ਮੁੱਖ ਮੰਤਰੀ ਨੇ ਡਿਊਟੀ ਨਿਭਾਉਂਦਿਆਂ ਹਾਦਸਿਆਂ ਵਿਚ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਕਰਮੀਆਂ ਦੇ ਬੱਚਿਆਂ ਨੂੰ ਸਿੱਖਿਆ ਲਈ 4-4 ਲੱਖ ਰੁਪਏ ਦੇ ਚੈੱਕ ਦਿਤੇ

CM HANDS OVER CHEQUES WORTH RS 2 CRORE TO NEXT OF KIN OF COPS DIED WHILE PERFORMING DUTY OR ACCIDENTAL DEATH

ਪੁਲਿਸ ਮੁਲਾਜ਼ਮਾਂ ਤੇ ਉਨ੍ਹਾਂ ਦੇ ਪ੍ਰਵਾਰਾਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਨਿਭਾਉਂਦੇ ਸਮੇਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਅਤੇ ਦੁਰਘਟਨਾ ਵਿਚ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ। ਮੁੱਖ ਮੰਤਰੀ ਨੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ 12 ਲੱਖ ਰੁਪਏ (ਪ੍ਰਤੀ ਬੱਚਾ 4 ਲੱਖ ਰੁਪਏ) ਦੇ ਚੈੱਕ ਸੌਂਪੇ।

ਮੁੱਖ ਮੰਤਰੀ ਨੇ ਜਲੰਧਰ ਵਿਖੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਏ.ਐਸ.ਆਈ ਸੰਜੀਵ ਕੁਮਾਰ ਦੇ ਪ੍ਰਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਏ.ਐਸ.ਆਈ ਪਰਨਾਮ ਸਿੰਘ ਅਤੇ ਏ.ਐਸ.ਆਈ ਗੁਰਲਾਲ ਸਿੰਘ ਦੇ ਵਾਰਸਾਂ ਨੂੰ 50-50 ਲੱਖ ਰੁਪਏ ਦੇ ਚੈੱਕ ਸੌਂਪੇ ਜਿਨ੍ਹਾਂ ਦੀ ਵੱਖ-ਵੱਖ ਹਾਦਸਿਆਂ ਵਿਚ ਮੌਤ ਹੋ ਗਈ ਸੀ। ਗੌਰਤਲਬ ਹੈ ਕਿ ਏ.ਐਸ.ਆਈ. ਸੰਜੀਵ ਕੁਮਾਰ ਨੂੰ ਇੱਕ ਬਲੇਰੋ ਗੱਡੀ ਨੇ ਉਸ ਵੇਲੇ ਟੱਕਰ ਮਾਰ ਦਿੱਤੀ ਜਦੋਂ ਉਹ ਜਲੰਧਰ ਵਿਚ ਸਖ਼ਤ ਸੁਰੱਖਿਆ ਵਾਲੇ ਵੀ.ਵੀ.ਆਈ.ਪੀ. ਦੀ ਫੇਰੀ ਦੌਰਾਨ ਵਾਹਨਾਂ ਦੀ ਜਾਂਚ ਕਰ ਰਿਹਾ ਸੀ। ਇਸੇ ਤਰ੍ਹਾਂ ਏ.ਐਸ.ਆਈ. ਪਰਨਾਮ ਸਿੰਘ ਅਤੇ ਗੁਰਲਾਲ ਸਿੰਘ ਦੀ ਵੀ ਵੱਖ-ਵੱਖ ਦੁਰਘਟਨਾਵਾਂ ਕਾਰਨ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਦੇ ਮੀਡਿਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੇ ਸ਼ਾਪਿੰਗ ਮਾਲ ਪਹੁੰਚੀ ਵਿਜੀਲੈਂਸ ਟੀਮ

ਪ੍ਰਵਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬੇ ਵਿਚ ਅਮਨ-ਕਾਨੂੰਨ  ਕਾਇਮ ਰੱਖਣ ਅਤੇ ਅਪਣੀ ਡਿਊਟੀ ਨਿਭਾਉਣ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਇਨ੍ਹਾਂ ਬਹਾਦਰ ਜਵਾਨਾਂ ਦੇ ਪ੍ਰਵਾਰਾਂ ਦੀ ਮਦਦ ਕਰੇ ਅਤੇ ਉਨ੍ਹਾਂ ਦੀ ਭਲਾਈ ਯਕੀਨੀ ਬਣਾਏ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪੁਲਿਸ ਮੁਲਾਜ਼ਮਾਂ ਦੇ ਪ੍ਰਵਾਰਾਂ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਦੀ ਬਹਾਦਰ ਸੈਨਿਕਾਂ ਅਤੇ ਉਨ੍ਹਾਂ ਦੇ ਪ੍ਰਵਾਰਵਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਤਹਿਤ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਸੂਬੇ ਵਲੋਂ ਕੀਤਾ ਗਿਆ ਇਹ ਨਿਮਾਣਾ ਜਿਹਾ ਉਪਰਾਲਾ ਇੱਕ ਪਾਸੇ ਪੀੜਤ ਪ੍ਰਵਾਰਵਾਂ ਦੀ ਮਦਦ ਕਰਨ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿਚ ਸਹਾਈ ਸਿੱਧ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪ੍ਰਵਾਰਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਇਸ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਪ੍ਰਵਾਰਾਂ ਨੇ ਵੀ ਮੁੱਖ ਮੰਤਰੀ ਦਾ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਤਹਿ ਦਿਲੋਂ ਧਨਵਾਦ ਕੀਤਾ। ਉਨ੍ਹਾਂ ਨੇ ਭਗਵੰਤ ਮਾਨ ਦੀ ਇਸ ਨੇਕ ਉਪਰਾਲੇ ਲਈ ਸ਼ਲਾਘਾ ਕੀਤੀ ਜੋ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ, ਸਪੈਸ਼ਲ ਡੀ.ਜੀ.ਪੀ. ਈਸ਼ਵਰ ਸਿੰਘ ਅਤੇ ਹੋਰ ਵੀ ਮੌਜੂਦ ਸਨ।