ਨਵਜੋਤ ਸਿੱਧੂ ਗੁਰਦਵਾਰਾ ਸਾਹਿਬ ਦੀ ਮਰਿਆਦਾ ਦਾ ਖ਼ਿਆਲ ਰੱਖਣ : ਬੀਬੀ ਜਗੀਰ ਕੌਰ
ਨਵਜੋਤ ਸਿੱਧੂ ਗੁਰਦਵਾਰਾ ਸਾਹਿਬ ਦੀ ਮਰਿਆਦਾ ਦਾ ਖ਼ਿਆਲ ਰੱਖਣ : ਬੀਬੀ ਜਗੀਰ ਕੌਰ
ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਅੰਦਰ ਪਤਿਤ ਵਿਅਕਤੀ ਤੋਂ ਸਿਰੋਪਾਉ
ਅੰਮ੍ਰਿਤਸਰ, 2 ਅਗੱਸਤ (ਸੁਖਵਿੰਦਰਜੀਤ ਸਿੰਘ ਬਹੋੜੂ): ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਕਿਸੇ ਪਤਿਤ ਵਿਅਕਤੀ ਵਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਦਿਤੇ ਗਏ ਸਿਰੋਪਾਉ ’ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਸਿੱਖ ਮਰਿਆਦਾ ਦੀ ਉਲੰਘਣਾ ਹੈ ਅਤੇ ਨਵਜੋਤ ਸਿੰਘ ਸਿੱਧੂ ਨੂੰ ਗੁਰੂ ਘਰਾਂ ਅੰਦਰ ਨਤਮਸਤਕ ਹੋਣ ਸਮੇਂ ਗੁਰਦੁਆਰਾ ਸਾਹਿਬ ਦੀ ਮਰਿਆਦਾ ਦਾ ਖ਼ਿਆਲ ਰਖਣਾ ਚਾਹੀਦਾ ਹੈ।
ਬੀਤੇ ਦਿਨੀਂ ਦਸਮ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਵਜੋਤ ਸਿੰਘ ਸਿੱਧੂ ਨੂੰ ਉਸ ਦੀ ਪਾਰਟੀ ਦੇ ਪਤਿਤ ਲੋਕਾਂ ਨੇ ਗੁਰਦੁਆਰਾ ਸਾਹਿਬ ’ਚ ਸਿਰੋਪਾਉ ਦੇ ਕੇ ਮਰਿਆਦਾ ਦਾ ਉਲੰਘਣ ਕੀਤਾ ਹੈ। ਸਿੱਧੂ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ’ਤੇ ਪੁਲਿਸ ਪ੍ਰਸ਼ਾਸਨ ਵਲੋਂ ਸੰਗਤ ਨੂੰ ਰੋਕਿਆ ਗਿਆ ਜਿਸ ਨਾਲ ਉਨ੍ਹਾਂ ਦੇ ਮਨਾਂ ਅੰਦਰ ਭਾਰੀ ਰੋਸ ਹੈ। ਉਨ੍ਹਾਂ ਆਖਿਆ ਕਿ ਨਵਜੋਤ ਸਿੰਘ ਸਿੱਧੂ ਵਾਰ-ਵਾਰ ਗੁਰਦੁਆਰਾ ਸਾਹਿਬਾਨ ਦੀ ਮਾਣ-ਮਰਿਆਦਾ ਨੂੰ ਠੇਸ ਪਹੁੰਚਾ ਰਿਹਾ ਹੈ। ਨਵਜੋਤ ਸਿੰਘ ਸਿੱਧੂ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਸਮੇਂ ਵੀ ਸ਼ਕਤੀ ਪ੍ਰਦਰਸ਼ਨ ਵਰਗਾ ਵਿਹਾਰ ਕੀਤਾ ਗਿਆ ਸੀ। ਸਿੱਧੂ ਗੁਰਦੁਆਰਾ ਸਾਹਿਬ ਅੰਦਰ ਪ੍ਰਧਾਨ ਦੀ ਹੈਸੀਅਤ ਨਾਲੋਂ ਇਕ ਸ਼ਰਧਾਲੂ ਦੀ ਤਰ੍ਹਾਂ ਪੁੱਜਣ ਅਤੇ ਅਪਣੇ ਸਾਥੀਆਂ ਨੂੰ ਮਨਮੱਤੀ ਕਾਰਵਾਈਆਂ ਕਰਨ ਤੋਂ ਰੋਕਣ। ਸਿੱਧੂ ਨੂੰ ਪ੍ਰਧਾਨਗੀ ਦੇ ਨਸ਼ੇ ਵਿਚ ਗੁਰ-ਅਸਥਾਨਾਂ ਦੀ ਮਰਿਆਦਾ ਦਾ ਉਲੰਘਣ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।