ਕੁਲਤਾਰ ਸਿੰਘ ਸੰਧਵਾਂ ਵੱਲੋਂ ਕੈਨੇਡਾ ’ਚ ਵੱਸਦੇ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ’ਚ ਯੋਗਦਾਨ ਪਾਉਣ ਦੀ ਅਪੀਲ

ਏਜੰਸੀ

ਖ਼ਬਰਾਂ, ਪੰਜਾਬ

ਵੈਨਕੂਵਰ ਵਿਖੇ ਪੰਜਾਬੀ ਭਾਈਚਾਰੇ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ

Kultar Singh Sandhwan appeals to the NRIs to contribute for the development of Punjab

ਚੰਡੀਗੜ੍ਹ -  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੈਨੇਡਾ ਵਿਚ ਵੱਸਦੇ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ। ਕੈਨੇਡਾ ਦੇ ਦੌਰੇ ਦੌਰਾਨ ਵੈਨਕੂਵਰ ਵਿਖੇ ਪੰਜਾਬੀ ਭਾਈਚਾਰੇ ਨੂੰ ਸੰਬੋਧਿਤ ਕਰਦੇ ਹੋਏ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਪੰਜਾਬੀ ਦੁਨੀਆਂ ਭਰ ਵਿਚ ਜਿੱਥੇ ਵੀ ਗਏ ਹਨ, ਓਥੇ ਉਨਾਂ ਨੇ ਆਪਣੇ ਸੁਭਾਅ ਅਤੇ ਸਖ਼ਤ ਮਿਹਨਤ ਨਾਲ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਪੰਜਾਬੀਆਂ ਦੀ ਇਹ ਵਿਸ਼ੇਸ਼ਤਾ ਹੀ ਉਨਾਂ ਨੂੰ ਬਾਕੀਆਂ ਨਾਲੋਂ ਵੱਖਰਾ ਮੁਕਾਮ ਦਿਵਾਉਂਦੀ ਹੈ। ਉਨਾਂ ਕਿਹਾ ਕਿ ਪੰਜਾਬੀਆਂ ਨੇ ਕੈਨੇਡਾ ਦੇ ਵਿਕਾਸ ਵਿਚ ਵੀ ਵੱਡਾ ਯੋਗਦਾਨ ਪਾਇਆ ਹੈ ਅਤੇ ਆਪਣੇ ਵਿਸ਼ਾਲ ਕਾਰੋਬਾਰ ਖੜੇ ਕੀਤੇ ਹਨ। ਸੰਧਵਾਂ ਨੇ ਕਿਹਾ ਕਿ ਹੁਣ ਉਨਾਂ ਦੀ ਆਪਣੀ ਮਾਤ ਭੂਮੀ ਦੇ ਵਿਕਾਸ ਲਈ ਵੀ ਇਸ ਤਰ੍ਹਾਂ ਦੀ ਭੂਮਿਕਾ ਨਿਭਾਏ ਜਾਣ ਦੀ ਜ਼ਿੰਮੇਂਵਾਰੀ ਬਣਦੀ ਹੈ।

ਆਪਣੇ ਸੰਬੋਧਨ ਦੌਰਾਨ ਸੰਧਵਾਂ ਨੇ ਕੈਨੇਡਾ ’ਚ ਵਸਦੇ ਪੰਜਾਬੀਆਂ ਨੂੰ ਪੰਜਾਬ ਵਿਚ ਵੀ ਆਪਣੀਆਂ ਵਿਕਾਸਮਈ ਪਹਿਲਕਦਮੀਆਂ ਸ਼ੁਰੂ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਪੰਜਾਬੀ ਭਾਵੇਂ ਆਪਣੀ ਮਾਤ ਭੂਮੀ ਤੋਂ ਹਜ਼ਾਰਾਂ ਮੀਲ ਦੂਰ ਵੱਸਦੇ ਹਨ ਪਰ ਉਨਾਂ ਦੀ ਰੂਹ ਪੰਜਾਬ ਵਿਚ ਹੀ ਵੱਸਦੀ ਹੈ। ਸੰਧਵਾਂ ਨੇ ਕਿਹਾ ਕਿ ਹਰੇਕ ਪੰਜਾਬੀ ਨੂੰ ਉਨਾਂ ਦੀ ਸਫ਼ਲਤਾ ਉਤੇ ਮਾਣ ਹੈ। ਉਨਾਂ ਉਮੀਦ ਪ੍ਰਗਟ ਕੀਤੀ ਕਿ ਉਹ ਦੇਸ਼ ਵਿੱਚ ਵੱਸਦੇ ਆਪਣੇ ਲੋਕਾਂ ਦੇ ਵਿਕਾਸ ਲਈ ਵੀ ਕਦਮ ਚੁੱਕਣਗੇ। ਉਨਾਂ ਨੇ ਪੰਜਾਬ ਵਿੱਚ ਆਪਣੇ ਉਦਮ ਸ਼ੁਰੂ ਕਰਨ ਵਾਲਿਆਂ ਨੂੰ ਹਰ ਮਦਦ ਦੇਣ ਦਾ ਭਰੋੋਸਾ ਦਿਵਾਇਆ। ਇਸ ਦੌਰਾਨ ਪੰਜਾਬੀ ਭਾਈਚਾਰੇ ਨੇ ਸੰਧਵਾਂ ਦਾ ਵੱਖ ਵੱਖ ਥਾਵਾਂ ’ਤੇ ਭਰਪੂਰ ਸਵਾਗਤ ਕੀਤਾ।