ਡੈਪੂਟੇਸ਼ਨ ਰੱਦ ਕਰਨ ਦੀ ਮੰਗ ਲੈ ਕੇ ਸਿੱਖਿਆ ਮੰਤਰੀ ਮੀਤ ਹੇਅਰ ਦੇ ਘਰ ਪਹੁੰਚੇ ETT ਅਧਿਆਪਕ
ਗੁਰਮੀਤ ਸਿੰਘ ਮੀਤ ਹੇਅਰ ਨੇ ਬਾਹਰ ਆ ਕੇ ਪ੍ਰਦਰਸ਼ਨਕਾਰੀਆਂ ਨਾਲ ਕੀਤੀ ਗੱਲਬਾਤ, ਮਸਲਾ ਹੱਲ ਕਰਨ ਦਾ ਦਿੱਤਾ ਭਰੋਸਾ
ਬਰਨਾਲਾ : ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਅੱਜ ਡੈਪੂਟੇਸ਼ਨ ਉਤੇ ਚੱਲ ਰਹੇ ਈਟੀਟੀ ਅਧਿਆਪਕਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ।
ਧਰਨਾ ਲਗਾਉਣ ਤੋਂ ਪਹਿਲਾਂ ਈਟੀਟੀ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਮੁਲਾਕਾਤ ਕਰ ਕੇ ਆਪਣੀਆਂ ਸਮੱਸਿਆਵਾਂ ਦੱਸੀਆਂ ਗਈਆਂ। ਮੀਤ ਹੇਅਰ ਵੱਲੋਂ ਵਿਸ਼ਵਾਸ ਦੁਆਇਆ ਗਿਆ ਕਿ ਸਿੱਖਿਆ ਵਿਭਾਗ ਵਿਚ ਆਉਣ ਵਾਲੇ ਦਿਨਾਂ ਵਿਚ ਨਵੀਂਆਂ ਨੀਤੀਆਂ ਬਣਾਈਆਂ ਜਾਣਗੀਆਂ, ਜਿਸ ਲਈ ਸਰਕਾਰ ਨੂੰ ਕੁਝ ਸਮਾਂ ਦੇਣ ਦੀ ਲੋੜ ਹੈ।
ਉਨ੍ਹਾਂ ਈਟੀਟੀ ਅਧਿਆਪਕਾਂ ਨੂੰ ਡੈਪੂਟੇਸ਼ਨਾਂ ਸਬੰਧੀ ਸਮੱਸਿਆ ਦੇ ਹੱਲ ਦਾ ਭਰੋਸਾ ਦਿੱਤਾ। ਉਥੇ ਇਸ ਮੌਕੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਉਹ ਡੈਪੂਟੇਸ਼ਨ ਉਤੇ ਆਪਣੇ ਸਟੇਸ਼ਨਾਂ ਨੂੰ ਛੱਡ ਕੇ 100 ਤੋਂ 200 ਕਿਲੋਮੀਟਰ ਦੂਰ ਡਿਊਟੀ ਕਰ ਰਹੇ ਹਨ, ਜੋ ਸਰਾਸਰ ਵਿਭਾਗ ਦੀ ਪਾਲਿਸੀ ਦੇ ਖ਼ਿਲਾਫ਼ ਹੈ।
ਉਨ੍ਹਾਂ ਦੱਸਿਆ ਕਿ 31 ਮਾਰਚ 2022 ਤੱਕ ਸਾਰੇ ਅਧਿਆਪਕਾਂ ਜਿਹਨਾਂ ਦੀ ਡੈਪੂਟੇਸ਼ਨ ਉਤੇ ਬਦਲੀ ਹੋਈ ਸੀ, ਉਸ ਨੂੰ 1 ਅਪ੍ਰੈਲ ਤੇ 2022 ਡੈਪੂਟੇਸ਼ਨ ਖਤਮ ਕਰਨ ਦੇ ਹੁਕਮ ਜਾਰੀ ਹੋਏ ਸਨ ਪਰ ਅਜੇ ਤੱਕ ਇਹ ਡੈਪੂਟੇਸ਼ਨ ਖਤਮ ਕਰਕੇ ਉਨ੍ਹਾਂ ਨੂੰ ਫਰੀ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਹ ਘਰ ਤੋਂ ਸਕੂਲ ਦੀ ਜ਼ਿਆਦਾ ਦੂਰੀ ਕਾਰਨ ਰੋਜ਼ਾਨਾ ਲੇਟ ਹੋ ਜਾਂਦੇ ਹਨ ਅਤੇ ਸਕੂਲ ਲੇਟ ਪਹੁੰਚਣ 'ਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਹੀ ਜ਼ਲੀਲ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਦੂਜੀਆਂ ਸਰਕਾਰਾਂ ਵਾਂਗ ਹੀ ਕੰਮ ਕਰ ਰਹੀ ਹੈ ਅਤੇ ਅਧਿਆਪਕਾਂ ਸਮੇਤ ਹੋਰ ਕਰਮਚਾਰੀਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਇਸ ਮੌਕੇ ਸਿੱਖਿਆ ਮੰਤਰੀ ਨੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਜਲਦ ਹੀ ਹੱਲ ਕਰਨ ਦਾ ਭਰੋਸਾ ਵੀ ਦਿੱਤਾ।