ਵਿਸ਼ੇਸ਼ ਇਜਲਾਸ ਦੌਰਾਨ ਬੋਲੇ ਕੈਪਟਨ ਅਮਰਿੰਦਰ, 'ਸਾਨੂੰ ਗੁਰੂ ਜੀ ਦੇ ਦਿਖਾਏ ਰਸਤੇ 'ਤੇ ਚੱਲਣ ਦੀ ਲੋੜ'

ਏਜੰਸੀ

ਖ਼ਬਰਾਂ, ਪੰਜਾਬ

ਜੇ ਅਸੀਂ ਗੁਰੂ ਸਾਹਿਬ ਜੀ ਦੇ ਹੁਕਮ ਅਤੇ ਸੰਦੇਸ਼ 'ਤੇ ਚੱਲੀਏ ਤਾਂ ਵੱਖਰੀ ਹੀ ਦੁਨੀਆਂ ਦੇਖਣ ਨੂੰ ਮਿਲੇਗੀ

Captain Amarinder Singh

ਚੰਡੀਗੜ੍ਹ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਜੇਕਰ ਅਸੀਂ ਗੁਰੂ ਸਾਹਿਬ ਦੇ ਹੁਕਮ ਅਤੇ ਸੰਦੇਸ਼ 'ਤੇ ਚੱਲੀਏ ਤਾਂ ਵੱਖਰੀ ਹੀ ਦੁਨੀਆ ਦੇਖਣ ਨੂੰ ਮਿਲੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਗੁਰੂ ਜੀ ਦੇ ਦਿਖਾਏ ਰਸਤੇ ਅਤੇ ਵਿਚਾਰਧਾਰਾ ਅਨੁਸਾਰ ਚੱਲਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜੀਵਨ ਸ਼ਹਾਦਤ, ਏਕਤਾ ਤੇ ਹਰ ਧਰਮ ਦੀ ਰਾਖੀ ਕਰਨ ਦਾ ਪ੍ਰਤੀਕ ਹੈ। ਗੁਰੂ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਇਸ ਵਿਸ਼ੇਸ਼ ਸੈਸ਼ਨ ਦਾ ਹਿੱਸਾ ਬਣ ਕੇ ਉਹ ਅਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਮਹਿਸੂਸ ਕਰ ਰਹੇ ਹਨ। ਮੁੱਖ ਮੰਤਰੀ ਨੇ ਗੁਰੂ ਸਾਹਿਬ ਅਤੇ ਮਨੁੱਖਤਾ ਲਈ ਉਨ੍ਹਾਂ ਦੇ ਸ਼ਕਤੀਸ਼ਾਲੀ ਸੁਨੇਹੇ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਦਨ ਦੀ ਅਗਵਾਈ ਕਰਨ ਦਾ ਮਾਣ ਪ੍ਰਾਪਤ ਹੋਣ 'ਤੇ ਵਾਹਿਗੁਰੂ ਜੀ ਦਾ ਧੰਨਵਾਦ ਵੀ ਕੀਤਾ।

ਦੱਸ ਦਈਏ ਕਿ ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਇਜਲਾਸ 'ਚ ਸ਼ਾਮਲ ਹੋਣ ਤੋਂ ਪਹਿਲਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਤੋਂ ਪਹਿਲਾਂ ਸਾਬਕਾ ਚੀਫ਼ ਜਸਟਿਸ ਜੇ. ਐੱਸ. ਖਹਿਰਾ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਲੈ ਕੇ ਸੰਬੋਧਨ ਕੀਤਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਲਈ ਕੁਰਬਾਨੀ ਦਿੱਤੀ ਹੈ।