ਕੇਜਰੀਵਾਲ ਨੇ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੀ ਗੂੰਜ ਦੇਸ਼ ਵਿਦੇਸ਼ ਵਿਚ ਭਾਰਤੀ ਖ਼ਾਸਕਰ ਪੰਜਾਬੀ ਭਾਈਚਾਰੇ ਤਕ ਪਈ ਹੈ

Kejriwal

ਚੰਡੀਗੜ੍ਹ, 2 ਅਗੱਸਤ (ਨੀਲ ਭਾਲਿੰਦਰ ਸਿੰਘ): ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੀ ਗੂੰਜ ਦੇਸ਼ ਵਿਦੇਸ਼ ਵਿਚ ਭਾਰਤੀ ਖ਼ਾਸਕਰ ਪੰਜਾਬੀ ਭਾਈਚਾਰੇ ਤਕ ਪਈ ਹੈ। ਤਾਜ਼ਾ ਅੰਕੜਿਆਂ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ 90 ਤਕ ਪਹੁੰਚ ਗਈ ਹੈ। ਇਸ ਮੁੱਦੇ 'ਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਪੰਜਾਬ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਦੁੱਖ ਜ਼ਾਹਰ ਕੀਤਾ ਅਤੇ ਨਾਲ ਹੀ ਉਨ੍ਹਾਂ ਨੇ ਇਸ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ।

 

ਉਨ੍ਹਾਂ ਨੇ ਟਵੀਟ ਵਿਚ ਸੂਬਾ ਸਰਕਾਰ ਨੂੰ ਸ਼ਰਾਬ ਮਾਫ਼ੀਆ ਵਿਰੁਧ ਫੌਰੀ ਸਖ਼ਤ ਕਦਮ ਚੁਕਣ ਦੀ ਸਲਾਹ ਦਿਤੀ ਹੈ। ਉਧਰ ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਾਮਵਰ ਵਕੀਲ ਐਚ.ਸੀ.ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਡਿਮਾਂਡ ਨੋਟਿਸ ਭੇਜਦੇ ਹੋਏ ਇਸ ਸਮੁੱਚੇ ਘਟਨਾਕ੍ਰਮ ਦੀ ਜਾਂਚ ਹਾਈ ਕੋਰਟ ਦੀ ਨਿਗਰਾਨੀ ਹੇਠ ਕਰਵਾਏ ਜਾਣ ਦੀ ਮੰਗ ਕੀਤੀ ਹੈ। ਈਮੇਲ ਰਾਹੀਂ ਭੇਜੇ ਗਏ ਇਸ ਮੰਗ ਨੋਟਿਸ ਵਿਚ ਕਿਹਾ ਗਿਆ ਹੈ ਕਿ ਉਹ ਇਹ ਮਾਮਲਾ ਜਨਹਿਤ ਪਟੀਸ਼ਨ ਰਾਹੀਂ ਹਾਈ ਕੋਰਟ ਵਿਚ ਚੁਕਣ ਲਈ ਮਜਬੂਰ ਹੋਣਗੇ।

 

ਮੰਗ ਕੀਤੀ ਗਈ ਹੈ ਕਿ ਮੁੱਖ ਮੰਤਰੀ ਖ਼ੁਦ ਇਸ ਮਾਮਲੇ ਦੀ ਜਾਂਚ ਲਈ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਗਠਨ ਕਰਨ ਦੀ ਅਪੀਲ ਕਰਨ। ਉਧਰ ਦੂਜੇ ਪਾਸੇ ਇਸ ਮਾਮਲੇ ਵਿਚ ਹੁਣ ਤਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ 100 ਤੋਂ ਵਧ ਥਾਂਵਾਂ 'ਤੇ ਛਾਪੇਮਾਰੀ ਕਰ ਕੇ ਡੇਢ ਦਰਜਨ ਦੇ ਕਰੀਬ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ ਹੀ ਰਾਜਪੁਰਾ ਤੇ ਸ਼ੰਭੂ ਬਾਰਡਰ ਨੇੜੇ ਕਈ ਹੋਰ ਥਾਂਵਾਂ 'ਤੇ ਵੀ ਛਾਪੇਮਾਰੀ ਕੀਤੀ ਗਈ।