ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ: ਆਸ਼ੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਕੀਮ ਤਹਿਤ ਸੂਬੇ ਦੇ ਤਕਰੀਬਨ 2,37,200 ਪਰਿਵਾਰਾਂ ਦੇ 9,48,801 ਮੈਂਬਰਾਂ ਨੂੰ ਅਨਾਜ ਮੁਹੱਈਆ ਕਰਵਾਇਆ ਜਾਵੇਗਾ

Bharat Bhushan Ashu and Others

ਚੰਡੀਗੜ : ਪੰਜਾਬ ਸਰਕਾਰ  ਵਲੋਂ ਸੂਬੇ ਵਿੱਚ ਸ਼ੁਰੂ ਕੀਤੀ ਜਾ ਰਹੀ ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ। ਉਕਤ ਪ੍ਰਗਟਾਵਾ ਅੱਜ ਇੱਥੇ ਖ਼ੁਰਾਕ ਤੇ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਮੰਤਰੀ ਭਾਰਤ ਭੂਸ਼ਨ ਆਸ਼ੂ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਗਠਿਤ ਮੰਤਰੀਆਂ ਅਤੇ ਐਮ.ਐਲ.ਏਜ਼ ਅਧਾਰਤ ਸਬ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ ਗਿਆ।

ਇਸ ਮੀਟਿੰਗ ਵਿੱਚ ਸਬ ਕਮੇਟੀ ਮੈਂਬਰ ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਅਰੁਣਾ ਅਰੁਨਾ ਚੌਧਰੀ,ਸੰਦਰ ਸ਼ਾਮ ਅਰੋੜਾ,ਐਮ.ਐਲ.ਏ ਕੁਲਜੀਤ ਸਿੰਘ ਨਾਗਰਾ, ਮਦਨ ਲਾਲ ਜਲਾਲਪੁਰ,ਪ੍ਰੀਤਮ ਸਿੰਘ ਕੋਟਭਾਈ, ਦਵਿੰਦਰ ਸਿੰਘ ਘੁਬਾਇਆ ਤੋਂ ਇਲਾਵਾ ਪ੍ਰਮੁੱਖ ਸਕੱਤਰ ਖ਼ੁਰਾਕ ਤੇ  ਸਿਵਲ ਸਪਲਾਈ ਕੇ.ਏ.ਪੀ. ਸਿਨਹਾ,ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕਿ੍ਰਪਾਲ ਸਿੰਘ ਅਤੇ ਅਨਿੰਦਤਾ ਮਿੱਤਰਾ ਡਾਇਰੈਕਟਰ ਸਿਵਲ ਸਪਲਾਈ ਹਾਜ਼ਰ ਸਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ  ਆਸ਼ੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਅਧੀਨ 1.41 ਕਰੋੜ ਲੋੜਵੰਦਾਂ ਨੂੰ ਸੂਬਾ ਸਰਕਾਰ ਵਲੋਂ ਰਾਸ਼ਨ ਦਿੱਤਾ ਜਾ ਰਿਹਾ ਸੀ ।ਇਸ ਤੋਂ ਇਲਾਵਾ ਵੀ ਕੁਝ ਵਿਅਕਤੀ ਇਸ ਸਕੀਮ ਦਾ ਲਾਭ ਉਠਾਉਣ ਤੋਂ ਵਾਂਝੇ ਰਹਿ ਗਏ ਸਨ। ਜਿਸਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਇਹ ਸਟੇਟ ਸਪਾਂਸਰਡ ਸਕੀਮ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ ਸਨ ਤਾਂ ਜੋ ਹਰੇਕ ਲੋੜਵੰਦ ਨੂੰ ਰਾਸ਼ਨ ਮੁਹੱਈਆ ਹੋ ਸਕੇ।ਇਸ ਸਕੀਮ ਤਹਿਤ ਸੂਬੇ ਦੇ ਤਕਰੀਬਨ 2,37,200 ਪਰਿਵਾਰਾਂ ਦੇ 9,48,801 ਮੈਂਬਰਾਂ ਨੂੰ ਅਨਾਜ ਮੁਹੱਈਆ ਕਰਵਾਇਆ ਜਾਵੇਗਾ  ਜਿਸ ਵਿੱਚ ਹੋਣ ਵਾਲੇ ਸਾਰਾ ਖਰਚ ਪੰਜਾਬ ਸਰਕਾਰ ਵਲੋਂ ਉਠਾਇਆ ਜਾਵੇਗਾ।

ਉਹਨਾਂ ਦੱਸਿਆ ਕਿ ਹੁਣ ਤੱਕ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਅਧੀਨ ਸੂਬੇ ਦੇ 92.35 ਫੀਸਦੀ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ ਕੀਤੀ ਜਾ ਚੁੱਕੀ ਹੈ। ਇਸ ਮੌਕੇ ਸਬ ਕਮੇਟੀ ਦੇ ਮੈਂਬਰਾਂ ਵਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ।