ਸਿੱਖ ਨਸਲਕੁਸ਼ੀ ਦੇ ਸ਼ਹੀਦਾਂ ਦੀ ਯਾਦ ’ਚ ਦਿੱਲੀ ਕਮੇਟੀ ਅਤੇ ਪੀੜਤ ਪ੍ਰਵਾਰਾਂ ਨੇ ਕਢਿਆ ਮੋਮਬੱਤੀ ਮਾਰਚ

ਏਜੰਸੀ

ਖ਼ਬਰਾਂ, ਪੰਜਾਬ

ਸਿੱਖ ਨਸਲਕੁਸ਼ੀ ਦੇ ਸ਼ਹੀਦਾਂ ਦੀ ਯਾਦ ’ਚ ਦਿੱਲੀ ਕਮੇਟੀ ਅਤੇ ਪੀੜਤ ਪ੍ਰਵਾਰਾਂ ਨੇ ਕਢਿਆ ਮੋਮਬੱਤੀ ਮਾਰਚ

image

ਨਵੀਂ ਦਿੱਲੀ, 1 ਨਵੰਬਰ (ਸੁਖਰਾਜ ਸਿੰਘ): ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਅੱਜ ਇਥੇ 1984 ਦੀ ਸਿੱਖ ਨਸਲਕੁਸ਼ੀ ਦੇ ਸ਼ਹੀਦਾਂ ਸਬੰਧੀ ਮੋਮਬੱਤੀ ਮਾਰਚ ਕਢਿਆ ਅਤੇ ਐਲਾਨ ਕੀਤਾ ਕਿ ਜਦੋਂ ਤਕ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲਦੀਆਂ, ਉਦੋਂ ਤਕ ਸੰਘਰਸ਼ ਜਾਰੀ ਰਹੇਗਾ।
ਇਹ ਮੋਮਬੱਤੀ ਮਾਰਚ ਗੁਰਦਵਾਰਾ ;੍ਰੀ ਰਕਾਬ ਗੰਜ ਸਾਹਿਬ ਤੋਂ ਸ਼ੁਰੂ ਹੋਇਆ ਜੋ ‘ਸੱਚ ਦੀ ਕੰਧ’ ’ਤੇ ਜਾ ਕੇ ਸਮਾਪਤ ਹੋਇਆ। ਇਸ ਰੋਸ ਮਾਰਚ ਦੀ ਅਗਵਾਈ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੀਤੀ। ਇਸ ਮੌਕੇ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਵੀ ਮੌਜੂਦ ਸਨ। ਇਸ ਮੌਕੇ ਸ. ਸਿਰਸਾ ਨੇ ਕਿਹਾ ਕਿ 1984 ਦੀ ਸਿੱਖ ਨਸਲਕੁਸ਼ੀ ਅਜਿਹਾ ਵਰਤਾਰਾ ਹੈ ਜਿਸ ਨੂੰ ਰਹਿੰਦੀ ਦੁਨੀਆਂ ਤਕ ਸਿੱਖ ਕੌਮ ਕਦੇ ਭੁਲਾ ਨਹੀਂ ਸਕਦੀ। ਇਸ ਮੌਕੇ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਕਮੇਟੀ 1984 ਦੇ ਸਿੱਖ ਕਤਲੇਆਮ ਦੇ ਸਾਰੇ ਪੀੜਤਾਂ ਦੇ ਮੁੜ ਵਸੇਬੇ ਅਤੇ ਮੁਆਵਜ਼ੇ ਨੂੰ ਯਕੀਨੀ ਬਣਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਪਹਿਲੇ ਦਿਨ ਤੋਂ ਕਤਲੇਆਮ ਦੇ ਪੀੜਤਾਂ ਲਈ ਸੰਘਰਸ਼ ਕਰਦੇ ਆ ਰਹੇ ਹਾਂ ਤੇ ਜਦੋਂ ਤਕ ਇਨਸਾਫ਼ ਨਹੀਂ ਮਿਲ ਜਾਂਦਾ ਸੰਘਰਸ਼ ਕਰਦੇ ਰਹਾਂਗੇ।
ਇਸ ਮੌਕੇ ਮੋਮਬੱਤੀ ਮਾਰਚ ਵਿਚ ਸ਼ਾਮਲ ਲੋਕਾਂ ਨੇ ‘5000 ਲਾਸ਼ੋ ਪਰ ਸਰਕਾਰ ਚੁੱਪ ਕਿਉਂ’, ’ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਗ੍ਰਿਫ਼ਤਾਰ ਕਰੋ ਗ੍ਰਿਫ਼ਤਾਰ ਕਰੋ’ ਆਦਿ ਨਾਹਰੇ ਲਿਖੇ ਹੋਏ ਸਨ।