ਪਤਨੀ ਨੂੂੰ ਸੀਟ ਨਾ ਮਿਲਣ ਕਾਰਣ ਨਰਾਜ਼ ਨਵਜੋਤ ਸਿੰਘ ਸਿੱਧੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਇਨ੍ਹੀਂ ਦਿਨੀਂ ਨਰਾਜ਼ ਦੱਸੇ ਜਾ ਰਹੇ ਹਨ।

Navjot Singh Sidhu

ਪੰਜਾਬ: ਪੰਜਾਬ ਸਰਕਾਰ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਇਨ੍ਹੀਂ ਦਿਨੀਂ ਨਰਾਜ਼ ਦੱਸੇ ਜਾ ਰਹੇ ਹਨ। ਇਕ ਖਬਰ ਮੁਤਾਬਿਕ ਨਵਜੋਤ ਸਿੰਘ ਸਿੱਧੂ ਬੀਤੇ 20 ਦਿਨਾਂ ਤੋਂ ਕਿਸੇ ਨਾਲ ਗੱਲ ਨਹੀਂ ਕਰ ਰਹੇ ਅਤੇ ਨਾ ਹੀ ਕਿਸੇ ਨੂੰ ਮਿਲ ਰਹੇ ਹਨ। ਸੂਤਰਾਂ ਮੁਤਾਬਿਕ ਨਵਜੋਤ ਸਿੰਘ ਸਿੱਧੂ ਦੀ ਨਰਾਜ਼ਗੀ ਦਾ ਕਾਰਣ ਉਹਨਾਂ ਦੀ ਪਤਨੀ ਨੂੰ ਮਨਪਸੰਦ ਸੀਟ ਤੋਂ ਟਿਕਟ ਨਾ ਮਿਲਣਾ ਦੱਸਿਆ ਜਾ ਰਿਹਾ ਹੈ।

ਦਰਅਸਲ ਨਵਜੋਤ ਸਿੰਘ ਸਿੱਧੂ ਆਪਣੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਪੰਜਾਬ ਦੀ ਚੰਡੀਗੜ੍ਹ ਸੀਟ ਤੋਂ ਖੜੇ ਕਰਨਾ ਚਾਹੁੰਦੇ ਸਨ, ਪਰ ਪਾਰਟੀ ਮੁਖੀ ਨੇ ਚੰਡੀਗੜ੍ਹ ਤੋਂ ਸੀਨੀਅਰ ਕਾਂਗਰਸੀ ਨੇਤਾ ਪਵਨ ਕੁਮਾਰ ਬਾਂਸਲ ਨੂੰ ਟਿਕਟ ਦੇਣ ਦਾ ਐਲਾਨ ਕਰ ਦਿੱਤਾ ਹੈ। ਨਵਜੋਤ ਕੌਰ ਸਿੱਧੂ ਕਿਥੋਂ ਲੋਕ ਸਭਾ ਚੋਣ ਲੜਨਗੇ ਇਸ ਬਾਰੇ ਹਾਲੇ ਕੋਈ ਐਲਾਨ ਨਹੀਂ ਕੀਤਾ ਗਿਆ ਹੈ।

ਨਵਜੋਤ ਕੌਰ ਸਿੱਧੂ ਨੂੰ ਅੰਮ੍ਰਿਤਸਰ ਸੀਟ ਤੋਂ ਵੀ ਟਿਕਟ ਮਿਲਣ ਦੀ ਖਬਰ ਸਾਹਮਣੇ ਆਈ ਸੀ, ਅੰਮ੍ਰਿਤਸਰ ਸੀਟ ਬਹੁਤ ਹੀ ਅਹਿਮ ਮੰਨੀ ਜਾਂਦੀ ਹੈ ਅਤੇ ਬੀਤੀਆਂ ਲੋਕ ਸਭਾ ਚੋਣਾਂ ਵਿਚ ਵੀ ਇਥੋਂ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੇ ਸੀਨੀਅਰ ਨੇਤਾ ਅਤੇ ਮੌਜੂਦਾ ਵਿੱਤ ਮੰਤਰੀ ਅਰੁਣ ਜੇਟਲੀ ਨੂੰ ਹਰਾਇਆ ਸੀ।

ਮੰਨਿਆ ਜਾਂਦਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਵੀ ਬੀਤੀਆਂ ਲੋਕ ਸਭਾ ਚੋਣਾਂ ਵਿਚ ਅੰਮ੍ਰਿਤਸਰ ਸੀਟ ਤੋਂ ਟਿਕਟ ਨਾ ਦਿੱਤੇ ਜਾਣ ‘ਤੇ ਭਾਜਪਾ ਨੂੰ ਛੱਡ ਕੇ ਕਾਂਗਰਸ ਨਾਲ ਹੱਥ ਮਿਲਾਇਆ ਸੀ। ਹੁਣ ਇਕ ਵਾਰ ਫਿਰ ਨਵਜੋਤ ਸਿੰਘ ਸਿੱਧੂ ਨਿਰਾਸ਼ ਹਨ। ਦਰਅਸਲ ਕਾਂਗਰਸ ਨੇ ਅੰਮ੍ਰਿਤਸਰ ਸੀਟ ‘ਤੇ ਮੌਜੂਦਾ ਵਿਧਾਇਕ ਗੁਰਜੀਤ ਸਿੰਘ ਔਜਲਾ ਨੂੰ ਟਿਕਟ ਦਿੱਤੀ ਹੈ।

ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਦੀ ਨਾਰਾਜ਼ਗੀ ਦੀ ਇਕ ਵਜ੍ਹਾ ਇਹ ਵੀ ਦੱਸੀ ਜਾ ਰਹੀ ਹੈ ਕਿ ਹਾਲ ਹੀ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਦੇ ਮੋਗਾ ਜ਼ਿਲ੍ਹੇ ਵਿਚ ਇਕ ਰੈਲੀ ਨੂੰ ਸੰਬੋਧਨ ਕੀਤਾ ਸੀ। ਇਸ ਰੈਲੀ ਵਿਚ ਨਵਜੋਤ ਸਿੰਘ ਸਿੱਧੂ ਨੂੰ ਨਹੀਂ ਬੁਲਾਇਆ ਗਿਆ ਸੀ। ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਦਾ ਨਾਂਅ ਛੱਤੀਸਗੜ੍ਹ ਲਈ ਤੈਅ ਕੀਤੇ ਗਏ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਲਿਸਟ ਵਿਚ ਗਾਇਬ ਹੈ, ਜਦਕਿ ਇਨ੍ਹੀਂ ਦਿਨੀਂ ਉਹਨਾਂ ਦੀ ਬਹੁਤ ਮੰਗ ਹੈ।

ਅਜਿਹੀਆਂ ਖਬਰਾਂ ਵੀ ਆ ਰਹੀਆਂ ਹਨ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਰਕਾਰ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਕਾਰ ਕੁਝ ਠੀਕ ਨਹੀਂ ਚੱਲ ਰਿਹਾ। ਸਿੱਧੂ ਨੇ ਜਦੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਿਰਕਤ ਕੀਤੀ ਸੀ ਅਤੇ ਪਾਕਿਸਤਾਨ ਫੌਜ ਮੁਖੀ ਨੂੰ ਜੱਫੀ ਪਾਈ ਸੀ, ਉਸ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਨਰਾਜ਼ਗੀ ਜਤਾਈ ਸੀ।