ਨਿੱਕੇ-ਨਿੱਕੇ ਖ਼ਾਲਸਿਆਂ ਨੇ ਖ਼ਾਲਸਾ ਰੂਪ 'ਚ ਸੱਜ ਕੇ ਕੀਤੀ ਗੁਰੂ ਕੇ ਲੰਗਰਾਂ ਦੀ ਸੇਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਸ਼ਮੇਸ਼ ਪਿਤਾ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਯੂਟੀ ਚੰਡੀਗੜ੍ਹ ਦੇ ਵੱਖ ਵੱਖ ਗੁਰਦੁਆਰਿਆਂ ਵਿਚ ਸ਼ਰਧਾ ਨਾਲ ਮਨਾਇਆ ਗਿਆ।

Seva

ਚੰਡੀਗੜ੍ਹ: ਦਸ਼ਮੇਸ਼ ਪਿਤਾ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਯੂਟੀ ਚੰਡੀਗੜ੍ਹ ਦੇ ਵੱਖ ਵੱਖ ਗੁਰਦੁਆਰਿਆਂ ਵਿਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਮੂਹ ਸੰਗਤ ਵੱਲੋਂ ਗੁਰਦੁਆਰਿਆਂ ਵਿਚ ਹਾਜ਼ਰੀ ਭਰੀ ਗਈ। ਸਵੇਰ ਤੋਂ ਹੀ ਸੰਗਤਾਂ ਦੀਆਂ ਵੱਡੀਆਂ ਕਤਾਰਾਂ ਗੁਰਦੁਆਰਿਆਂ ਵਿਚ ਨਤਮਸਤਕ ਹੋਣ ਲਈ ਪੁੱਜੀਆਂ ਹੋਈਆਂ ਸਨ।

ਚੰਡੀਗੜ੍ਹ ਦੇ ਸੈਕਟਰ 34 ਡੀ ਵਿਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਵਿਖੇ ਵੀ ਸਿੱਖ ਭਾਈਚਾਰੇ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ 353ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਘਰ ਦੇ ਹਜ਼ੂਰੀ ਰਾਗੀਆਂ ਵਲੋਂ ਸਵੇਰ ਤੋਂ ਲੈ ਕੇ ਸ਼ਾਮ ਤੱਕ ਗੁਰਬਾਣੀ ਕੀਰਤਨ ਅਤੇ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਇਸ ਮੌਕੇ ਸੰਗਤਾਂ ਲਈ ਗੁਰੂ ਦੇ ਲੰਗਰ ਦਾ ਖ਼ਾਸ ਪ੍ਰਬੰਧ ਕੀਤਾ ਗਿਆ ਸੀ। ਸੰਗਤਾਂ ਵੱਲੋਂ ਬੜੀ ਸ਼ਰਧਾ ਨਾਲ ਲੰਗਰ ਵਿਚ ਸੇਵਾ ਕੀਤੀ ਗਈ। ਸੰਗਤਾਂ ਦੇ ਨਾਲ-ਨਾਲ ਛੋਟੀ ਉਮਰ ਦੇ ਸੇਵਾਦਾਰਾਂ ਨੇ ਵੀ ਲੰਗਰ ਵਿਚ ਅਪਣੀ ਸੇਵਾ ਨਿਭਾਈ। ਛੋਟੀ ਉਮਰ ਦੇ ਬੱਚਿਆਂ ਨੇ ਗੁਰਬਾਣੀ ਵਿਚਾਰ ਅਤੇ ਕੀਰਤਨ ਦਾ ਅਨੰਦ ਮਾਣਿਆ। ਇਸ ਦੇ ਨਾਲ ਹੀ ਬੱਚਿਆਂ ਨੇ ਲੰਗਰ ਵਿਚ ਸੇਵਾ ਕੀਤੀ।

ਇਸ ਮੌਕੇ ਕਈ ਸੰਗਤਾਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਦੇ ਲੜ ਲੱਗੀਆਂ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਸੈਕਟਰ 8 ਦੇ ਗੁਰਦਵਾਰਾ ਸਾਹਿਬ, ਕਾਲੀਬੜ, ਸੈਕਟਰ 20 ਦੇ ਗੁਰਦਵਾਰਾ ਸਾਹਿਬ, ਖੇੜੀ, ਸੈਕਟਰ 15 ਅਤੇ ਸਮੂਹ ਗੁਰਦਵਾਰਿਆਂ ਵਿਚ ਸਰਬੰਸ ਦਾਨੀ ਦਸਮ ਪਿਤਾ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ।

ਦੱਸ ਦਈਏ ਕਿ ਸਿਰਫ ਪੰਜਾਬ ਵਿਚ ਹੀ ਨਹੀਂ ਬਲਕਿ ਦੁਨੀਆ ਦੇ ਵੱਖ ਵੱਖ ਦੇਸ਼ਾਂ ਵਿਚ ਵੀ ਸੰਗਤਾਂ ਵੱਲੋਂ ਵੱਡੇ ਪੱਧਰ ‘ਤੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸੰਗਤਾਂ ਵੱਲੋਂ ਨਗਰ ਕੀਰਤਨ ਕੱਢਿਆ ਗਿਆ, ਜਿਸ ਵਿਚ ਸਿੱਖਾਂ ਵੱਲੋਂ ਗੱਤਕੇ ਦੇ ਜੌਹਰ ਵੀ ਦਿਖਾਏ ਗਏ। ਕਥਾਵਾਚਕਾਂ ਵੱਲੋਂ ਸੰਗਤਾਂ ਨੂੰ ਇਤਿਹਾਸ ਨਾਲ ਜਾਣੂ ਕਰਵਾਇਆ ਗਿਆ।