5 ਮਾਰਚ ਨੂੰ ਹੋਣ ਵਾਲੀ ਸੰਕੇਤਿਕ ਭੁੱਖ ਹੜਤਾਲ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ 98ਵੇਂ ਦਿਨ ਜਾਰੀ

Review of preparations for symbolic hunger strike on March 5

ਖਨੌਰੀ ਬਾਰਡਰ: ਅੱਜ 98ਵੇਂ ਦਿਨ ਵੀ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਜਾਰੀ ਰਿਹਾ, ਡਰਿੱਪ ਰਾਹੀਂ ਉਨ੍ਹਾਂ ਦੀ ਡਾਕਟਰੀ ਸਹਾਇਤਾ ਜਾਰੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਭਰ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਦੇਸ਼-ਭਰ ਦੇ ਆਗੂਆਂ ਦੀ ਆਨਲਾਈਨ ਮੀਟਿੰਗ ਹੋਈ ਜਿਸ ਵਿੱਚ ਪੂਰੇ ਭਾਰਤ ਤੋਂ 25 ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਜਗਜੀਤ ਸਿੰਘ ਡੱਲੇਵਾਲ ਜੀ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ 'ਤੇ 5 ਮਾਰਚ ਨੂੰ ਦੇਸ਼ ਭਰ ਵਿੱਚ 1 ਦਿਨ ਦੀ ਸੰਕੇਤਿਕ ਭੁੱਖ ਹੜਤਾਲ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸੂਬਾ ਪੱਧਰੀ ਮਹਾਂਪੰਚਾਇਤਾਂ ਲਈ ਰਣਨੀਤੀ ਬਣਾਈ। ਦੇਸ਼ ਭਰ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਲਈ ਜ਼ਿਲ੍ਹਾ ਪੱਧਰ ’ਤੇ ਮੀਟਿੰਗਾਂ ਦਾ ਦੌਰ ਜਾਰੀ ਹੈ।

ਕਿਸਾਨ ਆਗੂਆਂ ਨੇ ਦੱਸਿਆ ਕਿ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਤਿੰਨਾਂ ਮੋਰਚਿਆਂ ’ਤੇ MSP ਗਰੰਟੀ ਕਾਨੂੰਨ ਦੇ ਮੁੱਦੇ ’ਤੇ ਮਹਿਲਾ ਮਹਾਂਪੰਚਾਇਤ ਕਰੀ ਜਾਵੇਗੀ ਜਿਸ ਦੀਆਂ ਤਿਆਰੀਆਂ ਵੱਡੇ ਪੱਧਰ 'ਤੇ ਚੱਲ ਰਹੀਆਂ ਹਨ। ਕਿਸਾਨ ਆਗੂ ਕੁਰਬਰੂ ਸ਼ਾਂਤਾਕੁਮਾਰ, ਜੋ ਕਿ 14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਮੀਟਿੰਗ ਲਈ ਜਾਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਏ ਸਨ, ਬੰਗਲੌਰ ਵਿੱਚ ਅਪਰੇਸ਼ਨ ਕਰਵਾਉਣ ਤੋਂ ਬਾਅਦ ਤੇਜ਼ੀ ਨਾਲ ਠੀਕ ਹੋ ਰਹੇ ਹਨ ਅਤੇ ਜਲਦੀ ਹੀ ਉਹਨਾ ਦੇ ਮੁੜ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।