Punjab News: ਪੰਜਾਬ ਸਰਕਾਰ ਨੇ ਮੁੱਖ ਮੰਤਰੀ ਤੀਰਥ ਯੋਜਨਾ ਲਈ 100 ਕਰੋੜ ਰੁਪਏ ਦੇ ਫ਼ੰਡ ਕੀਤੇ ਅਲਾਟ
Punjab News: 50 ਸਾਲ ਤੋਂ ਵੱਧ ਦੀ ਉਮਰ ਵਾਲੇ ਕਰ ਸਕਣਗੇ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ
Punjab Government allocates funds of Rs 100 crore for Mukhyamantri Tirth Yojana: ਪੰਜਾਬ ਸਰਕਾਰ ਦੀ ਵੀਰਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ। ਇਸ ਦੌਰਾਨ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਮੁੜ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਹੁਣ 50 ਸਾਲ ਤੋਂ ਵੱਧ ਉਮਰ ਦੇ ਲੋਕ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਸਕਣਗੇ। ਇਸ ਦਾ ਸਾਰਾ ਖ਼ਰਚਾ ਸਰਕਾਰ ਚੁੱਕੇਗੀ।
ਇਸ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ 80 ਉੱਘੇ ਸਕੂਲਾਂ ਲਈ ਮੈਂਟਰਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਵਸਤਾਂ ਮੁਹੱਈਆ ਕਰਵਾਉਣ ਲਈ ਮਾਈਨਿੰਗ ਨੀਤੀ ਵਿੱਚ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸਕੀਮ ਤਹਿਤ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਸਰਕਾਰ ਨੇ ਇਸ ਯੋਜਨਾ ਲਈ 100 ਕਰੋੜ ਰੁਪਏ ਦਾ ਫੰਡ ਅਲਾਟ ਕੀਤਾ ਹੈ।
ਸਕੀਮ ਲਈ ਰਜਿਸਟ੍ਰੇਸ਼ਨ ਅਪ੍ਰੈਲ ਦੇ ਅੰਤ ਵਿੱਚ ਸ਼ੁਰੂ ਹੋਵੇਗੀ ਅਤੇ ਮਈ ਮਹੀਨੇ ਤੋਂ ਯਾਤਰਾ ਸ਼ੁਰੂ ਹੋਵੇਗੀ। ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਕੈਬਨਿਟ ਦੀ ਮੀਟਿੰਗ ਹੋਈ। ਮੁੱਖ ਮੰਤਰੀ ਤੀਰਥ ਯੋਜਨਾ ਬਾਰੇ ਮੀਟਿੰਗ ਵਿੱਚ ਦੱਸਿਆ ਗਿਆ ਕਿ ਸਾਰੀਆਂ ਯਾਤਰਾਵਾਂ ਏਅਰ ਕੰਡੀਸ਼ਨਡ ਵਾਹਨਾਂ ਵਿੱਚ ਕਰਵਾਈਆਂ ਜਾਣਗੀਆਂ। ਯਾਤਰੀਆਂ ਲਈ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਸਰਕਾਰ ਵੱਲੋਂ ਕੀਤਾ ਜਾਵੇਗਾ। ਯਾਤਰਾ ਬੱਸ ਅਤੇ ਰੇਲ ਦੋਵਾਂ ਰਾਹੀਂ ਕੀਤੀ ਜਾਵੇਗੀ।