ਕੈਪਟਨ ਵਲੋਂ ਬਰਗਾੜੀ ਘਟਨਾ ਬਾਰੇ ਸਿਆਸੀ ਲਾਹਾ ਲੈਣ ਲਈ 'ਆਪ' ਤੇ ਹੋਰਾਂ ਆਗੂਆਂ ਦੀ ਆਲੋਚਨਾ
ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਮਾਮਲੇ ਬਾਰੇ ਅਪਣੀ ਸਰਕਾਰ ਦੇ ਨਾਕਾਮ ਰਹਿਣ ਦੇ ਲਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਰੱਦ ਕਰਦੇ ਹੋਏ ਕਿਹਾ ਹੈ ਕਿ ਜਸਟਿਸ ...
ਚੰਡੀਗੜ੍ਹ, ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਮਾਮਲੇ ਬਾਰੇ ਅਪਣੀ ਸਰਕਾਰ ਦੇ ਨਾਕਾਮ ਰਹਿਣ ਦੇ ਲਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਰੱਦ ਕਰਦੇ ਹੋਏ ਕਿਹਾ ਹੈ ਕਿ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਾਲਾ ਕਮਿਸ਼ਨ ਬੇਅਦਬੀ ਦੀਆਂ ਵੱਖ-ਵੱਖ ਘਟਨਾਵਾਂ ਬਾਰੇ ਜਾਂਚ ਕਰ ਰਿਹਾ ਹੈ ਜਿਨ੍ਹਾਂ ਵਿਚ ਫ਼ਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਦੀ ਉਹ ਘਟਨਾ ਵੀ ਸ਼ਾਮਲ ਹੈ ਜਿਸ ਵਿਚ ਦੋ ਵਿਅਕਤੀ ਮਾਰੇ ਗਏ ਸਨ।
ਇਸ ਮੁੱਦੇ ਤੋਂ ਸਿਆਸੀ ਫਾਇਦਾ ਲੈਣ ਦੀ ਕੋਸ਼ਿਸ਼ ਕਰ ਰਹੇ ਆਮ ਆਦਮੀ ਪਾਰਟੀ ਅਤੇ ਹੋਰਨਾਂ ਆਗੂਆਂ ਦੀ ਤਿੱਖੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨਾ ਕੇਵਲ ਕਮਿਸ਼ਨ ਨੇ ਬੇਅਦਬੀ ਦੇ ਪਹਿਲੇ ਕੇਸਾਂ ਦੀ ਵੀ ਚੰਗੀ ਤਰ੍ਹਾਂ ਜਾਂਚ ਕੀਤੀ ਹੈ ਸਗੋਂ ਉਨ੍ਹਾਂ ਦੀ ਸਰਕਾਰ ਵਲੋਂ ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਨਵੀਂਆਂ ਘਟਨਾਵਾਂ ਵਿਚ ਸ਼ਾਮਲ ਦੋਸ਼ੀਆਂ ਵਿਰੁਧ ਵੀ ਸਰਕਾਰ ਵਲੋਂ ਪ੍ਰਭਾਵੀ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਣਜੀਤ ਸਿੰਘ ਕਮਿਸ਼ਨ ਦੀ ਸਥਾਪਨਾ ਅਪ੍ਰੈਲ 2017 ਵਿਚ ਕੀਤੀ ਗਈ ਸੀ
ਅਤੇ ਇਸ ਨੇ ਬਰਗਾੜੀ ਅਤੇ ਬਹਿਬਲ ਕਲਾਂ ਕਾਂਡ ਦੇ ਨਾਲ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਕ ਗ੍ਰੰਥਾਂ ਦੀ ਬੇਅਦਬੀ ਦੇ ਸਾਰੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਉਹ ਇਸ ਵੇਲੇ ਸਬੂਤਾਂ ਨੂੰ ਇਕੱਤਰ ਕਰਨ ਲਈ ਘਟਨਾ ਵਾਲੀਆਂ ਥਾਵਾਂ ਦਾ ਦੌਰਾ ਕਰ ਰਹੇ ਹਨ। ਤਿੰਨ ਹੋਰ ਕੇਸ ਜੋ ਸਾਰੇ 2015 ਨਾਲ ਸਬੰਧਤ ਹਨ, ਸੀ ਬੀ ਆਈ ਕੋਲ ਲੰਬਿਤ ਪਏ ਹਨ, ਦੀ ਉਸ ਵਲੋਂ ਜਾਂਚ ਕੀਤੀ ਜਾ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਕਮਿਸ਼ਨ ਨੂੰ ਸਹਿਯੋਗ ਦੇਣ ਦੀ ਥਾਂ ਇਸ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਸਪੱਸ਼ਟ ਹੈ ਕਿ ਬਾਦਲਾਂ ਦੀ ਅਗਵਾਈ ਵਿਚ ਅਕਾਲੀਆਂ ਨੂੰ ਕਮਿਸ਼ਨ ਦੀ ਜਾਂਚ ਦਾ ਡਰ ਹੈ ਕਿਉਂਕਿ ਇਹ ਕਮਿਸ਼ਨ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਪਿਛਲੀਆਂ ਸਾਜ਼ਸ਼ਾਂ ਦੀ ਬਹੁਤ ਡੂੰਘਾਈ ਨਾਲ ਜਾਂਚ ਕਰ ਰਿਹਾ ਹੈ ਜੋ ਸੂਬੇ ਨੂੰ ਅਸਥਿਰ ਕਰਨ ਲਈ ਰਚੀਆਂ ਸਨ।