ਕਿਸਾਨਾਂ ਵਲੋਂ ਟੋਲ ਪਲਾਜ਼ਿਆਂ ਤੇ ਪਟਰੌਲ ਪੰਪਾਂ 'ਤੇ ਧਰਨੇ ਜਾਰੀ
ਕਿਸਾਨਾਂ ਵਲੋਂ ਟੋਲ ਪਲਾਜ਼ਿਆਂ ਤੇ ਪਟਰੌਲ ਪੰਪਾਂ 'ਤੇ ਧਰਨੇ ਜਾਰੀ
ਭਵਾਨੀਗੜ੍ਹ, 1 ਦਸੰਬਰ (ਗੁਰਪ੍ਰੀਤ ਸਿੰਘ ਸਕਰੌਦੀ) : ਤਿੰਨ ਖੇਤੀ ਕਾਨੂੰਨਾਂ ਵਿਰੁਧ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਦਿੱਲੀ ਮੋਰਚੇ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੇ ਕਿਸਾਨਾਂ ਦੀ ਸ਼ਮੂਲੀਅਤ ਦੇ ਬਾਵਜੂਦ ਟੋਲ ਪਲਾਜ਼ਾ ਮਾਝੀ, ਟੌਲ ਪਲਾਜ਼ਾ ਕਾਲਾਝਾੜ ਅਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਖੇ ਅੱਜ 62ਵੇਂ ਦਿਨ ਮੋਦੀ ਸਰਕਾਰ ਵਿਰੁਧ ਜੋਰਦਾਰ ਨਾਹਰੇਬਾਜ਼ੀ ਕੀਤੀ।
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਭਵਾਨੀਗੜ੍ਹ-ਨਾਭਾ ਮੁੱਖ ਮਾਰਗ 'ਤੇ ਸਥਿੱਤ ਪਲਾਜ਼ਾ ਮਾਝੀ ਵਿਖੇ ਧਰਨੇ ਵਿਚ ਵੱਡੀ ਗਿਣਤੀ ਵਿਚ ਔਰਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸਾਨ ਆਗੂ ਸੁਖਦੇਵ ਸਿੰਘ ਬਾਲਦ ਕਲਾਂ, ਬਘੇਲ ਸਿੰਘ ਮਾਝੀ, ਅੰਗਰੇਜ ਸਿੰਘ, ਹਾਕਮ ਸਿੰਘ, ਲਾਭ ਸਿੰਘ ਆਦਿ ਨੇ ਕਿਹਾ ਕਿ ਦਿੱਲੀ ਮੋਰਚੇ ਦੇ ਬਾਵਜੂਦ ਇਥੇ ਵੀ ਸੰਘਰਸ਼ ਦੇ ਅਖਾੜੇ ਮਘਦੇ ਰਹਿਣਗੇ।
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਸੁਖਦੇਵ ਸਿੰਘ ਘਰਾਚੋਂ, ਮੇਵਾ ਸਿੰਘ ਕਾਲਾਝਾੜ, ਬਲਵੀਰ ਸਿੰਘ ਨਾਗਰਾ ਅਤੇ ਚਰਨਜੀਤ ਕੌਰ ਰਾਜਪੁਰਾ ਦੀ ਅਗਵਾਈ ਹੇਠ ਟੋਲ ਪਲਾਜ਼ਾ ਕਾਲਾਝਾੜ ਅਤੇ ਪਟਰੌਲ ਪੰਪ ਬਾਲਦ ਕਲਾਂ ਵਿਖੇ ਲਗਾਏ ਧਰਨੇ ਵਿਚ ਬੁਲਾਰਿਆਂ ਨੇ ਕਿਹਾ ਕਿ ਕਿਸਾਨ ਸੰਘਰਸ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਅਤੇ ਬਿਜਲੀ ਕਾਨੂੰਨ ਨੂੰ ਰੱਦ ਕਰਵਾਉਣ ਤਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਨੂੰ ਹੁਣ ਹੋਰ ਵੀ ਸਹਿਯੋਗ ਮਿਲ ਰਿਹਾ ਹੈ।
ਫੋਟੋ ਨੰ. 1 ਐਸ.ਐਨ.ਜੀ 18