਰ 2020 ਨੂੰ ਸਾਰੇ ਸਕੂਲਾਂ ਵਿਚ ਮਾਪੇ-ਅਧਿਆਪਕ ਮੀਟਗਾਂ ਕਰਨ ਦੇ ਨਿਰਦੇਸ਼ ਦਿੱਤੇ ਸਨ।