ਸੇਵਾ ਕੇਂਦਰ ਦਾ ਸੀਨੀਅਰ ਮੁਲਾਜ਼ਮ ਤੇ ਇੱਕ ਪ੍ਰਾਈਵੇਟ ਵਿਅਕਤੀ ਮੌਤ ਦਾ ਸਰਟੀਫਿਕੇਟ ਦੇਣ ਬਦਲੇ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

15,000 ਰੁਪਏ ਦੀ ਰਿਸ਼ਵਤ ਮੰਗਦਿਆਂ ਰੰਗੇ ਹੱਥੀਂ ਕਾਬੂ

Vigilance Bureau nabs senior operater sewa kender, private person taking bribe Rs 15,000 to issue death certificate

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੇਵਾ ਕੇਂਦਰ ਬਰਨਾਲਾ ਦਾ ਸੀਨੀਅਰ ਉਪਰੇਟਰ ਅਰਵਿੰਦ ਚਕਸ਼ੂ ਤੇ ਇੱਕ ਪ੍ਰਾਈਵੇਟ ਵਿਅਕਤੀ ਸਤਵਿੰਦਰ ਸਿੰਘ ਉਰਫ ਸਤਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਮੰਗਦੇ ਅਤੇ ਲੈਂਦੇ ਹੋਏ ਰੰਗੇ ਹੱਥੀਂ ਨੂੰ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਵੇਂ ਮੁਲਜ਼ਮਾਂ ਨੂੰ ਸ਼ਿਕਾਇਤਕਰਤਾ ਗੁਰਮੇਲ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੇ ਇੱਕ ਜਾਣਕਾਰ ਦਾ ਮੌਤ ਦਾ ਸਰਟੀਫਿਕੇਟ ਦੇਣ ਬਦਲੇ ਉਕਤ ਸੀਨੀਅਰ ਕਰਮਚਾਰੀ ਅਤੇ ਉਸਦਾ ਸਾਥੀ ਇੱਕ ਪ੍ਰਾਈਵੇਟ ਵਿਅਕਤੀ ਉਸ ਕੋਲੋਂ  15000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਅਰਵਿੰਦ ਚਕਸ਼ੂ ਤੇ ਸਤਵਿੰਦਰ ਸਿੰਘ  ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।