ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਗੋਲਡੀ ਬਰਾੜ ਗ੍ਰਿਫ਼ਤਾਰ!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਲੀਫੋਰਨੀਆਂ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Goldie Brar

ਮੁਹਾਲੀ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ।  ਪੰਜਾਬ ਪੁਲਸ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬਰਾੜ ਦੀ ਹਿਰਾਸਤ ਦੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। 

ਗੋਲਡੀ ਬਰਾੜ ਦੇ ਗ੍ਰਿਫਤਾਰ ਦੀ ਖਬਰ ਮਿਲਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਨੇ  ਕਿਹਾ ਹੈ ਕਿ ਮੈਨੂੰ ਹਾਲੇ ਤੱਕ ਵਿਸ਼ਵਾਸ਼ ਨਹੀਂ ਹੋ ਰਿਹਾ ਪਰ ਪ੍ਰਮਾਤਮਾ ਕਰੇ ਇਹ ਗੱਲ ਸੱਚ ਹੋਵੇ। ਮੈਂ ਇਸ ਲਈ ਪ੍ਰਮਾਤਮਾ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਲੱਖਾਂ ਲੋਕਾਂ ਦੀਆਂ ਦੁਆਵਾਂ ਸੁਣੀਆਂ। ਉਹਨਾਂ ਕਿਹਾ ਕਿ ਗੋਲਡੀ ਬਰਾੜ ਲੱਖਾਂ ਮਾਵਾਂ ਦੇ ਪੁੱਤਾਂ ਨੂੰ ਮਾਰਨ ਦੀਆਂ ਸਾਜ਼ਿਸ਼ਾਂ ਰਚ ਰਿਹਾ ਹੈ। ਪੰਜਾਬ ਨੂੰ ਬਰਬਾਦ ਕਰ ਰਿਹਾ ਹੈ। ਇਹੋ ਜਿਹੇ ਬੰਦੇ ਨੂੰ ਫਾਂਸੀ ਲਗਾ ਦੇਣੀ ਚਾਹੀਦੀ ਹੈ।

ਦੱਸ ਦੇਈਏ ਕਿ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਬਿਆਨ ਦਿੱਤਾ ਸੀ ਕਿ ਗੋਲਡੀ ਬਰਾੜ ਨੂੰ ਫੜਾ ਦਿਓ ਇਸ ਦੇ ਬਦਲੇ ਮੈਂ 2 ਕਰੋੜ ਰੁਪਏ ਦੇਵਾਂਗਾ ਇਸ ਲਈ ਭਾਵੇਂ ਮੈਨੂੰ ਆਪਣੀ ਜ਼ਮੀਨ ਕਿਉਂ ਨਾ ਵੇਚਣੀ ਪਵੇ ਤੇ ਅਗਲੇ ਹੀ ਦਿਨ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਵਿਚ ਨਜ਼ਰਬੰਦ ਕੀਤਾ ਗਿਆ ਹੈ। ਅਜੇ ਤੱਕ ਕੈਲੀਫੋਰਨੀਆ ਸਰਕਾਰ ਵੱਲੋਂ ਕੋਈ ਅਧਿਕਾਰਕ ਬਿਆਨ ਨਹੀਂ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ। ਵਿਦੇਸ਼ਾਂ ਵਿੱਚ ਭਗੌੜੇ ਬਦਮਾਸ਼ਾਂ ਦੀ ਗ੍ਰਿਫਤਾਰੀ ਜਾਂ ਹਿਰਾਸਤ ਲਈ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾਂਦਾ ਹੈ।