ਡਾ: ਧਰਮਵੀਰ ਗਾਂਧੀ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ 'ਆਪ' ਦੀ ਉਡਾਈ ਨੀਂਦ !

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੀਐਮ ਭਗਵੰਤ ਮਾਨ ਵੱਲੋਂ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ ਅਤੇ ਉਮੀਦਵਾਰਾਂ ਨਾਲ ਮੀਟਿੰਗਾਂ

file image

Patiala News : ਲੋਕ ਸਭਾ ਚੋਣਾਂ (Lok sabha Election 2024 ) ਨੂੰ ਲੈ ਕੇ ਪੰਜਾਬ 'ਚ ਵੱਖ -ਵੱਖ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿਤੀਆ ਹਨ। ਇਸ ਦੇ ਲਈ ਆਮ ਆਦਮੀ ਪਾਰਟੀ (AAP )  ਅਤੇ ਭਾਜਪਾ ਨੇ ਆਪਣੇ ਕੁੱਝ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ,ਜਦਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਅਜੇ ਤੱਕ ਆਪਣੇ ਸਿਆਸੀ ਪੱਤੇ ਨਹੀਂ ਖੋਲ੍ਹੇ। 

 

ਦਰਅਸਲ 'ਚ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ 'ਆਪ' ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ ,ਕਿਉਂਕਿ ਡਾ: ਧਰਮਵੀਰ ਗਾਂਧੀ ਨੇ ਇਥੋਂ 2014 ਵਿੱਚ ਤਿੰਨ ਵਾਰ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਵਿਰੁੱਧ ਜਿੱਤ ਪ੍ਰਾਪਤ ਕੀਤੀ ਸੀ। 

 

ਓਧਰ ਸੀਐਮ ਭਗਵੰਤ ਮਾਨ ਨੇ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ ਅਤੇ ਪਾਰਟੀ ਉਮੀਦਵਾਰਾਂ ਨਾਲ ਮੀਟਿੰਗਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਤਰਾਂ ਅਨੁਸਾਰ ਸੀਐਮ ਭਗਵੰਤ ਮਾਨ ਨੇ ਮੰਗਲਵਾਰ ਨੂੰ ਪਟਿਆਲਾ ਅਤੇ ਫਰੀਦਕੋਟ ਹਲਕਿਆਂ ਦੇ ਵਿਧਾਇਕਾਂ ਅਤੇ ਉਮੀਦਵਾਰਾਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ ਹਨ। ਸੂਤਰਾਂ ਨੇ ਇਹ ਵੀ ਦੱਸਿਆ ਕਿ ਪਟਿਆਲਾ ਨਾਲ ਸਬੰਧਤ ਮੀਟਿੰਗ ਵਿੱਚ ਇਸ ਗੱਲ 'ਤੇ ਬਹਿਸ ਹੋਈ ਕਿ ਗਾਂਧੀ ਇੱਕ ਮਜ਼ਬੂਤ ਉਮੀਦਵਾਰ ਹਨ, ਜਿਨ੍ਹਾਂ ਨੂੰ ਅਜੇ ਵੀ 'ਆਪ' ਕੇਡਰ ਦੀ ਹਮਾਇਤ ਹਾਸਲ ਹੈ।

 

ਸੂਤਰਾਂ ਦਾ ਕਹਿਣਾ ਹੈ ਕਿ ਪਟਿਆਲਾ ਮੀਟਿੰਗ ਦੌਰਾਨ ਇਹ ਗੱਲ ਵੀ ਉਠੀ ਕਿ ਸ਼੍ਰੋਮਣੀ ਅਕਾਲੀ ਦਲ ਸੰਭਾਵਤ ਤੌਰ 'ਤੇ 'ਨਰਮ' ਉਮੀਦਵਾਰ ਖੜ੍ਹਾ ਕਰੇਗਾ ਤਾਂ ਜੋ ਭਾਜਪਾ ਦੀ ਪ੍ਰਨੀਤ ਕੌਰ ਨੂੰ ਜ਼ਿਆਦਾ ਚੁਣੌਤੀ ਦਾ ਸਾਹਮਣਾ ਨਾ ਕਰਨਾ ਪਵੇ। ਇੱਕ ਸੂਤਰ ਨੇ ਕਿਹਾ, “ਇਹ ਕਿਹਾ ਗਿਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਤੋਂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੂੰ ਮੈਦਾਨ ਵਿੱਚ ਉਤਾਰ ਸਕਦਾ ਹੈ।

 

ਦੱਸ ਦੇਈਏ ਕਿ 'ਆਪ' ਨੇ ਹੁਣ ਤੱਕ 10 ਉਮੀਦਵਾਰਾਂ ਦੇ ਨਾਂ ਦਾ ਐਲਾਨ ਕੀਤਾ ਹੈ ਪਰ ਉਨ੍ਹਾਂ ਵਿੱਚੋਂ ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ ਸੂਬੇ ਦੀ ਸੱਤਾਧਾਰੀ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਿਆ ਹੈ। 'ਆਪ' ਨੇ ਪਟਿਆਲਾ ਤੋਂ ਡਾ: ਬਲਬੀਰ ਸਿੰਘ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ, ਜਿਨ੍ਹਾਂ ਦਾ ਮੁਕਾਬਲਾ ਸਾਬਕਾ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਨਾਲ ਹੋਣ ਦੀ ਸੰਭਾਵਨਾ ਹੈ। ਫਰੀਦਕੋਟ 'ਚ ਪੰਜਾਬੀ ਅਦਾਕਾਰ-ਗਾਇਕ ਕਰਮਜੀਤ ਅਨਮੋਲ ਭਾਜਪਾ ਦੇ ਹੰਸ ਰਾਜ ਹੰਸ ਦੇ ਖਿਲਾਫ ਚੋਣ ਮੈਦਾਨ 'ਚ ਹਨ। ਫ਼ਰੀਦਕੋਟ ਤੋਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਹਾਲੇ ਤੱਕ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ।