ਮਾਈਨਿੰਗ ਸਾਈਟ ਦਾ ਠੇਕਾ ਰੱਦ ਕਰਨ ’ਤੇ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ 50,000 ਰੁਪਏ ਦਾ ਜੁਰਮਾਨਾ
1 ਹਫ਼ਤੇ ਦੇ ਅੰਦਰ ਰਕਮ ਪਟੀਸ਼ਨਰ ਕੰਪਨੀ ਨੂੰ ਦੇਣ ਦੇ ਹੁਕਮ
ਚੰਡੀਗੜ੍ਹ: ਨਿਯਮਾਂ ਦੇ ਉਲਟ ਹੁਸ਼ਿਆਰਪੁਰ ਮਾਈਨਿੰਗ ਸਾਈਟ ਦਾ ਠੇਕਾ ਰੱਦ ਕਰਨ 'ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 50,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਸ ਦੇ ਨਾਲ ਹੀ ਇਹ ਰਕਮ ਪਟੀਸ਼ਨਰ ਕੰਪਨੀ ਨੂੰ 1 ਹਫ਼ਤੇ ਦੇ ਅੰਦਰ ਦੇਣ ਦੇ ਹੁਕਮ ਵੀ ਦਿੱਤੇ ਗਏ ਹਨ। ਜਸਟਿਸ ਏਜੀ ਮਸੀਹ ਅਤੇ ਜਸਟਿਸ ਆਲੋਕ ਜੈਨ ਦੀ ਬੈਂਚ ਨੇ ਪ੍ਰਾਈਮ ਵਿਜ਼ਨ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਇਹ ਹੁਕਮ ਦਿੱਤਾ।
ਹਾਈਕੋਰਟ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਜਿਹਾ ਮਾਮਲਾ ਸੁਣਵਾਈ ਲਈ ਆਇਆ ਸੀ। ਉਸ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਭਵਿੱਖ ਵਿਚ ਅਜਿਹਾ ਕਰਨ ਤੋਂ ਪਹਿਲਾਂ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਪਰ ਪੰਜਾਬ ਸਰਕਾਰ ਨੇ ਮੁੜ ਅਜਿਹਾ ਕਰਨ 'ਤੇ ਹਾਈਕੋਰਟ ਨੇ ਸਖ਼ਤੀ ਦਿਖਾਈ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਇਹ ਹੁਕਮ ਗਲਤੀ ਨਾਲ ਜਾਰੀ ਹੋਣ ਦੀ ਗੱਲ ਮੰਨ ਕੇ ਵਾਪਸ ਲੈ ਲਿਆ ਹੈ।
ਹਾਈ ਕੋਰਟ ਨੇ ਦੇਖਿਆ ਕਿ ਪਹਿਲਾਂ ਵੀ ਇਕ ਮਾਮਲੇ ਵਿਚ ਨਿਯਮਾਂ ਦੀ ਉਲੰਘਣਾ ਕੀਤੀ ਗਈ ਸੀ। ਉਸ ਦੌਰਾਨ ਹਾਈਕੋਰਟ ਨੇ ਚਿਤਾਵਨੀ ਦਿੱਤੀ ਸੀ ਕਿ ਅਜਿਹਾ ਦੁਬਾਰਾ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਜਿਸ ਕਾਰਨ ਹਾਈਕੋਰਟ ਨੇ ਸਰਕਾਰ ਨੂੰ 50,000 ਰੁਪਏ ਦਾ ਜੁਰਮਾਨਾ ਲਗਾ ਕੇ ਰਕਮ ਅਦਾ ਕਰਨ ਦੇ ਹੁਕਮ ਦਿੱਤੇ ਹਨ। ਕੰਪਨੀ ਵੱਲੋਂ ਹਾਈ ਕੋਰਟ ਵਿਚ ਪਾਈ ਪਟੀਸ਼ਨ ਵਿਚ ਦੱਸਿਆ ਗਿਆ ਸੀ ਕਿ ਪੰਜਾਬ ਸਰਕਾਰ ਨੇ 23 ਸਤੰਬਰ ਨੂੰ ਹੁਕਮ ਜਾਰੀ ਕਰਕੇ ਠੇਕਾ ਕੀਤਾ ਸੀ ਪਰ ਜਦੋਂ ਮਾਮਲਾ ਹਾਈ ਕੋਰਟ ਪਹੁੰਚਿਆ ਤਾਂ ਸਰਕਾਰ ਨੇ 26 ਅਕਤੂਬਰ ਨੂੰ ਹੁਕਮ ਵਾਪਸ ਲੈ ਲਿਆ।