ਅਸੀ 30 ਸਾਲ ਪੁਰਾਣੀ ਸਾਂਝ ਭਾਜਪਾ ਨਾਲ ਦਿਨਾਂ ’ਚ ਤੋੜ ਦਿਤੀ: ਸੁਖਬੀਰ ਬਾਦਲ
ਸੁਖਬੀਰ ਸਿੰਘ ਬਾਦਲ ਨੇ ਗਿਣਾਏ ਅਪਣੀ ਸਰਕਾਰ ਵੇਲੇ ਦੇ ਫ਼ਾਇਦੇ
ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੱਲ੍ਹ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸੀਆਂ ਨੇ ਨਾਜਾਇਜ਼ ਸ਼ਰਾਬ ਬਣਾ ਕੇ ਅਤੇ ਰੇਤ ਮਾਫ਼ੀਆਂ ਮੁਹਿੰਮਾਂ ਨਾਲ ਸੂਬੇ ਦੇ ਸਰਕਾਰੀ ਖ਼ਜ਼ਾਨੇ ਦੇ ਹਜ਼ਾਰਾਂ ਕਰੋੜਾਂ ਰੁਪਏ ਦੀ ਲੁੱਟ ਕੀਤੀ ਹੈ।
ਅਕਾਲੀ ਦਲ ਪ੍ਰਧਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਅਸੀ 30 ਸਾਲ ਪੁਰਾਣਾ ਗਠਜੋੜ ਦਿਨਾਂ ਵਿਚ ਹੀ ਤੋੜ ਦਿਤਾ। ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬੀਆਂ ਪ੍ਰਤੀ ਸਮਰਪਤ ਹੈ, ਨਾ ਕਿ ਕਾਂਗਰਸ, ਭਾਜਪਾ ਅਤੇ ‘ਆਪ’ ਵਾਂਗ ਜਿਨ੍ਹਾਂ ਨੂੰ ਸੂਬੇ ਦੇ ਬਾਹਰੋਂ ਕੰਟਰੋਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬੀਆਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ।
ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਨੁੰ ਮੁਫ਼ਤ ਬਿਜਲੀ ਦਾ ਵਾਅਦਾ ਕੀਤਾ ਸੀ ਅਤੇ ਸੱਤਾ ਸੰਭਾਲਣ ਮਗਰੋਂ ਪਹਿਲੀ ਹੀ ਕੈਬਨਿਟ ਮੀਟਿੰਗ ਵਿਚ ਖੇਤੀਬਾੜੀ ਲਈ ਮੁਫ਼ਤ ਬਿਜਲੀ ਸਹੂਲਤ ਦੇਣ ਦਾ ਫ਼ੈਸਲਾ ਲਿਆ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਬਹੁ ਗਿਣਤੀ ਮੰਡੀਕਰਨ ਮੰਡੀਆਂ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਸਥਾਪਤ ਹੋਈਆਂ।
ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਅਟਾਰੀ ਨੂੰ ਅਕਾਲੀ ਸਰਕਾਰ ਵੇਲੇ ਇਕ ਬਲਾ ਅਤੇ ਤਹਿਸੀਲ ਬਣਾਇਆ ਗਿਆ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਕੰਡਿਆਲੀ ਤਾਰ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਲਈ ਅਕਾਲੀ ਸਰਕਾਰ ਵੇਲੇ 10 ਹਜ਼ਾਰ ਰੁਪਏ ਪ੍ਰਤੀ ਕਿਲਾ ਮੁਆਵਜ਼ਾ ਸ਼ੁਰੂ ਕੀਤਾ ਗਿਆ ਸੀ, ਜੋ ਹੁਣ ਕਾਂਗਰਸ ਸਰਕਾਰ ਨੇ ਬੰਦ ਕਰ ਦਿਤਾ ਹੈ।