ਕੈਪਟਨ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ, ਕੌਮੀ ਤੇ ਸੂਬਾਈ ਸੁਰੱਖਿਆ ਦੇ ਮੁੱਦੇ ਵਿਚਾਰੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿੱਖ ਕੁੜੀ ਦੇ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਕੇਂਦਰ ਸਰਕਾਰ ਨੂੰ ਪਾਕਿਸਤਾਨ ਕੋਲ ਜ਼ੋਰਦਾਰ ਢੰਗ ਉਠਾਉਣ ਦੀ ਕੀਤੀ ਮੰਗ

Captain Amarinder Singh meets Amit Shah

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਕੌਮੀ ਤੇ ਸੂਬਾਈ ਸੁਰੱਖਿਆ ਦੇ ਮਾਮਲਿਆਂ ਬਾਰੇ ਵਿਚਾਰ-ਚਰਚਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਗ੍ਰਹਿ ਮੰਤਰੀ ਕੋਲ ਇਹ ਵੀ ਅਪੀਲ ਕੀਤੀ ਕਿ ਪਾਕਿਸਤਾਨ ਵਿਚ ਸਿੱਖ ਕੁੜੀ ਦੇ ਜਬਰੀ ਧਰਮ ਪਰਿਵਰਤਨ ਦਾ ਮਾਮਲਾ ਕੇਂਦਰ ਸਰਕਾਰ ਉਥੋਂ ਦੀ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਏ।

ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਸਿੱਖ ਕੁੜੀ ਦਾ ਮਾਮਲਾ ਪਾਕਿਸਤਾਨੀ ਅਧਿਕਾਰੀਆਂ ਨਾਲ ਉਚ ਪੱਧਰ ’ਤੇ ਉਠਾਉਣਾ ਚਾਹੀਦਾ ਹੈ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਜਨਤਕ ਤੌਰ 'ਤੇ ਬਿਆਨ ਜਾਰੀ ਕਰ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਨੂੰ ਇਸ ਮਾਮਲੇ ਵਿਚ ਨਿੱਜੀ ਦਖਲ ਦੇ ਕੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਦਾ ਮੁੱਦਾ ਉਠਾਉਣ ਦੀ ਮੰਗ ਕਰ ਚੁੱਕੇ ਹਨ।

ਪਾਕਿਸਤਾਨ ਵਿਚ ਵਾਪਰਦੀਆਂ ਅਜਿਹੀਆਂ ਘਟਨਾਵਾਂ ਬਾਰੇ ਮੀਡੀਆ ਕਰਮੀਆਂ ਵੱਲੋਂ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਨਨਕਾਣਾ ਸਾਹਿਬ ਸ਼ਹਿਰ ਵਿਚ ਗ੍ਰੰਥੀ ਸਿੰਘ ਦੀ ਬੇਟੀ ਨੂੰ ਅਗ਼ਵਾ ਕਰ ਕੇ ਜ਼ਬਰੀ ਇਸਲਾਮ ਬਣਾਉਣ ਦੀ ਇਸ ਘਟਨਾ ਤੋਂ ਇਲਾਵਾ ਹੋਰ ਕੋਈ ਅਜਿਹਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਨਹੀਂ ਆਇਆ।

ਸਤਲੁਜ ਯਮਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਕੇਸ ਵਿਚ ਸੁਪਰੀਮ ਕੋਰਟ ਵਲੋਂ ਪੰਜਾਬ, ਹਰਿਆਣਾ ਤੇ ਕੇਂਦਰ ਸਰਕਾਰ ਨੂੰ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਲਈ ਦਿੱਤੇ ਚਾਰ ਮਹੀਨੇ ਦੇ ਸਮੇਂ ਬਾਰੇ ਪੁੱਛੇ ਜਾਣ 'ਤੇ ਬੋਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਪਰੀਮ ਕੋਰਟ ਵਲੋਂ ਪਹਿਲਾ ਹੀ ਦੋਵਾਂ ਸੂਬਿਆਂ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਗੱਲਬਾਤ ਰਾਹੀਂ ਸੁਖਾਵਾਂ ਹੱਲ ਕੱਢਣ ਲਈ ਆਪਣੇ ਅਧਿਕਾਰੀ ਨਾਮਜ਼ਦ ਕਰਨ ਨੂੰ ਕਿਹਾ ਗਿਆ ਸੀ। ਉਨਾਂ ਕਿਹਾ ਕਿ ਇਸ ਮਾਮਲੇ ਦੇ ਵਧੀਆ ਸੰਭਵ ਹੱਲ ਲਈ ਪੰਜਾਬ ਦੇ ਮੁੱਖ ਸਕੱਤਰ ਪਹਿਲਾਂ ਹੀ ਹਰਿਆਣਾ ਦੇ ਮੁੱਖ ਸਕੱਤਰ ਨਾਲ ਰਾਬਤਾ ਕਾਇਮ ਰੱਖ ਰਹੇ ਹਨ।

ਕਰਤਾਰਪੁਰ ਲਾਂਘੇ ਬਾਰੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਲਾਂਘੇ ਦੇ ਚੱਲ ਰਹੇ ਕੰਮ ਉਤੇ ਤਸੱਲੀ ਹੈ ਜਿਹੜਾ ਆਪਣੇ ਤੈਅ ਸਮੇਂ ’ਤੇ ਖੁੱਲ ਜਾਵੇਗਾ। ਉਨਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਦੋਵੇਂ ਮੁਲਕਾਂ ਦੇ ਅਧਿਕਾਰੀਆਂ ਵਿਚਾਲੇ ਮੁਲਾਕਾਤ ਵੀ ਹੋਣ ਜਾ ਰਹੀ ਹੈ।